ਲਗਾਤਾਰ ਹੋ ਰਹੀ ਬਾਰਸ਼ ਨੇ ਨੁਕਸਾਨ ਦਾ ਖ਼ਦਸ਼ਾ ਵਧਾਇਆ
ਸਤਲੁੱਜ ਕ੍ਰੀਕ ਦੇ ਨਾਲ ਲੱਗਦੇ ਦਰਿਆ ਨਹੀਂ ਘੱਟ ਰਿਹਾ ਪਾਣੀ
Publish Date: Mon, 01 Sep 2025 06:34 PM (IST)
Updated Date: Mon, 01 Sep 2025 06:34 PM (IST)

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਉੱਤਰੀ ਭਾਰਤ ਅੰਦਰ ਮਾਨਸੂਨ ਤਬਾਹੀ ਮਚਾ ਰਿਹਾ ਹੈ। ਪੰਜਾਬ ਤੇ ਹਿਮਾਚਲ ਪ੍ਰਦੇਸ਼ ’ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸਥਿਤੀ ਵਿਗੜਦੀ ਜਾ ਰਹੀ ਹੈ। ਪਿਛਲੇ ਕਈ ਦਿਨ ਤੋਂ ਪੈ ਰਹੀ ਬਰਸਾਤ ਕਾਰਨ ਫਾਜ਼ਿਲਕਾ ਦੇ ਸਰਹੱਦੀ ਇਲਾਕੇ ਵਿੱਚ ਹੜ੍ਹ ਆ ਗਿਆ ਹੈ।ਹੁਣ ਤੱਕ ਜ਼ਿਲ੍ਹੇ ਵਿੱਚ ਹੜ੍ਹ ਨਾਲ ਲਗਭਗ 13 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ,ਜਿਨ੍ਹਾਂ ਵਿੱਚੋਂ ਦੋ ਹਜ਼ਾਰ ਲੋਕਾਂ ਨੂੰ ਬਚਾਇਆ ਗਿਆ ਹੈ। ਪਿਛਲੇ ਲਗਭਗ 15 ਦਿਨਾਂ ਤੋਂ ਹੜ੍ਹ ਨੇ ਸਰਹੱਦੀ ਪਿੰਡਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਭਾਵੇਂ, 19000 ਕਿਊਸਿਕ ਪਾਣੀ ਘਟਾਇਆ ਗਿਆ ਹੈ, ਪਰ ਇਸ ਦੇ ਬਾਵਜੂਦ, ਸਤਲੁਜ ਦੇ ਵਧਦੇ ਪਾਣੀ ਦੇ ਪੱਧਰ ਅਤੇ ਅਸਮਾਨ ਤੋਂ ਹੋ ਰਹੀ ਬਾਰਿਸ਼ ਕਾਰਨ, ਕਈ ਥਾਵਾਂ ਤੇ ਪਾਣੀ ਘਰਾਂ ਤੱਕ ਪਹੁੰਚ ਗਿਆ ਹੈ। ਦੂਜੇ ਪਾਸੇ, ਬੀਤੀ ਰਾਤ ਤੋਂ ਹੋ ਰਹੀ ਬਾਰਿਸ਼ ਕਾਰਨ ਫਾਜ਼ਿਲਕਾ ਸ਼ਹਿਰ ਦੀਆਂ ਸੜਕਾਂ ਪਾਣੀ ਵਿੱਚ ਡੁੱਬੀਆਂ ਹੋਈਆਂ ਹਨ, ਜਦੋਂ ਕਿ ਸਰਹੱਦੀ ਪਿੰਡਾਂ ਵਿੱਚ ਬਾਰਿਸ਼ ਕਾਰਨ ਸਥਿਤੀ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਾਣੀ ਵਧਣ ਅਤੇ ਲਗਾਤਾਰ ਬਾਰਿਸ਼ ਕਾਰਨ ਘਰਾਂ ਨੂੰ ਨੁਕਸਾਨ ਹੋਣ ਦਾ ਖ਼ਤਰਾ ਵਧ ਗਿਆ ਹੈ। ਸੁਰੱਖਿਅਤ ਥਾਂ ’ਤੇ ਪਹੁੰਚਾਏ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਢਾਣੀ ਸੁਹਾਵਾ ਸਿੰਘ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਵਿੱਤਰ ਸਰੂਪ ਰੱਖੇ ਹੋਏ ਸਨ। ਜਿਨ੍ਹਾਂ ਨੂੰ ਹੁਣ ਕਲਗੀਧਰ ਟਰੱਸਟ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਦੀ ਟੀਮ ਵੱਲੋਂ ਚਲਾਈ ਗਈ ਕਿਸ਼ਤੀ ਰਾਹੀਂ ਸੁਰੱਖਿਅਤ ਥਾਵਾਂ ਤੇ ਲਿਜਾਇਆ ਗਿਆ ਹੈ। ਹੜ੍ਹ ਪ੍ਰਭਾਵਿਤ ਇਲਾਕੇ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਵਿੱਤਰ ਸਰੂਪ ਨੂੰ ਸੰਸਥਾ ਦੇ ਸੇਵਾਦਾਰਾਂ ਵੱਲੋਂ ਸ਼ਬਦ ਕੀਰਤਨ ਕਰਦੇ ਹੋਏ ਕਿਸ਼ਤੀ ਰਾਹੀਂ ਸੁਰੱਖਿਅਤ ਥਾਵਾਂ ਤੇ ਲਿਆਂਦਾ ਗਿਆ। ਜਾਣਕਾਰੀ ਦਿੰਦੇ ਹੋਏ ਸੇਵਾਦਾਰ ਸੁਖਜਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਫਾਜ਼ਿਲਕਾ ਵਿੱਚ ਸਤਲੁਜ ਦਰਿਆ ਦੇ ਦੂਜੇ ਪਾਸੇ ਢਾਣੀ ਸੁਹਾਵਾ ਸਿੰਘ ਹੈ। ਜਿੱਥੇ ਪਾਣੀ ਨੇ ਢਾਣੀ ਨੂੰ ਚਾਰੇ ਪਾਸਿਓਂ ਘੇਰ ਲਿਆ ਹੈ ਅਤੇ ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਵਿੱਤਰ ਸਰੂਪ ਹਨ।ਇਸ ਤੋਂ ਬਾਅਦ ਸ੍ਰੀ ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਚਲਾਈ ਗਈ ਕਿਸ਼ਤੀ ਜ਼ਰੀਏ ਸੇਵਾਦਾਰ ਢਾਣੀ ਪਹੁੰਚੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਵਿੱਤਰ ਸਰੂਪ ਨੂੰ ਅੰਦਰੋਂ ਬਾਹਰ ਲਿਆ ਕੇ ਸ਼ਬਦ ਕੀਰਤਨ ਕਰਦੇ ਹੋਏ ਕਿਸ਼ਤੀ ਰਾਹੀਂ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ ਗਿਆ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰ ਤੋਂ ਲਿਆਂਦੇ ਗਏ ਇਨ੍ਹਾਂ ਪਵਿੱਤਰ ਸਰੂਪ ਨੂੰ ਫਾਜ਼ਿਲਕਾ ਦੇ ਗੋਸ਼ਾਲਾ ਰੋਡ ਤੇ ਸਥਿਤ ਸ੍ਰੀ ਗੁਰੂਦੁਆਰਾ ਸਿੰਘ ਸਭਾ ਵਿੱਚ ਸੁਸ਼ੋਭਿਤ ਕੀਤਾ ਗਿਆ ਹੈ। ਫੌਜ ਵੱਲੋਂ ਦਿਨ-ਰਾਤ ਕੀਤੀ ਜਾ ਰਹੀ ਹੜ੍ਹ ਪੀੜਤਾਂ ਦੀ ਮਦਦ ਭਾਰਤੀ ਫੌਜ ਦੇ ਜਵਾਨਾਂ ਨੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ। ਫੌਜ ਦੀ 67 ਇਨਫੈਂਟਰੀ ਬ੍ਰਿਗੇਡ ਵੱਲੋਂ ਜੀਓਸੀ ਸੁਸ਼ੀਲ ਚੰਦਵਾਨੀ ਦੀ ਅਗਵਾਈ ਹੇਠ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹਾਂ ਦੀ ਰੋਕਥਾਮ ਲਈ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ।ਪ੍ਰਭਾਵਿਤ ਇਲਾਕਿਆਂ ਵਿੱਚ ਵੱਡੇ ਪੱਧਰ ਤੇ ਰਾਹਤ ਕਾਰਜ ਕੀਤੇ ਜਾ ਰਹੇ ਹਨ।