ਪੱਕੇ ਰੁਜਗਾਰ ਦੀ ਮੰਗ ਨੂੰ ਲੈਕੇ 3 ਰੋਜ਼ਾ ਦਿਨ-ਰਾਤ ਦਾ ਧਰਨਾ ਜਾਰੀ
ਪੱਕੇ ਰੁਜਗਾਰ ਦੀ ਮੰਗ ਲਈ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ/ ਆਊਟਸੋਰਸ ਮੁਲਾਜਮਾਂ ਦਾ 3 ਰੋਜਾ ਦਿਨ-ਰਾਤ ਦਾ ਧਰਨਾ ਜਾਰੀ
Publish Date: Wed, 03 Dec 2025 05:36 PM (IST)
Updated Date: Wed, 03 Dec 2025 05:38 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ’ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਕੰਮ ਕਰਦੇ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਸਬੰਧਤ ਵਿਭਾਗਾਂ ਵਿੱਚ ਮਰਜ ਕਰਕੇ ਰੈਗੂਲਰ ਕਰਨ ਸਮੇਤ ਹੋਰ ਹੱਕੀ ਅਤੇ ਜਾਇਜ ਮੰਗਾਂ ਨੂੰ ਲੈ ਕੇ 3 ਰੋਜਾ ਦਿਨ-ਰਾਤ ਦੇ ਉਲੀਕੇ ਸੰਘਰਸ਼ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਬ੍ਰਾਂਚ ਜਲਾਲਾਬਾਦ ਵੱਲੋਂ ਜਲ ਸਪਲਾਈ ਦੇ ਉਪ ਮੰਡਲ ਦਫਤਰ ਗੁੰਮਾਨੀਵਾਲਾ (ਜਲਾਲਾਬਾਦ) ਵਿਖੇ ਅੱਜ ਦੂਜੇ ਦਿਨ ਵਿੱਚ ਦਾਖਲ ਹੋ ਗਿਆ ਹੈ। ਇਥੇ ਦੱਸ ਦੇਈਏ ਕਿ 2 ਦਸੰਬਰ ਤੋਂ ਲਗਾਤਾਰ ਦਿਨ-ਰਾਤ ਇਹ ਧਰਨਾ ਚੱਲ ਰਿਹਾ ਹੈ ਅਤੇ ਕਹਿਰ ਦੀ ਠੰਡ ਵਿੱਚ ਵੀ ਰਾਤ ਭਰ ਵਰਕਰ ਸਾਥੀ ਇਸ ਧਰਨੇ ਵਿੱਚ ਬੈਠੇ ਹੋਏ ਹਨ। ਅੱਜ ਦੇ ਧਰਨੇ ਦੀ ਅਗੁਵਾਈ ਸਰਕਲ ਸਕੱਤਰ ਜਸਵਿੰਦਰ ਸਿੰਘ ਚੱਕ ਜਾਨੀਸਰ, ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਆਲਮਕੇ, ਜਿਲਾ ਜਨਰਲ ਸਕੱਤਰ ਬਲਵਿੰਦਰ ਸਿੰਘ ਅਤੇ ਸੁਖਚੈਨ ਸਿੰਘ ਸੋਢੀ ਵੱਲੋਂ ਕੀਤੀ ਗਈ, ਜਦੋਕਿ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ ਅਤੇ ਸਰਕਲ ਸਕੱਤਰ ਜਸਵਿੰਦਰ ਸਿੰਘ ਚੱਕ ਜਾਨੀਸਰ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ’ਤੇ ਫੀਲਡ ਅਤੇ ਦਫਤਰਾਂ ਵਿਚ ਵੱਖ-ਵੱਖ ਪੋਸਟਾਂ ’ਤੇ ਰੈਗੂਲਰ ਮੁਲਾਜਮਾਂ ਵਾਂਗ ਪਿਛਲੇ 20 ਸਾਲਾਂ ਦੇ ਵੱਧ ਸਮੇਂ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰ ਆਪਣੀਆਂ ਸੇਵਾਵਾਂ ਲਗਾਤਾਰ ਨਿਭਾਅ ਰਹੇ ਹਨ। ਵਰਤਮਾਨ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੋਣਾਂ ਦੌਰਾਨ ਵਾਅਦਾ ਕੀਤਾ ਗਿਆ ਸੀ ਕਿ ਸਾਡੀ ਸਰਕਾਰ ਬਣਨ ਤੇ ਹਰੇਕ ਤਰ੍ਹਾਂ ਦੇ ਠੇਕਾ ਮੁਲਾਜਮਾਂ ਨੂੰ ਪਹਿਲ ਦੇ ਅਧਾਰ ਤੇ ਰੈਗੂਲਰ ਕੀਤਾ ਜਾਵੇਗਾ, ਲੇਕਿਨ ਪਹਿਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਵਾਂਗ ਹੀ 4 ਸਾਲ ਬੀਤ ਜਾਣ ਦੇ ਬਾਅਦ ਵੀ ਵਰਤਮਾਨ ਪੰਜਾਬ ਸਰਕਾਰ ਨੇ ਠੇਕਾ ਮੁਲਾਜਮਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਨਹੀਂ ਕੀਤਾ ਹੈ ਅਤੇ ਉਲਟਾ ਠੇਕਾ ਮੁਲਾਜਮਾਂ,ਕਿਸਾਨਾਂ, ਮਜਦੂਰਾਂ ਸਮੇਤ ਹਰੇਕ ਵਰਗ ਦੇ ਵਿਰੋਧ ਵਿੱਚ ਫੈਸਲੇ ਲਏ ਜਾ ਰਹੇ ਹਨ। ਪਬਲਿਕ ਅਦਾਰਿਆਂ ਦਾ ਨਿੱਜੀਕਰਣ ਅਤੇ ਪੰਚਾਇਤੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਯੂਨੀਅਨ ਪੰਜਾਬ ਸਰਕਾਰ ਪਾਸੋ ਮੰਗ ਕਰਦੀ ਹੈ ਕਿ ਇੰਨਲਿਸਟਮੈਟ, ਆਉਟਸੋਰਸ ਵਰਕਰਾਂ ਨੂੰ ਵਿਭਾਗ ਵਿੱਚ ਸਿੱਧੇ ਕੰਟਰੈਕਟ ਤੇ ਲੈਣ ਦੀ ਪ੍ਰਪੋਜਲ ਭੇਜੀ ਜਾਵੇ ਅਤੇ ਬੇਲੋੜੀਆਂ ਸ਼ਰਤਾਂ ਨੂੰ ਰੱਦ ਕੀਤਾ ਜਾਵੇ। ਇਸ ਪਾਲਿਸ਼ੀ ’ਚ ਸੋਧ ਕੀਤੀ ਜਾਵੇ ਅਤੇ ਇਨਲਿਸਟਮੈਂਟ/ਆਊਟਸੋਰਸ ਵਰਕਰਾਂ ਨੂੰ ਵਿਭਾਗ ’ਚ ਕੰਟਰੈਕਟ ਅਧੀਨ ਲੈ ਕੇ ਪੱਕਾ ਰੁਜਗਾਰ ਕਰਨ ਵਾਲੀ, ਈ.ਪੀ.ਐਫ. ਅਤੇ ਈ.ਐਸ.ਆਈ.ਸੀ. ਵਰਗੀਆਂ ਸਹੂਲਤਾਂ ਦਾ ਪ੍ਰਬੰਧ ਕਰਨ ਵਾਲੀ ਪ੍ਰਪੋਜਲ ਸਰਕਾਰ ਕੋਲ ਭੇਜੀ ਜਾਵੇ। ਅੱਜ ਦੇ ਧਰਨੇ ਵਿੱਚ ਪੀ.ਡਬਲਯੂ.ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਜਲਾਲਾਬਾਦ ਦੇ ਪ੍ਰਧਾਨ ਪਰਮਜੀਤ ਸਿੰਘ ਸੋਹਣਾ ਸਾਂਦੜ ਅਤੇ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਹਮਾਇਤ ਵਿੱਚ ਸ਼ਾਮਿਲ ਹੋਏ ਅਤੇ ਪੰਜਾਬ ਸਰਕਾਰ ਅਤੇ ਮਨੈਜਮੇਂਟ ਤੋਂ ਮੰਗ ਕੀਤੀ ਕਿ ਜਲ ਸਪਲਾਈ ਵਿਭਾਗ ’ਚ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜਮਾਂ ਨੂੰ ਵਿਭਾਗ ਵਿੱਚ ਪੱਕਾ ਕੀਤਾ ਜਾਵੇ, ਵਾਟਰ ਸਪਲਾਈ ਸਕੀਮਾਂ ਦਾ ਪੰਚਾਇਤੀਕਰਣ ਕਰਨ ਦੀ ਨੀਤੀ ਰੱਦ ਕੀਤੀ ਜਾਵੇ। ਲੋਕਲ ਪੱਧਰ ਤੇ ਰਹੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਇਸ ਮੌਕੇ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਆਲਮਕੇ ਨੇ ਮੰਗ ਕੀਤੀ ਕਿ ਪੇਂਡੂ ਜਲ ਸਪਲਾਈ ਸਕੀਮਾਂ ਤੇ ਵਰਕਰਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਭਾਗ ਵੱਲੋਂ ਲੀਕੇਜ ਠੀਕ ਕਰਵਾਉਣ ਦੇ ਵਰਕਰਾਂ ਦੇ ਪੱਲਿਆ ਲੱਗੇ ਪੈਸੇ ਨਹੀਂ ਦਿੱਤੇ ਜਾ ਰਹੇ ਹਨ। ਉਨ੍ਹਾਂ ਰੈਵੀਨਿਊ ਇਕੱਠਾ ਕਰਨ ਲਈ ਮੋਟੀਵੇਟਰਾਂ ਦੀ ਡਿਊਟੀ ਲਗਾਉਣ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਵਾਟਰ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ ਕਿਸੇ ਵੀ ਕੀਮਤ ਤੇ ਨਹੀਂ ਹੋਣ ਦੇਣਗੇ, ਇਸਦਾ ਸਖਤ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਖਜਾਨਚੀ ਮਹਿੰਦਰ ਸਿੰਘ, ਬ੍ਰਾਂਚ ਸਕੱਤਰ ਕੁੰਦਨ ਸਿੰਘ ਨੇ ਵੀ ਸੰਬੋਧਨ ਕੀਤਾ।