ਫਾਜ਼ਿਲਕਾ ਦੀਆਂ ਮੰਡੀਆਂ ਵਿੱਚ ਕਣਕ ਦੇ ਅੰਬਾਰ, ਲਿਫਟਿੰਗ ਦੀ ਰਫ਼ਤਾਰ ਮੱਠੀ

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ
ਫਾਜ਼ਿਲਕਾ : ਜ਼ਿਲ੍ਹਾ ਫਾਜ਼ਿਲਕਾ ਦੀਆਂ ਅਨਾਜ ਮੰਡੀਆਂ ਵਿੱਚ ਇਨ੍ਹਾਂ ਦਿਨਾਂ ਕਣਕ ਦੇ ਅੰਬਾਰ ਲੱਗੇ ਹੋਏ ਹਨ, ਪਰ ਖਰੀਦ ਅਤੇ ਉਠਾਣ ਦੀ ਰਫ਼ਤਾਰ ਸੁਸਤ ਹੋਣ ਕਾਰਨ ਕਿਸਾਨਾਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀਆਂ ਵਿੱਚ ਆਈ ਵੱਡੀ ਮਾਤਰਾ ਵਿੱਚ ਫ਼ਸਲ ਦੇ ਕਾਰਨ ਥਾਂ ਦੀ ਘਾਟ ਵੀ ਮਹਿਸੂਸ ਕੀਤੀ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਈ-ਕਈ ਦਿਨਾਂ ਤੋਂ ਆਪਣੀ ਫ਼ਸਲ ਮੰਡੀਆਂ ਵਿੱਚ ਲਿਆ ਕੇ ਬੈਠੇ ਹਨ, ਪਰ ਸਰਕਾਰੀ ਏਜੰਸੀਆਂ ਵੱਲੋਂ ਖਰੀਦ ਦੀ ਪ੍ਰਕਿਰਿਆ ਧੀਮੀ ਚੱਲ ਰਹੀ ਹੈ। ਇਸ ਦੇ ਨਾਲ ਹੀ ਲਿਫਟਿੰਗ ਵਿੱਚ ਦੇਰੀ ਕਾਰਨ ਕਣਕ ਖੁੱਲ੍ਹੇ ਅਸਮਾਨ ਹੇਠ ਪਈ ਹੋਈ ਹੈ।ਮੰਡੀਆਂ ਵਿੱਚ ਟਰਾਂਸਪੋਰਟ ਦੇ ਅਭਾਵ ਨੂੰ ਵੀ ਖਰੀਦ ਪ੍ਰਕਿਰਿਆ ਦੇ ਸੁਸਤ ਹੋਣ ਦਾ ਕਾਰਨ ਦੱਸਿਆ ਜਾ ਰਿਹਾ ਹੈ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਖਰੀਦ ਅਤੇ ਉਠਾਣ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਹੋ ਰਹੀ ਪਰੇਸ਼ਾਨੀ ਤੋਂ ਰਾਹਤ ਮਿਲ ਸਕੇ।ਦੂਜੇ ਪਾਸੇ ਸੰਬੰਧਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਖਰੀਦ ਪ੍ਰਕਿਰਿਆ ਲਗਾਤਾਰ ਜਾਰੀ ਹੈ ਅਤੇ ਜਲਦ ਹੀ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਤੇਜ਼ ਕੀਤੀ ਜਾਵੇਗੀ।
2,66,102 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਜੋਰਾਂ ਸ਼ੋਰਾਂ ਤੇ ਚੱਲ ਰਿਹਾ ਹੈ ਤੇ ਮੰਡੀਆਂ ਵਿੱਚ ਆਉਣ ਵਾਲੀ ਫਸਲ ਦੀ ਸੰਭਾਲ ਅਤੇ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਜ਼ਿਲ੍ਹੇ ਵਿੱਚ ਕੁੱਲ 173 ਮੰਡੀਆਂ ਅਤੇ ਯਾਰਡ ਹਨ, ਜਿਨ੍ਹਾਂ ਵਿੱਚੋਂ 155 ਮੰਡੀਆਂ ਵਿੱਚ ਆਮਦ ਦਰਜ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 2,87,064 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿਚੋਂ 2,66,102 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਿਸ ਵਿੱਚੋਂ ਪਨਗ੍ਰੇਨ ਵਲੋਂ 80,560 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 75,656 ਮੀਟ੍ਰਿਕ ਟਨ, ਪਨਸਪ ਵਲੋਂ 69,701 ਮੀਟ੍ਰਿਕ ਟਨ ਤੇ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ 40,185 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਗਈ ਹੈ ਜੋ ਪ੍ਰਤੀਸ਼ਤ ਦੇ ਹਿਸਾਬ ਨਾਲ 93 ਫੀਸਦੀ ਬਣਦਾ ਹੈ। ਉਨ੍ਹਾਂ ਦੱਸਿਆ ਕਿ ਕੇਵਲ ਮਿਤੀ 21 ਅਪ੍ਰੈਲ 2026 ਨੂੰ ਹੀ 63,830 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਜਿਸ ਵਿੱਚੋਂ 63,081 ਮੀਟ੍ਰਿਕ ਟਨ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖਰੀਦੀ ਗਈ ਫਸਲ ਦਾ 434 ਕਰੋੜ ਦਾ ਭੁਗਤਾਨ ਕਿਸਾਨਾਂ ਦੇ ਖਾਤਿਆਂ ਵਿੱਚ ਕੀਤਾ ਜਾ ਚੁੱਕਾ ਹੈ
ਓਟੀਪੀ ਨਾ ਆਉਣ ਨਾਲ ਕਿਸਾਨ ਪਰੇਸ਼ਾਨ : ਗੋਲਡੀ
ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਟੈਕਨੀਕਲ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਸਚਦੇਵਾ ਗੋਲਡੀ ਨੇ ਦੱਸਿਆ ਕਿ ਕਿਸਾਨਾਂ ਦੇ ਮੋਬਾਈਲ ਫੋਨਾਂ ’ਤੇ ਸਮੇਂ ਸਿਰ ਓਟੀਪੀ ਨਾ ਆਉਣ ਕਾਰਨ ਕਾਫ਼ੀ ਦਿੱਕਤਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਓਟੀਪੀ ਵਿੱਚ ਹੋ ਰਹੀ ਦੇਰੀ ਕਾਰਨ ਸਰਕਾਰ ਵੱਲੋਂ ਕੀਤੀ ਜਾਣ ਵਾਲੀ ਭੁਗਤਾਨ ਪ੍ਰਕਿਰਿਆ ਵੀ ਪ੍ਰਭਾਵਿਤ ਹੋ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਆਪਣੀ ਰਕਮ ਪ੍ਰਾਪਤ ਕਰਨ ਵਿੱਚ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਚਦੇਵਾ ਨੇ ਦੱਸਿਆ ਕਿ ਇਸ ਸਬੰਧੀ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਮੀਦ ਹੈ ਕਿ ਜਲਦ ਹੀ ਇਸ ਟੈਕਨੀਕਲ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ।
ਖਾਤਿਆਂ ’ਚ ਨਹੀਂ ਆਈ ਪੇਮੈਂਟ, ਕਿਸਾਨ ਪਰੇਸ਼ਾਨ : ਸੰਦੀਪ ਕੰਬੋਜ
ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਦੌਰਾਨ ਇੱਕ ਨਵੀਂ ਸਮੱਸਿਆ ਸਾਹਮਣੇ ਆਈ ਹੈ, ਜਿਸ ਕਾਰਨ ਠੇਕੇ ’ਤੇ ਜ਼ਮੀਨ ਲੈ ਕੇ ਖੇਤੀ ਕਰਨ ਵਾਲੇ ਕਿਸਾਨ ਪਰੇਸ਼ਾਨ ਹਨ। ਜਾਣਕਾਰੀ ਮੁਤਾਬਕ ਸਰਕਾਰ ਵੱਲੋਂ ਕੀਤੀ ਜਾਣ ਵਾਲੀ ਭੁਗਤਾਨ ਰਕਮ ਸੰਬੰਧਤ ਜ਼ਮੀਨਦਾਰਾਂ ਦੇ ਖਾਤਿਆਂ ਵਿੱਚ ਨਹੀਂ ਪਹੁੰਚ ਰਹੀ, ਜਿਸ ਨਾਲ ਟੈਨੈਂਟ ਕਿਸਾਨਾਂ ਨੂੰ ਵੱਡੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਦੀਪ ਕੰਬੋਜ ਦਾ ਕਹਿਣਾ ਹੈ ਕਿ ਉਹ ਠੇਕੇ ’ਤੇ ਜ਼ਮੀਨ ਲੈ ਕੇ ਫਸਲ ਦੀ ਉਗਾਈ ਕਰਦੇ ਹਨ ਅਤੇ ਸਾਰੀ ਲਾਗਤ ਵੀ ਖੁਦ ਹੀ ਝੱਲਦੇ ਹਨ, ਪਰ ਜਦੋਂ ਭੁਗਤਾਨ ਦੀ ਵਾਰੀ ਆਉਂਦੀ ਹੈ ਤਾਂ ਟੈਕਨੀਕਲ ਖਾਮੀਆਂ ਕਾਰਨ ਰਕਮ ਨਾ ਤਾਂ ਸਮੇਂ ਸਿਰ ਮਿਲਦੀ ਹੈ ਅਤੇ ਨਾ ਹੀ ਸਪੱਸ਼ਟਤਾ ਹੁੰਦੀ ਹੈ ਕਿ ਪੇਮੈਂਟ ਕਿਸ ਦੇ ਖਾਤੇ ਵਿੱਚ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਓਟੀਪੀ ਵਰਗੀਆਂ ਟੈਕਨੀਕਲ ਸਮੱਸਿਆਵਾਂ ਕਾਰਨ ਭੁਗਤਾਨ ਪ੍ਰਕਿਰਿਆ ਪ੍ਰਭਾਵਿਤ ਹੋ ਰਹੀ ਹੈ, ਉੱਪਰੋਂ ਹੁਣ ਖਾਤਿਆਂ ਵਿੱਚ ਰਕਮ ਨਾ ਪਹੁੰਚਣ ਨਾਲ ਹਾਲਾਤ ਹੋਰ ਗੰਭੀਰ ਬਣ ਗਏ ਹਨ। ਇਸ ਕਾਰਨ ਕਿਸਾਨਾਂ ਨੂੰ ਆਪਣੇ ਰੋਜ਼ਾਨਾ ਖਰਚੇ ਅਤੇ ਅਗਲੀ ਫਸਲ ਦੀ ਤਿਆਰੀ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਸਰਕਾਰ ਅਤੇ ਮੰਡੀ ਬੋਰਡ ਤੋਂ ਮੰਗ ਕੀਤੀ ਹੈ ਕਿ ਇਸ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਭੁਗਤਾਨ ਸਿੱਧਾ ਹੱਕਦਾਰ ਕਿਸਾਨ ਦੇ ਖਾਤੇ ਵਿੱਚ ਪਹੁੰਚੇ। ਦੂਜੇ ਪਾਸੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਅਤੇ ਟੈਕਨੀਕਲ ਖਾਮੀਆਂ ਨੂੰ ਦੂਰ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ।