- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਐੱਸਆਈਆਰ-2026 ਤਹਿਤ ਘਰ-ਘਰ ਸਰਵੇ ਦਾ 100 ਫ਼ੀਸਦੀ ਕੰਮ ਮੁਕੰਮਲ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀਪਸਿਖਾ ਸ਼ਰਮਾ ਦੀ ਅਗਵਾਈ ਹੇਠ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸਆਈਆਰ)-2026 ਮੁਹਿੰਮ ਨੂੰ ਜ਼ਿਲ੍ਹੇ ਵਿਚ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਤਹਿਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਘਰ-ਘਰ ਸਰਵੇ ਦਾ 100 ਫ਼ੀਸਦੀ ਕੰਮ ਸਫ਼ਲਤਾਪੂਰਵਕ ਮੁਕੰਮਲ ਹੋਣ ’ਤੇ ਡਿਪਟੀ ਕਮਿਸ਼ਨਰ ਵੱਲੋਂ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਕ੍ਰਿਸ਼ਨਾ ਪਾਲ ਰਾਜਪੂਤ (ਵ) ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਪ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਮਨਦੀਪ ਕੌਰ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸਿਖਾ ਸ਼ਰਮਾ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਮੁਹਿੰਮ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿੱਚ ਨਿਰਧਾਰਿਤ ਸਮੇਂ ਤੋਂ ਪਹਿਲਾਂ ਘਰ-ਘਰ ਸਰਵੇ ਦਾ ਕੰਮ ਪੂਰਾ ਕਰਨਾ ਇੱਕ ਸ਼ਲਾਘਾਯੋਗ ਪ੍ਰਾਪਤੀ ਹੈ, ਜਿਸ ਦਾ ਸਿਹਰਾ ਵਧੀਕ ਡਿਪਟੀ ਕਮਿਸ਼ਨਰ (ਵ) ਕ੍ਰਿਸ਼ਨਾ ਪਾਲ ਰਾਜਪੂਤ ਦੀ ਸੁਚੱਜੀ ਯੋਜਨਾਬੰਦੀ, ਪ੍ਰਭਾਵਸ਼ਾਲੀ ਨਿਗਰਾਨੀ ਅਤੇ ਸਮੁੱਚੀ ਟੀਮ ਦੀ ਮਿਹਨਤ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕ੍ਰਿਸ਼ਨਾ ਪਾਲ ਰਾਜਪੂਤ ਅਤੇ ਉਨ੍ਹਾਂ ਦੀ ਟੀਮ ਦਫ਼ਤਰੀ ਸਟਾਫ /ਸੁਪਰਵਾਈਜ਼ਰ ਅਤੇ ਬੀਐੱਲਓ ਸਾਹਿਬਾਨ ਨੇ ਪੂਰੀ ਨਿਸ਼ਠਾ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਂਦਿਆਂ ਸਰਵੇ ਦੇ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਹੈ। ਉਨ੍ਹਾਂ ਦੀ ਵਚਨਬੱਧਤਾ, ਕਾਰਗੁਜ਼ਾਰੀ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਨੇ ਜ਼ਿਲ੍ਹੇ ਦੇ ਹੋਰਨਾਂ ਵਿਧਾਨ ਸਭਾ ਹਲਕਿਆਂ ਲਈ ਵੀ ਇਕ ਮਿਸਾਲ ਕਾਇਮ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਆਸ ਪ੍ਰਗਟਾਈ ਕਿ ਬਾਕੀ ਹਲਕਿਆਂ ਵਿੱਚ ਤਾਇਨਾਤ ਅਧਿਕਾਰੀ ਅਤੇ ਕਰਮਚਾਰੀ ਵੀ ਇਸੇ ਜਜ਼ਬੇ ਨਾਲ ਕੰਮ ਕਰਦਿਆਂ ਨਿਰਧਾਰਿਤ ਸਮੇਂ ਅੰਦਰ ਐੱਸਆਈਆਰ-2026 ਦੀ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਮੁਕੰਮਲ ਕਰਨਗੇ।