ਮਰਦਮਸ਼ੁਮਾਰੀ ਸਬੰਧੀ ਨਗਰ ਕੌਂਸਲ ਫ਼ਿਰੋਜ਼ਪੁਰ ਵਿਖੇ 3 ਰੋਜ਼ਾ ਟ੍ਰੇਨਿੰਗ ਸ਼ੁਰੂ
ਮਰਦਮਸ਼ੁਮਾਰੀ 2027 ਲਈ ਨਗਰ ਕੌਂਸਲ ਫ਼ਿਰੋਜ਼ਪੁਰ ਵਿਚ 3 ਰੋਜ਼ਾ ਟਰੇਨਿੰਗ ਦੀ ਸ਼ੁਰੂਆਤ
Publish Date: Wed, 22 Apr 2026 04:52 PM (IST)
Updated Date: Wed, 22 Apr 2026 04:55 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਭਾਰਤ ਦੀ ਮਰਦਮਸ਼ੁਮਾਰੀ 2027 ਨੂੰ ਸੁਚਾਰੂ, ਸਹੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿਚ ਲਿਆਉਣ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਨਗਰ ਕੌਂਸਲ ਦਫ਼ਤਰ ਵਿਖੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਮਕਾਨਸੂਚੀਕਰਣ ਅਤੇ ਮਕਾਨਾਂ ਦੀ ਗਿਣਤੀ ਸਬੰਧੀ 3 ਰੋਜ਼ਾ ਟਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਟਰੇਨਿੰਗ ਦਾ ਮੁੱਖ ਉਦੇਸ਼ ਮਰਦਮਸ਼ੁਮਾਰੀ ਦੇ ਪਹਿਲੇ ਪੜਾਅ ਨੂੰ ਪੂਰੀ ਤਰ੍ਹਾਂ ਵਿਗਿਆਨਕ ਅਤੇ ਡਿਜੀਟਲ ਢੰਗ ਨਾਲ ਪੂਰਾ ਕਰਨਾ ਹੈ, ਤਾਂ ਜੋ ਅਗਲੇ ਪੜਾਅ ਦੀ ਯੋਜਨਾ ਸਹੀ ਅਧਾਰ ’ਤੇ ਬਣ ਸਕੇ। ਇਸ ਟਰੇਨਿੰਗ ਵਿਚ ਇੰਚਾਰਜ਼ ਅਫ਼ਸਰ ਸੁਖਪਾਲ ਸਿੰਘ ਸੁਪਰਡੈਂਟ, ਇੰਸਪੈਕਟਰ ਅਭਿਸ਼ੇਕ, ਫੀਲਡ ਟਰੇਨਰ ਅਸ਼ਵ ਬਜਾਜ, ਸਰਬਜੀਤ ਸਿੰਘ ਭਾਵੜਾ, ਰਜਨੀਸ਼ ਕੰਬੋਜ਼, ਰਿਤਿਕ ਅਤੇ ਜ਼ਿਲ੍ਹਾ ਮਾਸਟਰ ਟਰੇਨਰ ਮਲਕੀਤ ਸਿੰਘ ਹਰਾਜ ਅਤੇ ਸੁਖਜਿੰਦਰ ਸਿੰਘ ਵੱਲੋਂ ਮਰਦਮਸ਼ੁਮਾਰੀ ਨਾਲ ਜੁੜੇ ਹਰੇਕ ਪੱਖ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ । ਇਸ ਟਰੇਨਿੰਗ ਵਿਚ ਵੱਖ-ਵੱਖ ਵਿਭਾਗਾਂ ਤੋਂ ਗਿਣਤੀਕਾਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਟਰੇਨਰਾਂ ਵੱਲੋਂ ਮਕਾਨਸੂਚੀਕਰਣ ਦੇ ਤਰੀਕਿਆਂ, ਮਕਾਨਾਂ ਦੀ ਸਹੀ ਪਛਾਣ, ਪਰਿਵਾਰਕ ਇਕਾਈਆਂ ਦੀ ਗਿਣਤੀ, ਡਾਟਾ ਇਕੱਠਾ ਕਰਨ ਦੀ ਵਿਧੀ ਅਤੇ ਰਿਕਾਰਡ ਭਰਨ ਦੀ ਪ੍ਰਕਿਰਿਆ ਬਾਰੇ ਸਪਸ਼ਟ ਅਤੇ ਆਸਾਨ ਢੰਗ ਨਾਲ ਸਮਝਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਮਕਾਨਸੂਚੀਕਰਣ ਮਰਦਮਸ਼ੁਮਾਰੀ ਦਾ ਸਭ ਤੋਂ ਮਹੱਤਵਪੂਰਨ ਪੜਾਅ ਹੁੰਦਾ ਹੈ, ਜਿਸ ਦੇ ਆਧਾਰ ’ਤੇ ਆਗਾਮੀ ਕਾਰਵਾਈ ਨਿਰਭਰ ਕਰਦੀ ਹੈ। ਇਸ ਲਈ ਹਰ ਕਰਮਚਾਰੀ ਵੱਲੋਂ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਚੌਕਸੀ ਨਾਲ ਆਪਣੀ ਡਿਊਟੀ ਨਿਭਾਉਣਾ ਬਹੁਤ ਜ਼ਰੂਰੀ ਹੈ। ਟਰੇਨਿੰਗ ਦੌਰਾਨ ਮੈਦਾਨੀ ਪੱਧਰ ’ਤੇ ਆ ਸਕਣ ਵਾਲੀਆਂ ਸੰਭਾਵਿਤ ਸਮੱਸਿਆਵਾਂ ਜਿਵੇਂ ਕਿ ਡਾਟਾ ਇਕੱਠਾ ਕਰਨ ਵਿੱਚ ਆਉਣ ਵਾਲੀਆਂ ਰੁਕਾਵਟਾਂ, ਲੋਕਾਂ ਨਾਲ ਸੰਚਾਰ ਦੀਆਂ ਚੁਣੌਤੀਆਂ ਅਤੇ ਤਕਨੀਕੀ ਦਿੱਕਤਾਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਉਨ੍ਹਾਂ ਦੇ ਹੱਲ ਵੀ ਸਾਂਝੇ ਕੀਤੇ ਗਏ। ਇਸ ਤੋਂ ਇਲਾਵਾ ਨਵੇਂ ਡਿਜ਼ੀਟਲ ਸਾਧਨਾਂ ਦੀ ਵਰਤੋਂ ਰਾਹੀਂ ਡਾਟਾ ਇਕੱਠਾ ਕਰਨ ਦੀ ਪ੍ਰਕਿਰਿਆ ਨੂੰ ਹੋਰ ਵੀ ਆਸਾਨ, ਤੇਜ਼ ਅਤੇ ਪਾਰਦਰਸ਼ੀ ਬਣਾਉਣ ’ਤੇ ਖਾਸ ਧਿਆਨ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਮਰਦਮਸ਼ੁਮਾਰੀ ਦੇ ਸਹੀ ਅਤੇ ਭਰੋਸੇਯੋਗ ਅੰਕੜੇ ਹੀ ਸਰਕਾਰ ਦੀਆਂ ਭਵਿੱਖੀ ਨੀਤੀਆਂ, ਯੋਜਨਾਵਾਂ ਅਤੇ ਵਿਕਾਸ ਕਾਰਜਾਂ ਲਈ ਮਜ਼ਬੂਤ ਅਧਾਰ ਸਾਬਤ ਹੁੰਦੇ ਹਨ। ਅੰਤ ਵਿਚ ਟਰੇਨਿੰਗ ਵਿਚ ਸ਼ਾਮਲ ਕਰਮਚਾਰੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਅਧੀਨ ਸਟਾਫ਼ ਨੂੰ ਵੀ ਇਸ ਬਾਰੇ ਪੂਰੀ ਤਰ੍ਹਾਂ ਜਾਗਰੂਕ ਕਰਨ ਅਤੇ ਟੀਮ ਵਰਕ ਦੇ ਨਾਲ ਇਸ ਕੰਮ ਨੂੰ ਸਫਲ ਬਣਾਉਣ ਵਿਚ ਯੋਗਦਾਨ ਪਾਉਣ, ਤਾਂ ਜੋ ਮਰਦਮਸ਼ੁਮਾਰੀ 2027 ਬਿਨ੍ਹਾ ਕਿਸੇ ਰੁਕਾਵਟ ਦੇ ਸਫਲਤਾਪੂਰਵਕ ਪੂਰੀ ਕੀਤੀ ਜਾ ਸਕੇ।