ਮਰਦਮਸ਼ੁਮਾਰੀ ਸਬੰਧੀ ਨਗਰ ਕੌਂਸਲ ਫ਼ਿਰੋਜ਼ਪੁਰ ’ਚ 3 ਰੋਜ਼ਾ ਟ੍ਰੇਨਿੰਗ ਮੁਕੰਮਲ
ਮਰਦਮਸ਼ੁਮਾਰੀ 2027 ਲਈ ਨਗਰ ਕੌਂਸਲ ਫ਼ਿਰੋਜ਼ਪੁਰ ਵਿਚ 3 ਰੋਜ਼ਾ ਟਰੇਨਿੰਗ ਮੁਕੰਮਲ
Publish Date: Fri, 24 Apr 2026 04:28 PM (IST)
Updated Date: Fri, 24 Apr 2026 04:31 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਭਾਰਤ ਦੀ ਮਰਦਮਸ਼ੁਮਾਰੀ 2027 ਨੂੰ ਸੁਚਾਰੂ, ਸਹੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿਚ ਲਿਆਉਣ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਨਗਰ ਕੌਂਸਲ/ਨਗਰ ਪੰਚਾਇਤ ਦਫ਼ਤਰ ਜ਼ੀਰਾ, ਮਖੂ, ਮੱਲਾਂਵਾਲਾ, ਮਮਦੋਟ ਅਤੇ ਮੁੱਦਕੀ, ਕੰਟੋਨਮੈਂਟ ਬੋਰਡ ਫ਼ਿਰੋਜ਼ਪੁਰ, ਤਹਿਸੀਲ ਦਫ਼ਤਰ ਫ਼ਿਰੋਜ਼ਪੁਰ ਵਿਖੇ ਮਕਾਨਸੂਚੀਕਰਣ ਅਤੇ ਮਕਾਨਾਂ ਦੀ ਗਿਣਤੀ ਸਬੰਧੀ 3 ਰੋਜ਼ਾ ਟਰੇਨਿੰਗ ਮੁਕੰਮਲ ਹੋਈ। ਇਸ ਟਰੇਨਿੰਗ ਦਾ ਮੁੱਖ ਉਦੇਸ਼ ਮਰਦਮਸ਼ੁਮਾਰੀ ਦੇ ਪਹਿਲੇ ਪੜਾਅ ਨੂੰ ਪੂਰੀ ਤਰ੍ਹਾਂ ਵਿਗਿਆਨਕ ਅਤੇ ਡਿਜੀਟਲ ਢੰਗ ਨਾਲ ਪੂਰਾ ਕਰਨਾ ਹੈ, ਤਾਂ ਜੋ ਅਗਲੇ ਪੜਾਅ ਦੀ ਯੋਜਨਾ ਸਹੀ ਅਧਾਰ ’ਤੇ ਬਣ ਸਕੇ। ਇਸ ਟਰੇਨਿੰਗ ਵਿਚ ਮਰਦਮਸ਼ੁਮਾਰੀ ਨਾਲ ਜੁੜੇ ਹਰੇਕ ਪੱਖ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਆਰ.ਪੀ. ਸਿੰਘ ਜੁਆਇੰਟ ਡਾਇਰੈਕਟਰ ਜਨਗਣਨਾ ਵਿਭਾਗ ਚੰਡੀਗੜ੍ਹ, ਕਾਰਤਿਕ ਕੋਆਰਡੀਨੇਟਰ ਅਤੇ ਤਰਸੇਮ ਲਾਲ ਸਹਾਇਕ ਰਿਸਰਚ ਅਫ਼ਸਰ ਵਲੋਂ ਵਿਜ਼ਿਟ ਕੀਤੀ ਗਈ ਅਤੇ ਇਸ ਟਰੇਨਿੰਗ ਵਿਚ ਵੱਖ-ਵੱਖ ਵਿਭਾਗਾਂ ਤੋਂ ਭਾਗ ਲੈਣ ਵਾਲੇ ਗਿਣਤੀਕਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਅਤੇ ਪੁੱਛੇ ਗਏ ਪ੍ਰਸ਼ਨਾਂ ਦੇ ਬਹੁਤ ਹੀ ਵਧੀਆ ਢੰਗ ਨਾਲ ਉੱਤਰ ਦਿੱਤੇ ਗਏ। ਟਰੇਨਰਾਂ ਵਲੋਂ ਮਕਾਨਸੂਚੀਕਰਣ ਦੇ ਤਰੀਕਿਆਂ, ਮਕਾਨਾਂ ਦੀ ਸਹੀ ਪਛਾਣ, ਪਰਿਵਾਰਿਕ ਇਕਾਈਆਂ ਦੀ ਗਿਣਤੀ, ਡਾਟਾ ਇਕੱਠਾ ਕਰਨ ਦੀ ਵਿਧੀ ਅਤੇ ਰਿਕਾਰਡ ਭਰਨ ਦੀ ਪ੍ਰਕਿਰਿਆ ਬਾਰੇ ਸਪੱਸ਼ਟ ਅਤੇ ਆਸਾਨ ਢੰਗ ਨਾਲ ਸਮਝਾਇਆ ਗਿਆ। ਉਨ੍ਹਾਂ ਕਿਹਾ ਕਿ ਮਕਾਨਸੂਚੀਕਰਣ ਮਰਦਮਸ਼ੁਮਾਰੀ ਦਾ ਸਭ ਤੋਂ ਮਹੱਤਵਪੂਰਨ ਪੜਾਅ ਹੁੰਦਾ ਹੈ, ਜਿਸ ਦੇ ਆਧਾਰ ’ਤੇ ਆਗਾਮੀ ਕਾਰਵਾਈ ਨਿਰਭਰ ਕਰਦੀ ਹੈ। ਇਸ ਲਈ ਹਰ ਕਰਮਚਾਰੀ ਵੱਲੋਂ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਚੌਕਸੀ ਨਾਲ ਆਪਣੀ ਡਿਊਟੀ ਨਿਭਾਉਣਾ ਬਹੁਤ ਜ਼ਰੂਰੀ ਹੈ। ਟਰੇਨਿੰਗ ਦੌਰਾਨ ਮੈਦਾਨੀ ਪੱਧਰ ’ਤੇ ਆ ਸਕਣ ਵਾਲੀਆਂ ਸੰਭਾਵਿਤ ਸਮੱਸਿਆਵਾਂ ਜਿਵੇਂ ਕਿ ਡਾਟਾ ਇਕੱਠਾ ਕਰਨ ਵਿੱਚ ਆਉਣ ਵਾਲੀਆਂ ਰੁਕਾਵਟਾਂ, ਲੋਕਾਂ ਨਾਲ ਸੰਚਾਰ ਦੀਆਂ ਚੁਣੌਤੀਆਂ ਅਤੇ ਤਕਨੀਕੀ ਦਿੱਕਤਾਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਉਨ੍ਹਾਂ ਦੇ ਹੱਲ ਵੀ ਸਾਂਝੇ ਕੀਤੇ ਗਏ। ਇਸ ਤੋਂ ਇਲਾਵਾ ਨਵੇਂ ਡਿਜ਼ੀਟਲ ਸਾਧਨਾਂ ਦੀ ਵਰਤੋਂ ਰਾਹੀਂ ਡਾਟਾ ਇਕੱਠਾ ਕਰਨ ਦੀ ਪ੍ਰਕਿਰਿਆ ਨੂੰ ਹੋਰ ਵੀ ਆਸਾਨ, ਤੇਜ਼ ਅਤੇ ਪਾਰਦਰਸ਼ੀ ਬਣਾਉਣ ‘ਤੇ ਖਾਸ ਧਿਆਨ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਮਰਦਮਸ਼ੁਮਾਰੀ ਦੇ ਸਹੀ ਅਤੇ ਭਰੋਸੇਯੋਗ ਅੰਕੜੇ ਹੀ ਸਰਕਾਰ ਦੀਆਂ ਭਵਿੱਖੀ ਨੀਤੀਆਂ, ਯੋਜਨਾਵਾਂ ਅਤੇ ਵਿਕਾਸ ਕਾਰਜਾਂ ਲਈ ਮਜ਼ਬੂਤ ਅਧਾਰ ਸਾਬਤ ਹੁੰਦੇ ਹਨ। ਅੰਤ ਵਿਚ ਟਰੇਨਿੰਗ ਵਿਚ ਸ਼ਾਮਲ ਕਰਮਚਾਰੀਆਂ ਨੂੰ ਟੀਮ ਵਰਕ ਦੇ ਨਾਲ ਇਸ ਕੰਮ ਨੂੰ ਸਫਲ ਬਣਾਉਣ ਵਿਚ ਯੋਗਦਾਨ ਪਾਉਣ ਲਈ ਕਿਹਾ ਗਿਆ, ਤਾਂ ਜੋ ਮਰਦਮਸ਼ੁਮਾਰੀ 2027 ਬਿਨਾਂ ਕਿਸੇ ਰੁਕਾਵਟ ਦੇ ਸਫਲਤਾਪੂਰਵਕ ਪੂਰੀ ਕੀਤੀ ਜਾ ਸਕੇ।