ਫ਼ਿਰੋਜ਼ਪੁਰ ਦੇ ਪਿੰਡ ਮੱਧਰੇ ’ਚ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 40 ਪਰਿਵਾਰਾਂ ਨੂੰ ਮਿਲੇ ਪ੍ਰਾਪਰਟੀ ਕਾਰਡ ਫ਼ਿਰੋਜ਼ਪੁਰ ਦੇ ਪਿੰਡ ਮੱਧਰੇ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 40 ਪਰਿਵਾਰਾਂ ਨੂੰ ਮਿਲੇ ਪ੍ਰਾਪਰਟੀ ਕਾਰਡ
Publish Date: Thu, 12 Nov 2026 08:16 PM (IST)
Updated Date: Thu, 12 Nov 2026 08:18 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਫ਼ਿਰੋਜ਼ਪੁਰ ਹਲਕੇ ਦੇ ਪਿੰਡ ਮੱਧਰੇ ਵਿਖੇ ਅੱਜ ਪੰਜਾਬ ਸਰਕਾਰ ਦੀ ਲੋਕ-ਪੱਖੀ ਪਹਿਲਕਦਮੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਹਲਕਾ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪਿੰਡ ਦੇ 40 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਪ੍ਰਾਪਰਟੀ ਕਾਰਡ ਸੌਂਪੇ। ਇਨ੍ਹਾਂ ਕਾਰਡਾਂ ਦੇ ਮਿਲਣ ਨਾਲ ਲੰਮੇ ਸਮੇਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਪਰਿਵਾਰਾਂ ਨੂੰ ਕਾਨੂੰਨੀ ਤੌਰ ’ਤੇ ਪੱਕੀ ਮਾਲਕੀ ਦਾ ਹੱਕ ਹਾਸਲ ਹੋ ਗਿਆ ਹੈ, ਜਿਸ ਕਾਰਨ ਪਿੰਡ ਵਾਸੀਆਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਭੁੱਲਰ ਨੇ ਦੱਸਿਆ ਗਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਆਮ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਠੋਸ ਉਪਰਾਲੇ ਕਰ ਰਹੀ ਹੈ। ‘ਮੇਰਾ ਘਰ ਮੇਰੇ ਨਾਮ’ ਸਕੀਮ ਰਾਹੀਂ ਪਿੰਡਾਂ ਦੀ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਕਾਨੂੰਨੀ ਮਾਲਕੀ ਹੱਕ ਮਿਲਣ ਨਾਲ ਹੁਣ ਇਹ ਪਰਿਵਾਰ ਬਿਨਾਂ ਕਿਸੇ ਝਿਜਕ ਦੇ ਆਪਣੀ ਜਾਇਦਾਦ ਦੀ ਖਰੀਦੋ-ਫਰੋਖਤ ਕਰ ਸਕਣਗੇ ਅਤੇ ਲੋੜ ਪੈਣ ’ਤੇ ਬੈਂਕਾਂ ਤੋਂ ਕਰਜ਼ਾ ਲੈਣ ਵਰਗੀਆਂ ਸਹੂਲਤਾਂ ਦਾ ਲਾਭ ਵੀ ਉਠਾ ਸਕਣਗੇ। ਇਸ ਮੌਕੇ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਆਮ ਲੋਕਾਂ ਨੂੰ ਮਾਲਕੀ ਦੇ ਹੱਕ ਪ੍ਰਦਾਨ ਕਰਨਾ ਅਤੇ ਪਿੰਡਾਂ ਸਮੇਤ ਪੂਰੇ ਪੰਜਾਬ ਦਾ ਸਰਵਪੱਖੀ ਵਿਕਾਸ ਕਰਨਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਸਰਕਾਰ ਵੱਲੋਂ ਭਵਿੱਖ ਵਿੱਚ ਵੀ ਅਜਿਹੀਆਂ ਲੋਕ-ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਪੂਰੀ ਪਾਰਦਰਸ਼ਤਾ ਨਾਲ ਲਾਗੂ ਕਰਨਾ ਜਾਰੀ ਰੱਖਿਆ ਜਾਵੇਗਾ ਤਾਂ ਜੋ ਕੋਈ ਵੀ ਯੋਗ ਪਰਿਵਾਰ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨੇਕ ਪ੍ਰਤਾਪ ਸਿੰਘ, ਰਾਜ ਬਹਾਦੁਰ ਸਿੰਘ, ਹਿਮਾਂਸ਼ੂ ਠੱਕਰ, ਦਿਲਬਾਗ ਸਿੰਘ ਨੰਡਾ ਚੇਅਰਮੈਨ ਬਲਾਕ ਸੰਮਤੀ ਫਿਰੋਜ਼ਪੁਰ, ਹਰਮੀਤ ਸਿੰਘ ਖਾਈ, ਸੁਖਚੈਨ ਸਿੰਘ ਖਾਈ, ਮੇਜਰ ਸਿੰਘ ਕੌਂਸਲਰ ਅਤੇ ਹੋਰ ਵੀ ਹਾਜ਼ਰ ਸਨ।