- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚੋਂ ਹਵਾਲਾਤੀਆਂ ਕੋਲੋਂ 8 ਮੋਬਾਇਲ ਫੋਨ ਬਰਾਮਦ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚੋਂ ਅੰਦਰ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੇ ਦਿਨੀਂ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਈ ਗਈ ਵਿਸ਼ੇਸ਼ ਤਲਾਸ਼ੀ ਮੁਹਿੰਮ ਦੌਰਾਨ ਵੱਖ-ਵੱਖ ਬੈਰਕਾਂ ਵਿੱਚੋਂ 8 ਹਵਾਲਾਤੀਆਂ ਕੋਲੋਂ 8 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਇਸ ਵੱਡੀ ਲਾਪਰਵਾਹੀ ਅਤੇ ਕਾਨੂੰਨ ਦੀ ਉਲੰਘਣਾ ਦੇ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਤੁਰੰਤ 8 ਹਵਾਲਾਤੀਆਂ ਖ਼ਿਲਾਫ਼ ਪੰਜਾਬ ਪ੍ਰਿਜ਼ਨਜ਼ ਐਂਡ ਕੋਰੈਕਸ਼ਨਲ ਸਰਵਿਸਿਜ਼ ਐਕਟ 2026 ਦੀ ਧਾਰਾ 42 (1) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਦੇ ਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਵੱਖ ਵੱਖ ਪੱਤਰ ਨੰਬਰਾਂ ਰਾਹੀਂ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ ਹਵਾਲਾਤੀ ਸੁਨੀਲ ਪੁੱਤਰ ਟਹਿਲ ਸਿੰਘ ਵਾਸੀ ਮਾਨਾ ਸਿੰਘ ਵਾਲਾ ਮੌਜ਼ੂਦਾ ਨਿਵਾਸੀ ਨੇੜੇ ਦਿੱਲੀ ਗੇਟ ਚੂਹੀ ਚੌਂਕ ਕੋਲੋਂ ਇਕ ਮੋਬਾਇਲ ਫੋਨ ਮਿਲਿਆ। ਇਸੇ ਤਰ੍ਹਾਂ ਹਵਾਲਾਤੀ ਅਰਸ਼ਦੀਪ ਸਿੰਘ ਉਰਫ਼ ਅਰਸ਼ ਪੁੱਤਰ ਨਾਨਕ ਰਾਮ ਵਾਸੀ ਲੱਧੂ ਵਾਲਾ ਹਿਠਾੜ, ਹਵਾਲਾਤੀ ਲਖਵਿੰਦਰ ਸਿੰਘ ਉਰਫ਼ ਨਿੱਕਾ ਪੁੱਤਰ ਸੁਰਜੀਤ ਸਿੰਘ ਵਾਸੀ ਪੀਰ ਮੁਹੰਮਦ, ਥਾਣਾ ਮਖੂ, ਜ਼ਿਲ੍ਹਾ ਫਿਰੋਜ਼ਪੁਰ ਅਤੇ ਹਵਾਲਾਤੀ ਜਸਵਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਪਾਣੀ ਵਾਲਾ ਫੱਟਾ, ਥਾਣਾ ਕਸ਼ਰ ਵਾਲਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਕੋਲੋਂ ਵੀ ਇਕ-ਇਕ ਮੋਬਾਇਲ ਫੋਨ ਬਰਾਮਦ ਕੀਤਾ ਗਿਆ ਹੈ। ਜੇਲ੍ਹ ਅਧਿਕਾਰੀ ਨੇ ਅੱਗੇ ਦੱਸਿਆ ਕਿ ਜਾਂਚ ਦੇ ਅਗਲੇ ਪੜਾਅ ਵਿਚ ਹਵਾਲਾਤੀ ਜੱਜ ਪੁੱਤਰ ਭਗਵਾਨ ਸਿੰਘ ਵਾਸੀ ਮਾਛੀਵਾੜਾ, ਹਵਾਲਾਤੀ ਕਰਮਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਭੱਖੜਾ, ਹਵਾਲਾਤੀ ਸੁਖਦੇਵ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਹਸਤੇ ਕੇ ਅਤੇ ਹਵਾਲਾਤੀ ਮਨਪ੍ਰੀਤ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਦੁੱਲੇ ਕੇ ਨੱਥੂ ਵਾਲਾ ਕੋਲੋਂ ਵੀ ਤਲਾਸ਼ੀ ਦੌਰਾਨ ਇਕ-ਇਕ ਮੋਬਾਇਲ ਫੋਨ ਬਰਾਮਦ ਹੋਇਆ ਹੈ। ਇਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੀ ਮੁਸਤੈਦੀ ਸਦਕਾ ਇਹ ਗੈਰ-ਕਾਨੂੰਨੀ ਸਾਮਾਨ ਫੜਿਆ ਗਿਆ ਹੈ। ਪੁਲਿਸ ਨੇ ਸਾਰੇ ਦੋਸ਼ੀ ਹਵਾਲਾਤੀਆਂ ਖ਼ਿਲਾਫ਼ ਕਾਨੂੰਨੀ ਧਾਰਾਵਾਂ ਤਹਿਤ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਹੁਣ ਇਸ ਗੱਲ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ ਕਿ ਜੇਲ੍ਹ ਦੀ ਉੱਚ ਸੁਰੱਖਿਆ ਨੂੰ ਸੰਨ੍ਹ ਲਗਾ ਕੇ ਇਹ ਮੋਬਾਇਲ ਫੋਨ ਅੰਦਰ ਕਿਸ ਮਾਧਿਅਮ ਰਾਹੀਂ ਪਹੁੰਚਾਏ ਗਏ ਸਨ ਅਤੇ ਇਨ੍ਹਾਂ ਰਾਹੀਂ ਕਿਹੜੀਆਂ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ।