ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ੀਰਾ ਵਿਚ ਪੁਲਿਸ ਤੇ ਪਿੰਡ ਕਮੇਟੀਆਂ ਦੀ ਵੱਡੀ ਮਿਲਣੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ੀਰਾ ਵਿਚ ਪੁਲਿਸ ਤੇ ਪਿੰਡ ਕਮੇਟੀਆਂ ਦੀ ਵੱਡੀ ਮਿਲਣੀ
Publish Date: Fri, 10 Jul 2026 04:04 PM (IST)
Updated Date: Fri, 10 Jul 2026 04:06 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਜ਼ਮੀਨੀ ਪੱਧਰ ’ਤੇ ਸਫ਼ਲ ਬਣਾਉਣ ਲਈ ਜ਼ੀਰਾ ਵਿਖੇ ਪੁਲਿਸ ਅਤੇ ਲੋਕਾਂ ਵਿਚਾਲੇ ਵਿਸ਼ੇਸ਼ ਮਿਲਣੀ ਦਾ ਆਯੋਜਨ ਕੀਤਾ ਗਿਆ। ਡੀਐੱਸਪੀ ਜ਼ੀਰਾ ਜਸਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਸਰਕਾਰ ਵੱਲੋਂ ਨਸ਼ਿਆਂ ਨੂੰ ਰੋਕਣ ਲਈ ਗਠਿਤ ਪਿੰਡ ਪੱਧਰੀ ਕਮੇਟੀਆਂ ਦੇ ਆਗੂਆਂ, ਮੈਂਬਰਾਂ, ਬਲਾਕ ਪ੍ਰਧਾਨਾਂ ਅਤੇ ਕੋਆਰਡੀਨੇਟਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਥਾਣਾ ਸਿਟੀ ਜ਼ੀਰਾ ਦੇ ਐੱਸਐੱਚਓ ਇੰਸਪੈਕਟਰ ਜਸਵਿੰਦਰ ਸਿੰਘ ਬਰਾੜ, ਥਾਣਾ ਸਦਰ ਜ਼ੀਰਾ ਦੇ ਐੱਸਐੱਚਓ ਇੰਸਪੈਕਟਰ ਗੁਰਪ੍ਰੀਤ ਸਿੰਘ, ਥਾਣਾ ਮਖੂ ਦੇ ਐੱਸਐੱਚਓ ਇੰਸਪੈਕਟਰ ਜਤਿੰਦਰ ਸਿੰਘ ਅਤੇ ਥਾਣਾ ਮੱਲਾਂਵਾਲਾ ਦੇ ਐੱਸਐੱਚਓ ਸਬ ਇੰਸਪੈਕਟਰ ਗੁਰਜੰਟ ਸਿੰਘ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ ਅਤੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।ਇਸ ਮੌਕੇ ਸੰਬੋਧਨ ਕਰਦਿਆਂ ਡੀਐੱਸਪੀ ਜਸਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਛੇੜੀ ਗਈ ਇਹ ਜੰਗ ਸਿਰਫ਼ ਪੁਲਿਸ ਜਾਂ ਸਰਕਾਰ ਦੇ ਯਤਨਾਂ ਨਾਲ ਨਹੀਂ, ਸਗੋਂ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਜਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਤੱਤਾਂ ਅਤੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਬਾਰੇ ਸਮੇਂ ਸਿਰ ਪੁਲਿਸ ਨੂੰ ਜਾਣਕਾਰੀ ਦੇਣਾ ਹਰ ਜ਼ਿੰਮੇਵਾਰ ਨਾਗਰਿਕ ਦਾ ਫ਼ਰਜ਼ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਦੀ ਨਰਮੀ ਨਹੀਂ ਵਰਤੀ ਜਾਵੇਗੀ ਅਤੇ ਅਜਿਹੇ ਲੋਕਾਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਕੇ ਸਲਾਖਾਂ ਪਿੱਛੇ ਪਹੁੰਚਾਇਆ ਜਾਵੇਗਾ। ਡੀਐੱਸਪੀ ਢਿੱਲੋਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕਿਆਂ ਵਿੱਚ ਸ਼ੱਕੀ ਗਤੀਵਿਧੀਆਂ ਤੇ ਨਜ਼ਰ ਰੱਖਣ ਅਤੇ ਪੁਲਿਸ ਨਾਲ ਸਿੱਧਾ ਸੰਪਰਕ ਕਰਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ। ਮੀਟਿੰਗ ਦੌਰਾਨ ਨਸ਼ਾ ਵਿਰੋਧੀ ਕਮੇਟੀਆਂ ਦੇ ਆਗੂਆਂ ਅਤੇ ਮੈਂਬਰਾਂ ਨਾਲ ਨਸ਼ਿਆਂ ਦੀ ਲਪੇਟ ਵਿਚ ਆਏ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ, ਉਨ੍ਹਾਂ ਦਾ ਇਲਾਜ ਅਤੇ ਮੁੜ ਵਸੇਬਾ ਯਕੀਨੀ ਬਣਾਉਣ ਦੇ ਨਾਲ-ਨਾਲ ਨਸ਼ੇ ਦੇ ਕਾਰੋਬਾਰ ਨੂੰ ਜੜ੍ਹੋਂ ਖਤਮ ਕਰਨ ਲਈ ਸਾਂਝੀ ਰਣਨੀਤੀ ਉੱਤੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਰ ਭਗਵਾਨ ਸਿੰਘ ਭੋਲਾ ਬਲਾਕ ਪ੍ਰਧਾਨ ਆਪ, ਸਰਪੰਚ ਰਾਮ ਸਿੰਘ ਗਿੱਲ ਲੌਂਗੋ ਦੇਵਾ, ਰਿਪੂ ਸੰਧੂ ਸਰਪੰਚ ਵਾੜਾ ਪੋਹਵਿੰਡ, ਸਰਪੰਚ ਮਨਪ੍ਰੀਤ ਸਿੰਘ ਸੇਖਵਾਂ, ਸਰਪੰਚ ਤੀਰਥ ਸਿੰਘ ਬਰਾੜ ਫੇਰੋਕੇ, ਸਰਪੰਚ ਦਲਜੀਤ ਸਿੰਘ ਧਾਲੀਵਾਲ ਝੱਤਰਾ, ਸੁੱਖ ਜ਼ੀਰਾ ਐਮ. ਸੀ., ਜੱਸਾ ਸਰਪੰਚ ਮਲੋ ਕੇ, ਸਰਪੰਚ ਸਤਨਾਮ ਸਿੰਘ ਗਿੱਲ ਮਨਸੂਰਵਾਲ ਆਦਿ ਹਾਜ਼ਰ ਸਨ।