- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ 9 ਅਕਤੂਬਰ ਨੂੰ ਐੱਮ.ਕੇ. ਪੈਲੇਸ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ : ਏ.ਡੀ.ਸੀ.

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਵਿਚ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ 9 ਅਕਤੂਬਰ ਨੂੰ ਸਵੇਰੇ 10.30 ਵਜੇ ਐੱਮ.ਕੇ. ਪੈਲੇਸ ਮੋਗਾ ਰੋਡ, ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਮਨਾਇਆ ਜਾਵੇਗਾ। ਇਸ ਦੌਰਾਨ ਬਜ਼ੁਰਗਾਂ ਨੂੰ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਭਾਗਾਂ ਵੱਲੋਂ ਕੈਂਪ ਵੀ ਲਗਾਏ ਜਾਣਗੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਸੀਨੀਅਰ ਸਿਟੀਜ਼ਨ ਫਾਰਮ, ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਅਤੇ ਐੱਨ.ਜੀ.ਓਜ਼ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਬਜ਼ੁਰਗਾਂ ਦੀ ਦੇਖਭਾਲ, ਸਤਿਕਾਰ ਅਤੇ ਸੇਵਾ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਕੈਂਪ ਲਗਾ ਕੇ ਬਜ਼ੁਰਗਾਂ ਦੀ ਸਿਹਤ ਜਾਂਚ, ਈ.ਐਨ.ਟੀ. ਚੈੱਕਅੱਪ, ਅੱਖਾਂ ਦਾ ਚੈੱਕਅੱਪ, ਬੁਢਾਪਾ ਪੈਨਸ਼ਨ ਲਈ ਰਜਿਸਟਰੇਸ਼ਨ, ਸੀਨੀਅਰ ਸਿਟੀਜਨ ਕਾਰਡ, ਆਧਾਰ ਕਾਰਡ ਸਮੇਤ ਵੱਖ-ਵੱਖ ਸਰਕਾਰੀ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਜ਼ੁਰਗਾਂ ਨੂੰ ਦਿੱਤੀਆਂ ਜਾਣ ਵਾਲੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਆਦਿ ਦੀ ਜਾਣਕਾਰੀ ਵੀ ਦਿੱਤੀ ਜਾਵੇਗੀ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੈਂਪ ਦੇ ਸੁਚੱਜੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਹਸਪਤਾਲਾਂ, ਸਰਕਾਰੀ ਦਫ਼ਤਰਾਂ ਅਤੇ ਸੇਵਾ ਕੇਂਦਰਾਂ ਵਿੱਚ ਵੀ ਬਜ਼ੁਰਗਾਂ/ਸੀਨੀਅਰ ਸਿਟੀਜਨਾਂ ਦੇ ਓ.ਪੀ.ਡੀ. ਚੈੱਕਅੱਪ ਅਤੇ ਸਰਕਾਰੀ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨ ਸਬੰਧੀ ਵੀ ਹਦਾਇਤਾਂ ਦਿੱਤੀਆਂ। ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਬਜ਼ੁਰਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ 9 ਅਕਤੂਬਰ ਨੂੰ ਐੱਮ.ਕੇ. ਪੈਲੇਸ ਵਿਖੇ ਲਗਾਏ ਜਾ ਰਹੇ ਇਸ ਵਿਸ਼ੇਸ਼ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਸਰਕਾਰੀ ਸੇਵਾਵਾਂ ਅਤੇ ਸਿਹਤ ਸਹੂਲਤਾਂ ਦਾ ਲਾਭ ਲੈਣ। ਮੀਟਿੰਗ ਵਿਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੁਖਵਿੰਦਰ ਕੌਰ, ਡੀ.ਐੱਸ.ਪੀ. ਬਿਟਨ ਕੁਮਾਰ, ਸਕੱਤਰ ਰੈੱਡ ਕਰਾਸ ਸੁਨੀਲ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਕੋਮਲ ਅਰੋੜਾ ਤੋਂ ਇਲਾਵਾ ਸਿਹਤ ਵਿਭਾਗ, ਸੇਵਾ ਕੇਂਦਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਆਦਿ ਹਾਜ਼ਰ ਸਨ।