ਪਿੰਡ ਚੁਗੱਤੇ ਵਾਲਾ ਵਿਖੇ ਖੇਤ ’ਚ ਲੱਗੀ ਅੱਗ ਪਿੰਡ ਚੁਗੱਤੇ ਵਾਲਾ ਵਿਖੇ ਖੇਤ ਵਿੱਚ ਲੱਗੀ ਅੱਗ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਬੁਝਾਇਆ ਗਿਆ
Publish Date: Tue, 20 Oct 2026 07:14 PM (IST)
Updated Date: Tue, 20 Oct 2026 07:15 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਪਿੰਡ ਚੁਗੱਤੇ ਵਾਲਾ ਵਿਖੇ ਖੇਤ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਉਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਤੁਰੰਤ ਮੌਕੇ ’ਤੇ ਪਹੁੰਚ ਕੇ ਅੱਗ ਨੂੰ ਬੁਝਾਉਣ ਲਈ ਕਾਰਵਾਈ ਕੀਤੀ ਗਈ। ਇਸ ਮੌਕੇ ਏ.ਡੀ.ਸੀ. ਕ੍ਰਿਸ਼ਨ ਪਾਲ, ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ, ਆਈ.ਏ.ਐੱਸ. ਅਧਿਕਾਰੀ ਹਿਮਾਂਸ਼ੂ ਕਾਦਿਆਨ, ਏ.ਡੀ.ਓ. ਬਚਿੱਤਰ ਸਿੰਘ, ਏ.ਡੀ.ਓ. ਅਭਿਨਵ ਅਤੇ ਏ.ਈ.ਓ. ਸੰਦੀਪ ਸਿੰਘ ਸਮੇਤ ਟੀਮ ਵੱਲੋਂ ਖੇਤ ਵਿੱਚ ਅੱਗ ’ਤੇ ਕਾਬੂ ਪਾਉਣ ਲਈ ਯਤਨ ਕੀਤੇ ਗਏ। ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਗਏ ਵਾਤਾਵਰਣ ਪੱਖੀ ਤਰੀਕਿਆਂ ਨੂੰ ਅਪਣਾਉਣ। ਪਰਾਲੀ ਨੂੰ ਖੇਤ ਵਿੱਚ ਮਿਲਾਉਣ ਜਾਂ ਬੇਲਰਾਂ ਰਾਹੀਂ ਗੱਠਾਂ ਬਣਵਾ ਕੇ ਵਰਤੋਂ ਵਿੱਚ ਲਿਆਉਣ ਨਾਲ ਵਾਤਾਵਰਣ ਦੀ ਰੱਖਿਆ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਬਰਕਰਾਰ ਰੱਖਿਆ ਜਾ ਸਕਦਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡ ਪੱਧਰ ’ਤੇ ਨਿਗਰਾਨੀ ਜਾਰੀ ਰਹੇਗੀ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਲਗਾਤਾਰ ਪ੍ਰੇਰਿਤ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਕਿਸਾਨਾਂ ਨੂੰ ਅਪੀਲ ਹੈ ਕਿ ਵਾਤਾਵਰਣ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਭਵਿੱਖ ਲਈ ਪਰਾਲੀ ਨੂੰ ਅੱਗ ਨਾ ਲਗਾਉਣ।