ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੂਰਪੁਰ ਸੇਠਾਂ ਵਿਖੇ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੂਰਪੁਰ ਸੇਠਾਂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ
Publish Date: Mon, 23 Nov 2026 05:08 PM (IST)
Updated Date: Tue, 24 Nov 2026 04:05 AM (IST)
ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਕੀਤੀ ਸ਼ਮੂਲੀਅਤ, ਥਾਂ-ਥਾਂ ਲਗਾਏ ਗਏ ਚਾਹ, ਪਕੌੜਿਆਂ, ਫਲਾਂ ਤੇ ਸਮੋਸਿਆਂ ਦੇ ਲੰਗਰ ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਨੂਰਪੁਰ ਸੇਠਾਂ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਧਾਰਮਿਕ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਜਾ ਰਹੇ ਹਨ। ਇਸ ਪਾਵਨ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਸਬੰਧੀ ਧਾਰਮਿਕ ਸਮਾਗਮ ਉਲੀਕੇ ਗਏ ਹਨ। ਇਸੇ ਲੜੀ ਤਹਿਤ ਸਮੂਹ ਪਿੰਡ ਵਾਸੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੀ ਆਮਦ ਨੂੰ ਲੈ ਕੇ ਪਿੰਡ ਨੂਰਪੁਰ ਸੇਠਾਂ ਦਾ ਮਾਹੌਲ ਪੂਰੀ ਤਰ੍ਹਾਂ ਗੁਰਮਤਿ ਰੰਗ ਵਿੱਚ ਰੰਗਿਆ ਹੋਇਆ ਨਜ਼ਰ ਆਇਆ। ਨਗਰ ਕੀਰਤਨ ਜਿਸ ਵੀ ਗਲੀ ਅਤੇ ਰਸਤੇ ਵਿੱਚੋਂ ਲੰਘਿਆ, ਉੱਥੇ ਪਿੰਡ ਵਾਸੀਆਂ ਵੱਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਵੱਖ-ਵੱਖ ਥਾਵਾਂ ਤੇ ਪਿੰਡ ਦੇ ਲੋਕ ਅਤੇ ਸੇਵਾਦਾਰ ਇਕੱਠੇ ਹੋ ਕੇ ਸੰਗਤਾਂ ਨੂੰ ਜੀ ਆਇਆਂ ਆਖਦੇ ਨਜ਼ਰ ਆਏ। ਇਸ ਦੌਰਾਨ ਸੰਗਤਾਂ ਵੱਲੋਂ ‘‘ਸਤਿਨਾਮ ਵਾਹਿਗੁਰੂ’’ ਦੇ ਜਾਪ ਅਤੇ ਗੁਰਬਾਣੀ ਦੇ ਸ਼ਬਦਾਂ ਨਾਲ ਪੂਰਾ ਵਾਤਾਵਰਨ ਅਧਿਆਤਮਕ ਰੰਗ ਵਿੱਚ ਰੰਗਿਆ ਗਿਆ। ਨਗਰ ਕੀਰਤਨ ਦੌਰਾਨ ਸੇਵਾ ਦੀ ਭਾਵਨਾ ਵੀ ਪੂਰੇ ਜੋਸ਼ ਨਾਲ ਦੇਖਣ ਨੂੰ ਮਿਲੀ। ਪਿੰਡ ਵਾਸੀਆਂ ਅਤੇ ਵੱਖ-ਵੱਖ ਸੇਵਾ ਕਮੇਟੀਆਂ ਵੱਲੋਂ ਥਾਂ-ਥਾਂ ’ਤੇ ਚਾਹ, ਪਕੌੜਿਆਂ, ਫਲਾਂ, ਸਮੋਸਿਆਂ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੇ ਲੰਗਰ ਲਗਾਏ ਗਏ। ਸੇਵਾਦਾਰਾਂ ਵੱਲੋਂ ਬੜੇ ਪਿਆਰ ਅਤੇ ਨਿਮਰਤਾ ਨਾਲ ਸੰਗਤਾਂ ਨੂੰ ਲੰਗਰ ਛਕਾਇਆ ਗਿਆ। ਛੋਟੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਵਰਗ ਦੇ ਲੋਕਾਂ ਨੇ ਇਸ ਧਾਰਮਿਕ ਸਮਾਗਮ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਪਿੰਡ ਵਾਸੀਆਂ ਵਿੱਚ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਸੰਗਤਾਂ ਨੇ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਗਏ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਮਹਾਨ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਵੀ ਦਿੱਤਾ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਭਲਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਗੁਰਬਾਣੀ ਕੀਰਤਨ ਅਤੇ ਧਾਰਮਿਕ ਦੀਵਾਨਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ। ਸਮੂਹ ਸੰਗਤਾਂ ਨੂੰ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ ਹੈ।