ਸ੍ਰੀ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਸ੍ਰੀ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
Publish Date: Sat, 31 Jan 2026 05:20 PM (IST)
Updated Date: Sat, 31 Jan 2026 05:22 PM (IST)
ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ ਫਿਰੋਜ਼ਪੁਰ : ਸ੍ਰੀ ਗੁਰੂ ਰਵੀਦਾਸ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਰਵੀਦਾਸ ਗੁਰਦੁਆਰਾ ਸਾਹਿਬ ਫਿਰੋਜ਼ਪੁਰ ਸ਼ਹਿਰ ਤੋਂ ਪੰਜ ਪਿਆਰਿਆਂ ਦੀ ਅਗਵਾਈ ’ਚ ਇਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਆਰੰਭ ਹੋਏ ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਰਾਗੀ ਜਥਿਆਂ ਅਤੇ ਸੰਗਤਾਂ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ਇਹ ਨਗਰ ਕੀਰਤਨ ਫਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਅਤੇ ਮੁੱਖ ਚੌਕਾਂ ਤੋਂ ਹੁੰਦਾ ਹੋਇਆ ਲੰਘਿਆ, ਜਿੱਥੇ ਸ਼ਰਧਾਲੂਆਂ ਨੇ ਫੁੱਲਾਂ ਦੀ ਵਰਖਾ ਕਰਕੇ ਪਾਲਕੀ ਸਾਹਿਬ ਦਾ ਨਿੱਘਾ ਸਵਾਗਤ ਕੀਤਾ। ਸ਼ਰਧਾਲੂਆਂ ਦੀ ਸੇਵਾ ਲਈ ਸ਼ਹਿਰ ਵਿਚ ਥਾਂ-ਥਾਂ ’ਤੇ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਹੋਈਆਂ ਮੁੱਖ ਸ਼ਖਸੀਅਤਾਂ ਅਤੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ‘ਸਿਰੋਪਾਓ’ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਕਮੇਟੀ ਦੇ ਅਹੁਦੇਦਾਰਾਂ ਨੇ ਨਗਰ ਕੀਰਤਨ ਨੂੰ ਸਫਲ ਬਣਾਉਣ ਲਈ ਸਮੂਹ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਦੇਰ ਸ਼ਾਮ ਇਹ ਨਗਰ ਕੀਰਤਨ ਪੂਰੇ ਸ਼ਹਿਰ ਦੀ ਪਰਿਕਰਮਾ ਕਰਨ ਉਪਰੰਤ ਮੁੜ ਸ੍ਰੀ ਗੁਰੂ ਰਵੀਦਾਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ।