ਸ੍ਰੀ ਕਰਤਾਰਪੁਰ ਸਾਹਿਬ ਲਈ ਸਜਾਇਆ ਨਗਰ ਕੀਰਤਨ
ਸ੍ਰੀ ਕਰਤਾਰਪੁਰ ਸਾਹਿਬ ਲਈ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
Publish Date: Mon, 02 Mar 2026 04:35 PM (IST)
Updated Date: Mon, 02 Mar 2026 04:37 PM (IST)

ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ ਫਿਰੋਜ਼ਪੁਰ : ਨਿਰੋਲ ਸੇਵਾ ਸੰਸਥਾ ਛੱਤੇਆਣਾ (ਸ੍ਰੀ ਮੁਕਤਸਰ ਸਾਹਿਬ) ਦੇ ਮੁੱਖ ਸੇਵਾਦਾਰ ਡਾਕਟਰ ਜਗਦੀਪ ਸਿੰਘ ਸੋਢੀ ਦੀ ਅਗਵਾਈ ਹੇਠ ਗੁਰਦੁਆਰਾ ਗੁਪਤਸਰ ਸਾਹਿਬ, ਛੱਤੇਆਣਾ ਤੋਂ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਤੱਕ ਦਾ ਵਿਸ਼ੇਸ਼ ਨਗਰ ਕੀਰਤਨ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਸਜਾਇਆ ਜਾ ਰਿਹਾ ਹੈ। ਧਾਰਮਿਕ ਰੀਤਾਂ ਅਨੁਸਾਰ ਚੱਲ ਰਿਹਾ ਇਹ ਕਾਫਲਾ ਮਿਤੀ 1 ਮਾਰਚ 2026 ਨੂੰ ਰਾਤ ਦੇ ਵਿਸ਼ਰਾਮ ਲਈ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ, ਵਜੀਦਪੁਰ ਵਿਖੇ ਰੁਕਿਆ। ਅੱਜ ਸਵੇਰੇ 2 ਮਾਰਚ 2026 ਨੂੰ ਅਰਦਾਸ ਉਪਰੰਤ ਨਗਰ ਕੀਰਤਨ ਆਪਣੇ ਅਗਲੇ ਪੜਾਅ, ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਇਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਪ੍ਰਮੁੱਖ ਧਾਰਮਿਕ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ, ਜਥੇਦਾਰ ਸਤਪਾਲ ਸਿੰਘ ਤਲਵੰਡੀ ਭਾਈ, ਜਥੇਦਾਰ ਪ੍ਰੀਤਮ ਸਿੰਘ ਮਲਸੀਆਂ ਅਤੇ ਬਾਬਾ ਗੁਰਮੇਲ ਸਿੰਘ ਕਾਰ ਸੇਵਾ ਵਾਲਿਆਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਜਾਮਨੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਕਾਦਾ ਬੋੜਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਇੰਚਾਰਜ਼ ਭਾਈ ਲਖਵਿੰਦਰ ਸਿੰਘ ਵੱਲੋਂ ਸਰਬੱਤ ਦੇ ਭਲੇ ਅਤੇ ਨਗਰ ਕੀਰਤਨ ਦੀ ਸਫਲਤਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਤੇਜਬੀਰ ਸਿੰਘ, ਖਜ਼ਾਨਚੀ ਸਰੂਪ ਸਿੰਘ ਅਤੇ ਸਮੁੱਚੇ ਸਟਾਫ ਨੇ ਸੇਵਾਵਾਂ ਵਿਚ ਅਹਿਮ ਯੋਗਦਾਨ ਪਾਇਆ। ਸੰਗਤਾਂ ਨੇ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ।