ਵਿਜ਼ਡਮ ਸਕੂਲ ’ਚ ਨਵੇਂ ਵਿੱਦਿਅਕ ਸੈਸ਼ਨ ਦਾ ਆਗਾਜ਼
ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਨਵੇਂ ਅਕਾਦਮਿਕ ਸੈਸ਼ਨ ਦਾ ਸ਼ਾਨਦਾਰ ਆਗਾਜ਼
Publish Date: Tue, 17 Feb 2026 03:25 PM (IST)
Updated Date: Tue, 17 Feb 2026 03:27 PM (IST)

ਜਸਵੰਤ ਸਿੰਘ ਗਰੋਵਰ, ਪੰਜਾਬੀ ਜਾਗਰਣ, ਮੁੱਦਕੀ : ਇਲਾਕੇ ਦੀ ਮੰਨੀ-ਪ੍ਰਮੰਨੀ ਵਿੱਦਿਅਕ ਸੰਸਥਾ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਅਧਿਆਤਮਿਕ ਰੰਗਤ ਦੇ ਨਾਲ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ। ਸਕੂਲ ਪ੍ਰਬੰਧਕਾਂ ਵੱਲੋਂ ਪਿਛਲੇ ਸਾਲ ਦੀਆਂ ਸਲਾਨਾ ਪ੍ਰੀਖਿਆਵਾਂ ਦੀ ਸਫਲਤਾ ਅਤੇ ਆਉਣ ਵਾਲੇ ਭਵਿੱਖ ਦੀ ਸੁੱਖ ਸ਼ਾਂਤੀ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਰੀਟਾ ਮਹਿਤਾ ਨੇ ਦੱਸਿਆ ਕਿ ਸੰਸਥਾ ਦੀ ਹਮੇਸ਼ਾ ਇਹ ਪਰੰਪਰਾ ਰਹੀ ਹੈ ਕਿ ਕਿਸੇ ਵੀ ਨਵੇਂ ਕੰਮ ਦੀ ਸ਼ੁਰੂਆਤ ਅਕਾਲ ਪੁਰਖ ਦੇ ਸ਼ੁਕਰਾਨੇ ਨਾਲ ਕੀਤੀ ਜਾਵੇ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਇਲਾਹੀ ਬਾਣੀ ਦਾ ਕੀਰਤਨ ਕੀਤਾ। ਸਮਾਗਮ ਦੌਰਾਨ ਵਿੱਦਿਆ ਦੇ ਨਾਲ-ਨਾਲ ਧਾਰਮਿਕ ਖੇਤਰ ਵਿਚ ਪ੍ਰਾਪਤੀਆਂ ਕਰਨ ਵਾਲੇ ਬੱਚਿਆਂ ਨੂੰ ਵੀ ਨਿਵਾਜਿਆ ਗਿਆ। ਸਕੂਲ ਦੇ ਡਾਇਰੈਕਟਰ ਸੁਮਨ ਲਤਾ ਗੁਪਤਾ ਅਤੇ ਪ੍ਰਿੰਸੀਪਲ ਰੀਟਾ ਮਹਿਤਾ ਵੱਲੋਂ ਧਾਰਮਿਕ ਸਿੱਖਿਆ ਦੀ ਪ੍ਰੀਖਿਆ ਵਿੱਚ ਮੋਹਰੀ ਰਹਿਣ ਵਾਲੀਆਂ ਵਿਦਿਆਰਥਣਾਂ ਮੁਸਕਾਨ ਕੌਰ ਅਤੇ ਪ੍ਰਭਜੋਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਕੀਰਤਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕਰਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਗਿਆ। ਇਸ ਮੌਕੇ ਉੱਘੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸਕੂਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸਮਾਗਮ ਦੇ ਅੰਤ ਵਿਚ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿਚ ਬੱਚਿਆਂ ਦੇ ਮਾਪੇ ਹਾਜ਼ਰ ਸਨ।