ਟੈੱਟ ਮਾਮਲੇ ’ਚ ਰੈਲੀ ਤੋਂ ਪਹਿਲਾਂ ਸਿੱਖਿਆ ਮੰਤਰੀ ਨਾਲ ਮੀਟਿੰਗ ਬੇਸਿੱਟਾ
ਬੇਲੋੜੇ ਟੈੱਟ ਦੇ ਵਿਰੋਧ ’ਚ ਅੱਜ ਸਮੂਹਿਕ ਅਧਿਆਪਕ ਜਥੇਬੰਦੀਆਂ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਵੱਡੀ ਗਿਣਤੀ ਵਿਚ ਅਧਿਆਪਕ ਗਰਜਣਗੇ
Publish Date: Sat, 21 Feb 2026 05:25 PM (IST)
Updated Date: Sat, 21 Feb 2026 05:27 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਬੇਲੋੜੇ ਟੀਚਰ ਐਲੀਜੀਬਿਲਟੀ ਟੈਸਟ (ਟੀਈਟੀ) ਨੂੰ ਲਾਜ਼ਮੀ ਕਰਨ ਦੇ ਫ਼ੈਸਲੇ ਦੇ ਵਿਰੋਧ ਵਿਚ ਪੰਜਾਬ ਭਰ ਦੀਆਂ ਸਮੂਹਿਕ ਅਧਿਆਪਕ ਜਥੇਬੰਦੀਆਂ ਵੱਲੋਂ ਅੱਜ ਸਿੱਖਿਆ ਮੰਤਰੀ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਵਿਚ ਵੱਡੀ ਰੋਸ ਰੈਲੀ ਕੀਤੀ ਜਾਵੇਗੀ। ਰੈਲੀ ਤੋਂ ਪਹਿਲਾਂ ਸਿੱਖਿਆ ਮੰਤਰੀ ਨਾਲ ਕੀਤੀ ਗਈ ਮੀਟਿੰਗ ਕਿਸੇ ਨਤੀਜੇ ’ਤੇ ਨਹੀਂ ਪਹੁੰਚੀ, ਜਿਸ ਕਾਰਨ ਅਧਿਆਪਕ ਵਰਗ ਵਿਚ ਰੋਸ ਹੋਰ ਵੱਧ ਗਿਆ ਹੈ। ਜ਼ੀਰਾ ਦੀਆਂ ਸਮੂਹਿਕ ਅਧਿਆਪਕ ਜਥੇਬੰਦੀਆਂ ਦੇ ਆਗੂ ਨਵੀਨ ਸਚਦੇਵਾ, ਬਲਵਿੰਦਰ ਸਿੰਘ ਭੁੱਟੋ, ਬਾਜ਼ ਸਿੰਘ ਭੁੱਲਰ, ਬਲਰਾਮ ਸ਼ਰਮਾ, ਬਲਵਿੰਦਰ ਸਿੰਘ, ਜਗਸੀਰ ਸਿੰਘ, ਰਾਜਬੀਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 7 ਫਰਵਰੀ 2026 ਨੂੰ ਜਾਰੀ ਹੁਕਮਾਂ ਅਨੁਸਾਰ ਮਾਸਟਰ ਕਾਡਰ ਦੀਆਂ ਪਦਉਨਤੀਆਂ ਲਈ ਟੀਈਟੀ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 14 ਸਤੰਬਰ 2017 ਦੇ ਪੱਤਰ ਨੂੰ ਰੱਦ ਕਰ ਦਿੱਤਾ ਗਿਆ ਹੈ। ਯਾਦ ਰਹੇ ਕਿ 2011 ਤੋਂ ਪਹਿਲਾਂ ਸੇਵਾ ਵਿਚ ਸ਼ਾਮਲ ਹੋਏ ਅਧਿਆਪਕਾਂ ਨੂੰ ਟੀਈਟੀ ਤੋਂ ਛੋਟ ਦਿੱਤੀ ਗਈ ਸੀ। ਅਧਿਆਪਕ ਆਗੂਆਂ ਨੇ ਕਿਹਾ ਕਿ ਇਸ ਨਵੇਂ ਫ਼ੈਸਲੇ ਨਾਲ ਸਾਲਾਂ ਤੋਂ ਸੇਵਾ ਨਿਭਾ ਰਹੇ ਅਧਿਆਪਕਾਂ ਨਾਲ ਅਨਿਆਇ ਹੋ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸੂਬੇ ਭਰ ਵਿੱਚ ਗੰਭੀਰ ਰੋਸ ਪਾਇਆ ਜਾ ਰਿਹਾ ਹੈ। ਜ਼ੀਰਾ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨੇ ਇਸ ਮਸਲੇ ‘ਤੇ ਸਾਂਝੇ ਐਕਸ਼ਨ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਸੰਘਰਸ਼ ਕਿਸੇ ਵਿਅਕਤੀ ਵਿਸ਼ੇਸ਼ ਦੇ ਖ਼ਿਲਾਫ਼ ਨਹੀਂ, ਸਗੋਂ ਅਧਿਆਪਕ ਵਰਗ ਨਾਲ ਹੋ ਰਹੀ ਬੇਇਨਸਾਫੀ ਦੇ ਖ਼ਿਲਾਫ਼ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਵੱਲੋਂ ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਨਾਲ ਬੁਲਾਈ ਗਈ ਮੀਟਿੰਗ ਬੇਸਿੱਟਾ ਰਹੀ, ਜਿਸ ਤੋਂ ਬਾਅਦ 22 ਫਰਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਵਿਚ ਰੋਸ ਰੈਲੀ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਸਮੂਹ ਅਧਿਆਪਕ ਆਗੂਆਂ ਨੇ ਕਿਹਾ ਕਿ ਉਹ ਆਪਣੇ ਹੱਕਾਂ ਦੀ ਰੱਖਿਆ ਲਈ ਲੋਕਤੰਤਰਿਕ ਢੰਗ ਨਾਲ ਸੰਘਰਸ਼ ਜਾਰੀ ਰੱਖਣਗੇ ਅਤੇ ਸਰਕਾਰ ਨੂੰ ਅਪੀਲ ਕੀਤੀ ਕਿ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦੇ ਹੋਏ ਤੁਰੰਤ ਠੋਸ ਫ਼ੈਸਲਾ ਲਿਆ ਜਾਵੇ। ਉਸ ਸਮੇਂ ਹਾਜ਼ਰ ਆਗੂਆਂ ਵਿਚ ਅਜੇ ਕੁਮਾਰ, ਅਮਰਜੀਤ ਸਿੰਘ, ਦੀਪਾਂਕਰ ਮਿੱਤਲ, ਅਸ਼ਵਨੀ ਕੁਮਾਰ, ਹਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਜਗਤਾਰ ਸਿੰਘ, ਗੁਰਸ਼ਾਮ ਸਿੰਘ, ਦਰਸ਼ਨ ਲਾਲ, ਹਰਜਿੰਦਰ ਸਿੰਘ, ਦਿਲਪ੍ਰੀਤ ਸਿੰਘ ਆਦਿ ਹਾਜ਼ਰ ਸਨ।