ਹੜ੍ਹ ਪੀੜਤ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਾਰਚ ਅੱਜ ਹੜ੍ਹ ਪੀੜਤ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 25 ਨਵੰਬਰ ਨੂੰ ਹਰੀਕੇ ਪੱਤਣ ਤੋਂ ਮੱਖੂ ਤੱਕ ਕੱਢਿਆ ਜਾਵੇਗਾ ਮਾਰਚ
Publish Date: Tue, 24 Nov 2026 05:28 PM (IST)
Updated Date: Wed, 25 Nov 2026 04:05 AM (IST)
ਮੱਖੂ ਵਿਖੇ ਹੋਵੇਗੀ ਵੱਡੀ ਕਾਨਫਰੰਸ, ਮੰਗਾਂ ਚੋਣ ਮੈਨੀਫੈਸਟੋ ’ਚ ਦਰਜ ਨਾ ਕਰਨ ’ਤੇ ਸਿਆਸੀ ਪਾਰਟੀਆਂ ਦੇ ਪਿੰਡਾਂ ਵਿੱਚ ਦਾਖ਼ਲੇ ਦਾ ਵਿਰੋਧ ਕਰਨ ਦੀ ਚਿਤਾਵਨੀ ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ, ਮੱਲਾਂਵਾਲਾ : ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 25 ਨਵੰਬਰ ਨੂੰ ਹਰੀਕੇ ਪੱਤਣ ਤੋਂ ਮੱਖੂ ਤੱਕ ਮਾਰਚ ਕੱਢਿਆ ਜਾਵੇਗਾ। ਇਸ ਮਾਰਚ ਦੀ ਸਮਾਪਤੀ ਉਪਰੰਤ ਮੱਖੂ ਵਿਖੇ ਵੱਡੀ ਕਾਨਫਰੰਸ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜਸਬੀਰ ਸਿੰਘ ਆਲੂਵਾਲੀਆ ਨੇ ਦੱਸਿਆ ਕਿ ਇਸ ਮਾਰਚ ਰਾਹੀਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੁਨੇਹਾ ਦਿੱਤਾ ਜਾਵੇਗਾ ਕਿ ਉਹ ਹੜ੍ਹ ਪੀੜਤ ਕਿਸਾਨਾਂ ਦੀਆਂ ਮੰਗਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਆਪਣੇ ਚੋਣ ਮੈਨੀਫੈਸਟੋ ਵਿੱਚ ਦਰਜ ਕਰਨ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਜ਼ਮੀਨਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ, ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰਾਂ ਵੱਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਪੱਕੇ ਹੱਲ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ।ਉਨ੍ਹਾਂ ਦੱਸਿਆ ਕਿ ਜਥੇਬੰਦੀ ਦੀਆਂ ਮੁੱਖ ਮੰਗਾਂ ਵਿੱਚ ਹੜ੍ਹ ਪ੍ਰਭਾਵਿਤ ਕਿਸਾਨਾਂ ਦੀਆਂ ਕੱਚੀਆਂ ਜ਼ਮੀਨਾਂ ਨੂੰ ਪੱਕਾ ਕਰਨਾ, ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਰਾਖਵਾਂ ਕੋਟਾ ਦੇਣਾ ਅਤੇ ਦਰਿਆਈ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਕਰਨਾ ਸ਼ਾਮਲ ਹੈ।ਉਨ੍ਹਾਂ ਕਿਹਾ ਕਿ ਦਰਿਆਈ ਪਾਣੀ ਦੀ ਸਮੱਸਿਆ ਦੇ ਹੱਲ ਲਈ ਜਾਂ ਤਾਂ ਇਸ ਪਾਣੀ ਦਾ ਨਹਿਰੀਕਰਨ ਕੀਤਾ ਜਾਵੇ ਜਾਂ ਫਿਰ ਜਿਨ੍ਹਾਂ ਜ਼ਮੀਨਾਂ ਵਿੱਚੋਂ ਦਰਿਆ ਦਾ ਪਾਣੀ ਲੰਘਦਾ ਹੈ, ਉਨ੍ਹਾਂ ਕਿਸਾਨਾਂ ਨੂੰ ਪ੍ਰਤੀ ਏਕੜ ਇੱਕ ਲੱਖ ਰੁਪਏ ਸਾਲਾਨਾ ਮੁਆਵਜ਼ਾ ਦਿੱਤਾ ਜਾਵੇ।ਪ੍ਰਧਾਨ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਸਮੇਂ ਕਿਸਾਨਾਂ ਲਈ ਪੰਜ ਏਕੜ ਦੀ ਸੀਮਾ ਰੱਖੀ ਜਾਂਦੀ ਹੈ। ਜਥੇਬੰਦੀ ਦੀ ਮੰਗ ਹੈ ਕਿ ਇਸ ਸੀਮਾ ਨੂੰ ਖ਼ਤਮ ਕੀਤਾ ਜਾਵੇ ਅਤੇ ਕਿਸਾਨ ਦੀ ਜਿੰਨੀ ਵੀ ਜ਼ਮੀਨ ਹੜ੍ਹਾਂ ਨਾਲ ਪ੍ਰਭਾਵਿਤ ਹੋਈ ਹੈ, ਉਸ ਸਾਰੀ ਜ਼ਮੀਨ ਦਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਨੂੰ ਸਿਆਸੀ ਪਾਰਟੀਆਂ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਦਰਜ ਕਰਨਾ ਚਾਹੀਦਾ ਹੈ, ਤਾਂ ਜੋ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਪੱਕਾ ਹੱਲ ਹੋ ਸਕੇ।ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਜੇਕਰ ਆਉਣ ਵਾਲੀਆਂ ਚੋਣਾਂ ਵਿੱਚ ਸਿਆਸੀ ਪਾਰਟੀਆਂ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀਆਂ ਮੰਗਾਂ ਨੂੰ ਆਪਣੇ ਚੋਣ ਮੈਨੀਫੈਸਟੋ ਵਿੱਚ ਦਰਜ ਨਾ ਕੀਤਾ ਤਾਂ ਉਨ੍ਹਾਂ ਨੂੰ ਪਿੰਡਾਂ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਵਾਲੀਆਂ ਸਿਆਸੀ ਪਾਰਟੀਆਂ ਦਾ ਵਿਰੋਧ ਕੀਤਾ ਜਾਵੇਗਾ।ਇਸ ਮੌਕੇ ਜਥੇਬੰਦੀ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 25 ਨਵੰਬਰ ਨੂੰ ਹਰੀਕੇ ਪੱਤਣ ਤੋਂ ਮੱਖੂ ਤੱਕ ਕੱਢੇ ਜਾਣ ਵਾਲੇ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਸਰਕਾਰ ਅਤੇ ਸਿਆਸੀ ਪਾਰਟੀਆਂ ਤੱਕ ਪਹੁੰਚਾਉਣ ਲਈ ਇਸ ਮਾਰਚ ਵਿੱਚ ਕਿਸਾਨਾਂ ਦੀ ਵੱਡੀ ਸ਼ਮੂਲੀਅਤ ਜ਼ਰੂਰੀ ਹੈ। ਇਸ ਮੌਕੇ ਸੁਖਵਿੰਦਰ ਸਿੰਘ ਬੰਡਾਲਾ ਕੋਰ ਕਮੇਟੀ ਮੈਂਬਰ ਪੰਜਾਬ, ਕੇਵਲ ਸਿੰਘ ਕੁਰ ਕਮੇਟੀ ਮੈਂਬਰ ਪੰਜਾਬ, ਸੁਖਵੰਤ ਸਿੰਘ ਖਜਾਨਚੀ, ਮੇਜਰ ਸਿੰਘ ਬੰਡਾਲਾ ਮੈਂਬਰ ਜ਼ਿਲ੍ਹਾ ਕੋਰ ਕਮੇਟੀ, ਕਰਨੈਲ ਸਿੰਘ ਮੈਂਬਰ ਜ਼ਿਲ੍ਹਾ ਕੋਰ ਕਮੇਟੀ, ਪਲਵਿੰਦਰ ਸਿੰਘ, ਬਲਜੀਤ ਸਿੰਘ, ਬਲਜਿੰਦਰ ਸਿੰਘ ਮੁਠਿਆਂਵਾਲਾ ਸੀਨੀਅਰ ਮੀਤ ਪ੍ਰਧਾਨ ਜਿਲਾ ਫਿਰੋਜ਼ਪੁਰ, ਰਵਿੰਦਰ ਸਿੰਘ ਜ਼ਿਲਾ ਵਾਈਸ ਪ੍ਰਧਾਨ ਫਿਰੋਜ਼ਪੁਰ ਆਦਿ ਹਾਜਿਰ ਸਨ।