- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਲੱਖੋ ਕੇ ਬਹਿਰਾਮ ਨੇੜੇ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਬੀਤੀ ਰਾਤ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਲੱਖੋ ਕੇ ਬਹਿਰਾਮ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਨੇੜੇ ਸਥਿਤ ਪਰਾਲੀ ਦੇ ਇਕ ਡੰਪ ਨੂੰ ਭਿਆਨਕ ਅੱਗ ਲੱਗਣ ਦੀ ਖਬਰ ਮਿਲੀ ਹੈ। ਅੱਗ ਇੰਨੀ ਜ਼ਬਰਦਸਤ ਸੀ ਕਿ ਦੇਖਦਿਆਂ ਹੀ ਦੇਖਦਿਆਂ ਧੂੰਏਂ ਦੇ ਉੱਚੇ ਗੁਬਾਰ ਉੱਠਣ ਲੱਗੇ ਅਤੇ ਇਲਾਕੇ ਵਿਚ ਅਫ਼ੜਾ-ਤਫ਼ੜੀ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਵਿੱਚ ਜੁੱਟ ਗਈਆਂ ਸਨ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਵੱਲੋਂ ਅੱਗ ਬੁਝਾਉਣ ਲਈ ਕਾਫ਼ੀ ਜਦੋ-ਜਹਿਦ ਕੀਤੀ ਜਾ ਰਹੀ ਹੈ, ਪਰ ਅੱਗ ਬੇਕਾਬੂ ਹੋ ਕੇ ਲਗਾਤਾਰ ਵੱਧ ਰਹੀ ਸੀ। ਇਸ ਭਿਆਨਕ ਅੱਗ ਦੀ ਲਪੇਟ ਵਿਚ ਆਉਣ ਨਾਲ ਪਰਾਲੀ ਦੀਆਂ ਲਗਭਗ 1000 ਦੇ ਕਰੀਬ ਗੱਠਾਂ ਸੜ ਕੇ ਸੁਆਹ ਹੋ ਚੁੱਕੀਆਂ ਹਨ, ਜਿਸ ਨਾਲ ਡੰਪ ਮਾਲਕ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਹਾਲੇ ਤੱਕ ਕੋਈ ਸਪੱਸ਼ਟ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ ਮੌਕੇ ’ਤੇ ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਇਲਾਕਾ ਨਿਵਾਸੀਆਂ ਵੱਲੋਂ ਇਹ ਸ਼ੰਕਾ ਪ੍ਰਗਟਾਈ ਜਾ ਰਹੀ ਹੈ ਕਿ ਕਿਸੇ ਸ਼ਰਾਰਤੀ ਅਨਸਰ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੋ ਸਕਦਾ ਹੈ।