- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਦੋਨਾ ਮੱਤੜ, ਗੱਟੀ ਮੱਤੜ ਵਿਖੇ ਵਿਸ਼ੇਸ਼ ਡਰੱਗ ਅਵੇਅਰਨੈੱਸ ਕੈਂਪ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐੱਸ.ਡੀ.ਐੱਮ. ਗੁਰੂਹਰਸਹਾਏ ਹਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਡਰੱਗ ਹਾਟ ਸਪਾਟ ਪਿੰਡ ਦੋਨਾ ਮੱਤੜ ਅਤੇ ਗੱਟੀ ਮੱਤੜ ਵਿਖੇ ਵਿਸ਼ੇਸ਼ ਡਰੱਗ ਅਵੇਅਰਨੈੱਸ ਕੈਂਪ ਲਗਾਏ ਗਏ। ਕੈਂਪਾਂ ਦੌਰਾਨ ਸਿਹਤ ਵਿਭਾਗ ਤੋਂ ਕਾਊਂਸਲਰ ਧਰਮਪ੍ਰੀਤ ਸਿੰਘ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਅਤੇ ਆਸ-ਪਾਸ ਦੇ ਲੋਕਾਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਨਸ਼ਾ ਕਰਨ ਵਾਲੇ ਵਿਅਕਤੀ ਦੀ ਸਿਹਤ ਨੂੰ ਹੀ ਪ੍ਰਭਾਵਿਤ ਨਹੀਂ ਕਰਦਾ, ਸਗੋਂ ਇਸ ਦਾ ਮਾੜਾ ਪ੍ਰਭਾਵ ਪੂਰੇ ਪਰਿਵਾਰ ਅਤੇ ਸਮਾਜ ’ਤੇ ਪੈਂਦਾ ਹੈ। ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਰਕਾਰ ਦੇ ਯਤਨਾਂ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਸਿਹਤ ਵਿਭਾਗ ਦੇ ਸਟਾਫ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਨੂੰ ਨਫ਼ਰਤ ਕਰਨ ਦੀ ਬਜਾਏ ਉਨ੍ਹਾਂ ਨਾਲ ਹਮਦਰਦੀ ਅਪਣਾਉਂਦਿਆਂ ਇਲਾਜ ਅਤੇ ਮੁੜ ਵਸੇਬੇ ਲਈ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਨਸ਼ੇ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਇਸ ਤੋਂ ਇਲਾਵਾ ਹਾਜ਼ਰ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਗਈ ਕਿ ਉਹ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ। ਲੋਕਾਂ ਨੂੰ ਨਸ਼ੇ ਨਾਲ ਸਬੰਧਤ ਕਿਸੇ ਵੀ ਸਮੱਸਿਆ ਦੀ ਸੂਰਤ ਵਿੱਚ ਨੇੜਲੇ ਓਟ ਸੈਂਟਰ ਨਾਲ ਸੰਪਰਕ ਕਰਕੇ ਇਲਾਜ ਅਤੇ ਕਾਊਂਸਲਿੰਗ ਦੀਆਂ ਸਹੂਲਤਾਂ ਦਾ ਲਾਭ ਲੈਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਮੰਗਲ ਸਿੰਘ (ਮ.ਪ.ਹ.ਵ), ਪ੍ਰਭਜੋਤ ਕੌਰ, ਆਸ਼ਾ ਵਰਕਰ ਕੁਲਵੰਤ ਕੌਰ ਅਤੇ ਚਰਨਜੀਤ ਕੌਰ ਆਦਿ ਹਾਜ਼ਰ ਸਨ।