‘ਆਪ’ ਸਰਕਾਰ ਔਰਤਾਂ ਦਾ ਸਤਿਕਾਰ ਕਰਨਾ ਭੁੱਲੀ : ਗਿੱਲ
ਆਪ ਸਰਕਾਰ ਮਹਿਲਾਵਾਂ ਦਾ ਸਤਿਕਾਰ ਕਰਨਾ ਭੁੱਲੀ
Publish Date: Sat, 14 Mar 2026 05:06 PM (IST)
Updated Date: Sat, 14 Mar 2026 05:09 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਨਗਰ ਕੌਂਸਲ ਜ਼ੀਰਾ ਦੇ ਸਾਬਕਾ ਪ੍ਰਧਾਨ ਡਾ. ਰਸ਼ਪਾਲ ਸਿੰਘ, ਰਾਜੀਵ ਗਾਂਧੀ ਪੰਚਾਇਤ ਰਾਜ ਸੰਗਠਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਕੌਂਸਲਰ ਗੁਰਭਗਤ ਸਿੰਘ ਗਿੱਲ ਨੇ ਕਿਹਾ ਕਿ ਬੀਤੇ ਦਿਨੀਂ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਔਰਤਾਂ ਪ੍ਰਤੀ ਵਰਤੀ ਗਈ ਸ਼ਬਦਾਵਲੀ ਬੇਹੱਦ ਮੰਦਭਾਗੀ ਅਤੇ ਨਿੰਦਨਯੋਗ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੂਬੇ ਦਾ ਸਭ ਤੋਂ ਉੱਚਾ ਅਹੁਦਾ ਰੱਖਣ ਵਾਲਾ ਵਿਅਕਤੀ ਹੁੰਦਾ ਹੈ ਅਤੇ ਉਸ ਦੀ ਬੋਲੀ ਤੇ ਵਰਤੋਂ ਸੂਬੇ ਦੇ ਲੋਕਾਂ ਲਈ ਇੱਕ ਮਿਸਾਲ ਬਣਦੀ ਹੈ। ਇਸ ਲਈ ਔਰਤਾਂ ਬਾਰੇ ਇਸ ਤਰ੍ਹਾਂ ਦੀ ਟਿੱਪਣੀ ਕਰਨਾ ਕਿਸੇ ਵੀ ਤਰੀਕੇ ਨਾਲ ਠੀਕ ਨਹੀਂ ਮੰਨਿਆ ਜਾ ਸਕਦਾ। ਆਗੂਆਂ ਨੇ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਹਰ ਵਰਗ ਦੇ ਲੋਕਾਂ ਦਾ ਚਹੁਪੱਖੀ ਵਿਕਾਸ ਕਰਨਾ ਹੁੰਦਾ ਹੈ, ਪਰ ਮੌਜੂਦਾ ਸਰਕਾਰ ਗੰਭੀਰ ਮੁੱਦਿਆਂ ਤੋਂ ਧਿਆਨ ਹਟਾ ਕੇ ਸਿਰਫ਼ ਜੁਮਲੇਬਾਜ਼ੀ ਤੱਕ ਹੀ ਸੀਮਤ ਰਹਿ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਅੱਜ ਅਪਰਾਧ ਅਤੇ ਨਸ਼ਿਆਂ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਪਰ ਮੁੱਖ ਮੰਤਰੀ ਇਨ੍ਹਾਂ ਮੁੱਦਿਆਂ ਉੱਤੇ ਧਿਆਨ ਦੇਣ ਦੀ ਬਜਾਏ ਮੰਚਾਂ ’ਤੇ ਚੁਟਕਲੇ ਸੁਣਾਉਣ ਅਤੇ ਨਿੱਜੀ ਗੱਲਾਂ ਕਰਨ ਵਿੱਚ ਵੱਧ ਰੁਚੀ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਹੁਣ ਹਕੀਕਤ ਨੂੰ ਸਮਝ ਰਹੇ ਹਨ ਅਤੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਗਿੱਲ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਲੋਕਪ੍ਰਿਅਤਾ ਲਗਾਤਾਰ ਘਟ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ ਕਿਉਂਕਿ ਮੌਜੂਦਾ ਸਰਕਾਰ ਦੇ ਸਮੇਂ ਵਿੱਚ ਵਿਕਾਸ ਕਾਰਜ ਦੂਰ-ਦੂਰ ਤੱਕ ਨਜ਼ਰ ਨਹੀਂ ਆ ਰਹੇ।