ਨੀਟ ਪੇਪਰ ਲੀਕ ਅਤੇ ਵਿਦਿਆਰਥੀਆਂ ਨਾਲ ਕਥਿਤ ਕੁੱਟਮਾਰ ਖ਼ਿਲਾਫ਼ ਫਿਰੋਜ਼ਪੁਰ ’ਚ ‘ਆਪ’ ਦਾ ਰੋਸ ਮਾਰਚ ਨੀਟ ਪੇਪਰ ਲੀਕ ਅਤੇ ਵਿਦਿਆਰਥੀਆਂ ਨਾਲ ਕਥਿਤ ਕੁੱਟਮਾਰ ਖ਼ਿਲਾਫ਼ ਫਿਰੋਜ਼ਪੁਰ ’ਚ ‘ਆਪ’ ਦਾ ਰੋਸ ਮਾਰਚ
Publish Date: Sat, 25 Jul 2026 04:41 PM (IST)
Updated Date: Sat, 25 Jul 2026 04:43 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਨੀਟ ਪ੍ਰੀਖਿਆ ਦੇ ਕਥਿਤ ਪੇਪਰ ਲੀਕ ਮਾਮਲੇ ਅਤੇ ਦਿੱਲੀ ਵਿਚ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਦਿੱਲੀ ਪੁਲਿਸ ਵੱਲੋਂ ਕਥਿਤ ਕੁੱਟਮਾਰ ਦੇ ਵਿਰੋਧ ਵਿੱਚ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਫਿਰੋਜ਼ਪੁਰ ਸ਼ਹਿਰ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਦਿੱਲੀ ਗੇਟ ਤੋਂ ਬਾਂਸੀ ਗੇਟ ਤੱਕ ਰੋਸ ਮਾਰਚ ਕੱਢਿਆ ਅਤੇ ਥਾਲੀਆਂ ਖੜਕਾ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੋਸ ਮਾਰਚ ਦੌਰਾਨ ਵਰਕਰਾਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿਚ ਆਵਾਜ਼ ਬੁਲੰਦ ਕੀਤੀ। ਆਗੂਆਂ ਨੇ ਦੋਸ਼ ਲਗਾਇਆ ਕਿ ਦੇਸ਼ ਵਿੱਚ ਪੇਪਰ ਲੀਕ ਦੀਆਂ ਘਟਨਾਵਾਂ ਕਾਰਨ ਨੌਜਵਾਨਾਂ ਦਾ ਭਵਿੱਖ ਦਾਅ ਤੇ ਲੱਗ ਰਿਹਾ ਹੈ ਅਤੇ ਸ਼ਾਂਤੀਪੂਰਨ ਢੰਗ ਨਾਲ ਆਪਣੀ ਗੱਲ ਰੱਖਣ ਵਾਲੇ ਵਿਦਿਆਰਥੀਆਂ ਨਾਲ ਕਥਿਤ ਤੌਰ ਤੇ ਸਖ਼ਤੀ ਵਰਤੀ ਜਾ ਰਹੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਰਵੱਈਆ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ ਅਤੇ ਵਿਰੋਧ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀ ਗੱਲ ਸ਼ਾਂਤੀਪੂਰਨ ਢੰਗ ਨਾਲ ਰੱਖਣ ਦਾ ਅਧਿਕਾਰ ਹੈ ਅਤੇ ਇਸ ਅਧਿਕਾਰ ਦਾ ਸਤਿਕਾਰ ਹੋਣਾ ਚਾਹੀਦਾ ਹੈ। ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਅਤੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ, ਜਿਸ ਦਾ ਆਮ ਆਦਮੀ ਪਾਰਟੀ ਡਟ ਕੇ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਲੋਕਾਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਪੱਧਰ ’ਤੇ ਸੰਘਰਸ਼ ਜਾਰੀ ਰੱਖੇਗੀ। ਪ੍ਰਦਰਸ਼ਨ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪੇਪਰ ਲੀਕ ਵਰਗੀਆਂ ਘਟਨਾਵਾਂ ਨਾਲ ਲੱਖਾਂ ਵਿਦਿਆਰਥੀਆਂ ਦੀ ਮਿਹਨਤ ਅਤੇ ਭਵਿੱਖ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਉਨ੍ਹਾਂ ਦੀਆਂ ਚਿੰਤਾਵਾਂ ਦਾ ਹੱਲ ਕੀਤਾ ਜਾਵੇ। ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ‘ਆਪ’ ਦੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਦੀਆਂ ਕਥਿਤ ਲੋਕ-ਵਿਰੋਧੀ ਨੀਤੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਐਲਾਨ ਕੀਤਾ ਕਿ ਪੰਜਾਬ ਦੇ ਹੱਕਾਂ ਅਤੇ ਲੋਕਤੰਤਰੀ ਮੁੱਲਾਂ ਦੀ ਰਾਖੀ ਲਈ ਉਨ੍ਹਾਂ ਦਾ ਸੰਘਰਸ਼ ਭਵਿੱਖ ਵਿੱਚ ਵੀ ਜਾਰੀ ਰਹੇਗਾ।