ਸਾਬਕਾ ਅਕਾਲੀ ਵਿਧਾਇਕ ਜੋਗਿੰਦਰ ਜਿੰਦੂ ਦੇ ਘਰ ਅੱਗੇ ‘ਆਪ’ ਦਾ ਰੋਸ ਪ੍ਰਦਰਸ਼ਨ
ਮੁੱਖ ਮੰਤਰੀ ਮਾਨ ਦੇ ਹੱਕ ’ਚ ‘ਆਪ’ ਦਾ ਵੱਡਾ ਐਕਸ਼ਨ
Publish Date: Sat, 20 Jun 2026 06:32 PM (IST)
Updated Date: Sat, 20 Jun 2026 06:33 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸਬੰਧਤ ਇਕ ਕਥਿਤ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭੱਖ ਗਈ ਹੈ। ਇਸ ਵਿਵਾਦ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ (ਆਪ) ਨੇ ਸ਼ਨੀਚਰਵਾਰ ਨੂੰ ਸੂਬੇ ਭਰ ਵਿਚ ਸ੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ ਅਤੇ ਸਾਬਕਾ ਵਿਧਾਇਕਾਂ ਦੇ ਘਰਾਂ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ। ਇਸੇ ਸਿਲਸਿਲੇ ਵਿੱਚ ਫਿਰੋਜ਼ਪੁਰ ਵਿਖੇ ਵੀ ਸਾਬਕਾ ਅਕਾਲੀ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੇ ਘਰ ਮੂਹਰੇ ‘ਆਪ’ ਆਗੂਆਂ ਨੇ ਵਿਸ਼ਾਲ ਧਰਨਾ ਦੇ ਕੇ ਜੰਮ ਕੇ ਭੜਾਸ ਕੱਢੀ।ਇਸ ਮੌਕੇ ਸਰਕਾਰ ਅਤੇ ਸੰਗਠਨ ਦੀ ਮਜ਼ਬੂਤੀ ਦਿਖਾਉਂਦਿਆਂ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ, ਵਿਧਾਇਕ ਰਜਨੀਸ਼ ਦਹੀਆ, ਵਿਧਾਇਕ ਫੌਜਾ ਸਿੰਘ ਸਰਾਰੀ, ਵਿਧਾਇਕ ਨਰੇਸ਼ ਕਟਾਰੀਆ, ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ, ਸੀਨੀਅਰ ‘ਆਪ’ ਆਗੂ ਡਾ. ਅਮਨਦੀਪ ਕੌਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰ ਅਤੇ ਸਥਾਨਕ ਵਰਕਰ ਮੌਜ਼ੂਦ ਸਨ। ਇਨ੍ਹਾਂ ਸਾਰੇ ਆਗੂਆਂ ਨੇ ਅਕਾਲੀ ਦਲ ਦੇ ਫਿਰੋਜ਼ਪੁਰ ਦਿਹਾਤੀ ਦੇ ਮੁੱਖ ਆਗੂ ਜੋਗਿੰਦਰ ਸਿੰਘ ਜਿੰਦੂ ਦੇ ਨਿਵਾਸ ਅੱਥੇ ਬੈਠ ਕੇ ਵਿਰੋਧੀ ਧਿਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਇਕੱਠੇ ਹੋਏ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਸੀਨੀਅਰ ਵਿਧਾਇਕਾਂ ਅਤੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵੱਧਦੀ ਹਰਮਨਪਿਆਰਤਾ ਤੋਂ ਵਿਰੋਧੀ ਪਾਰਟੀਆਂ ਬੁਖ਼ਲਾ ਗਈਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਨੂੰ ਸਿਆਸੀ ਅਤੇ ਸਮਾਜਿਕ ਤੌਰ ’ਤੇ ਬਦਨਾਮ ਕਰਨ ਦੀ ਸਾਜ਼ਿਸ਼ ਤਹਿਤ ਇੱਕ ਝੂਠੀ ਤੇ ਕਥਿਤ ਵੀਡੀਓ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਕੀਤਾ ਗਿਆ ਹੈ। ‘ਆਪ’ ਆਗੂਆਂ ਨੇ ਦਾਅਵਾ ਕੀਤਾ ਕਿ ਇਸ ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਮੁੱਖ ਮੰਤਰੀ ਭਗਵੰਤ ਮਾਨ ਬਿਲਕੁਲ ਨਹੀਂ ਹੈ, ਸਗੋਂ ਇਹ ਵਿਰੋਧੀ ਧਿਰ ਵੱਲੋਂ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਫੈਲਾਇਆ ਗਿਆ ਇੱਕ ਕੋਝਾ ਅਤੇ ਭਰਾਮਕ ਪ੍ਰਚਾਰ ਹੈ। ਸੱਤਾਧਾਰੀ ਪਾਰਟੀ ਦੇ ਆਗੂਆਂ ਨੇ ਸ਼ਰੋਮਣੀ ਅਕਾਲੀ ਦਲ ਤੇ ਸਿੱਧਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਲੋਕ ਪੰਜਾਬ ਦੀ ਅਮਨ-ਸ਼ਾਂਤੀ ਅਤੇ ਸਿਆਸੀ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵਿਰੋਧੀਆਂ ਕੋਲ ਵਿਕਾਸ ਦੇ ਮੁੱਦਿਆਂ ’ਤੇ ਬੋਲਣ ਲਈ ਕੁਝ ਨਹੀਂ ਬਚਿਆ, ਤਾਂ ਉਹ ਨਕਾਰਾਤਮਕ ਅਤੇ ਨੀਵੇਂ ਪੱਧਰ ਦੀ ਰਾਜਨੀਤੀ ਤੇ ਉਤਰ ਆਏ ਹਨ। ਪਾਰਟੀ ਆਗੂਆਂ ਅਨੁਸਾਰ ਪੰਜਾਬ ਦੀ ਸੂਝਵਾਨ ਜਨਤਾ ਇਨ੍ਹਾਂ ਦੀਆਂ ਚਾਲਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਇਸੇ ਭਰਾਮਕ ਪ੍ਰਚਾਰ ਦੇ ਵਿਰੋਧ ਵਿੱਚ ਅੱਜ ਪੂਰੇ ਪੰਜਾਬ ਅੰਦਰ ਅਕਾਲੀ ਆਗੂਆਂ ਦੇ ਘਰਾਂ ਬਾਹਰ ਸ਼ਾਂਤੀਪੂਰਨ ਤਰੀਕੇ ਨਾਲ ਧਰਨੇ ਦਿੱਤੇ ਜਾ ਰਹੇ ਹਨ। ਉਧਰ ਸਾਬਕਾ ਅਕਾਲੀ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਆਪ ਦੇ ਪ੍ਰਦਰਸ਼ਨ ਨੂੰ ਬੇਬੁਨਿਆਦ ਦੱਸਿਆ। ਇਸ ਮੋਕੇ ਹੋਰਨਾਂ ਤੋਂ ਇਲਾਵਾ ਆਪ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਘਾਂਗਾ, ਬਲਾਕ ਸੰਮਤੀ ਫਿਰੋਜ਼ਪੁਰ ਚੇਅਰਮੈਨ ਦਿਲਬਾਗ ਸਿੰਘ ਨੰਡਾ, ਡਾ. ਅੰਮ੍ਰਿਤਪਾਲ ਸਿੰਘ ਸੋਢੀ, ਸੁਖਰਾਜ ਸਿੰਘ ਗੋਰਾ, ਹਰਮੀਤ ਸਿੰਘ ਖਾਈ, ਸੁਖਚੈਨ ਸਿੰਘ ਖਾਈ, ਰਾਜਬਹਾਦੁਰ ਸਿੰਘ, ਬਲਰਾਜ ਕਟੌਰਾ ਤੇ ਹੋਰ ਵੀ ਕਈ ਹਾਜ਼ਰ ਸਨ। ਸ਼੍ਰੀ ਅਕਾਲ ਤਖਤ ਤੋਂ ਆਏ ਆਦੇਸ਼ ’ਤੇ ਨਾ ਹੋਵੇ ਰਾਜਨੀਤੀ : ਜੋਗਿੰਦਰ ਜਿੰਦੂ ਦੂਜੇ ਪਾਸੇ ਇਸ ਸਾਰੇ ਮਾਮਲੇ ’ਤੇ ਆਪਣਾ ਪੱਖ ਰੱਖਦਿਆਂ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ‘ਆਪ’ ਦੇ ਪ੍ਰਦਰਸ਼ਨ ਨੂੰ ਬੇਬੁਨਿਆਦ ਦੱਸਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਏ ਗਏ ਕਿਸੇ ਵੀ ਫੈਸਲੇ ਜਾਂ ਚੱਲ ਰਹੇ ਮਾਮਲੇ ਨਾਲ ਸ਼ਰੋਮਣੀ ਅਕਾਲੀ ਦਲ ਦਾ ਕੋਈ ਸਿੱਧਾ ਸਬੰਧ ਨਹੀਂ ਹੈ। ਜਿੰਦੂ ਨੇ ਆਖਿਆ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸਰਵਉੱਚ ਸੰਸਥਾ ਹੈ ਅਤੇ ਉੱਥੋਂ ਆਇਆ ਕੋਈ ਵੀ ਆਦੇਸ਼ ਪੂਰੀ ਤਰ੍ਹਾਂ ਧਾਰਮਿਕ ਮਰਿਆਦਾ ਅਨੁਸਾਰ ਹੁੰਦਾ ਹੈ, ਇਸ ਲਈ ਇਸ ਪੂਰੇ ਘਟਨਾਕ੍ਰਮ ਨੂੰ ਰਾਜਨੀਤਿਕ ਚਸ਼ਮੇ ਨਾਲ ਨਹੀਂ ਵੇਖਣਾ ਚਾਹੀਦਾ।