ਪਰਾਲੀ ਪ੍ਰਬੰਧਨ ਨੂੰ ਲੈ ਕੇ ਏਡੀਸੀ ਡੀ. ਕ੍ਰਿਸ਼ਨਾ ਪਾਲ ਰਾਜਪੂਤ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਪਰਾਲੀ ਪ੍ਰਬੰਧਨ ਨੂੰ ਲੈ ਕੇ ਏਡੀਸੀ ਡੀ. ਕ੍ਰਿਸ਼ਨਾ ਪਾਲ ਰਾਜਪੂਤ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ
Publish Date: Sun, 27 Sep 2026 04:25 PM (IST)
Updated Date: Sun, 27 Sep 2026 04:27 PM (IST)
ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਝੋਨੇ ਦੀ ਕਟਾਈ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਏਡੀਸੀ (ਡੀ) ਕ੍ਰਿਸ਼ਨਾ ਪਾਲ ਰਾਜਪੂਤ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨਾਲ ਸਿੱਧਾ ਸੰਵਾਦ ਕਰਦਿਆਂ ਪਰਾਲੀ ਦੇ ਸੁਚੱਜੇ ਅਤੇ ਵਿਗਿਆਨਕ ਢੰਗ ਨਾਲ ਪ੍ਰਬੰਧਨ ਸਬੰਧੀ ਜਾਣਕਾਰੀ ਸਾਂਝੀ ਕੀਤੀ। ਦੌਰੇ ਦੌਰਾਨ ਏਡੀਸੀ ਦੇ ਨਾਲ ਹਿਮਾਂਸ਼ੂ, ਆਈਏਐਸ ਅੰਡਰ ਟਰੇਨਿੰਗ, ਖੇਤੀਬਾੜੀ ਅਫਸਰ ਨੀਰਜ ਸ਼ਰਮਾ, ਖੇਤੀਬਾੜੀ ਵਿਕਾਸ ਅਫਸਰ ਅਭਿਨਵ ਗਿਰਧਰ, ਜੇ.ਟੀ. ਆਸ਼ੋਕ ਅਤੇ ਅਸ਼ਵਨੀ ਹਾਂਡਾ ਵੀ ਹਾਜ਼ਰ ਸਨ। ਅਧਿਕਾਰੀਆਂ ਦੀ ਟੀਮ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਸਰਕਾਰ ਵੱਲੋਂ ਉਪਲਬਧ ਕਰਵਾਈ ਜਾ ਰਹੀ ਮਸ਼ੀਨਰੀ ਅਤੇ ਵੱਖ-ਵੱਖ ਵਿਗਿਆਨਕ ਤਰੀਕਿਆਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਏਡੀਸੀ ਡੀ. ਕ੍ਰਿਸ਼ਨਾ ਪਾਲ ਰਾਜਪੂਤ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤ ਵਿੱਚ ਹੀ ਸੰਭਾਲਣ ਜਾਂ ਬੇਲਰ ਆਦਿ ਮਸ਼ੀਨਰੀ ਰਾਹੀਂ ਇਕੱਠਾ ਕਰਕੇ ਯੋਗ ਢੰਗ ਨਾਲ ਵਰਤੋਂ ਵਿੱਚ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪਰਾਲੀ ਪ੍ਰਬੰਧਨ ਵਿੱਚ ਬੇਲਰ ਮਾਲਕਾਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਅਤੇ ਮਸ਼ੀਨਰੀ ਮਾਲਕਾਂ ਦੇ ਸਹਿਯੋਗ ਨਾਲ ਪਰਾਲੀ ਸਾੜਨ ਦੀ ਸਮੱਸਿਆ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਖੇਤੀਬਾੜੀ ਅਫਸਰ ਨੀਰਜ ਸ਼ਰਮਾ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਪ੍ਰਦੂਸ਼ਿਤ ਹੁੰਦੀ ਹੈ ਅਤੇ ਧੂੰਏਂ ਕਾਰਨ ਲੋਕਾਂ ਦੀ ਸਿਹਤ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਹਵਾ ਪ੍ਰਦੂਸ਼ਣ ਕਾਰਨ ਸਾਹ ਨਾਲ ਸਬੰਧਤ ਸਮੱਸਿਆਵਾਂ, ਦਮੇ ਅਤੇ ਹੋਰ ਬਿਮਾਰੀਆਂ ਦਾ ਖਤਰਾ ਵਧ ਸਕਦਾ ਹੈ। ਇਸ ਤੋਂ ਇਲਾਵਾ ਪਰਾਲੀ ਸਾੜਨ ਨਾਲ ਮਿੱਟੀ ਵਿੱਚ ਮੌਜੂਦ ਲਾਭਦਾਇਕ ਤੱਤ ਅਤੇ ਸੂਖਮ ਜੀਵ ਪ੍ਰਭਾਵਿਤ ਹੁੰਦੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਅਸਰ ਪੈ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਸੁਰੱਖਿਆ, ਮਿੱਟੀ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ-ਸੁਥਰਾ ਵਾਤਾਵਰਣ ਦੇਣ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਅਧਿਕਾਰੀਆਂ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਹਰ ਸੰਭਵ ਤਕਨੀਕੀ ਜਾਣਕਾਰੀ ਅਤੇ ਸਹਿਯੋਗ ਮੁਹੱਈਆ ਕਰਵਾਇਆ ਜਾ ਰਿਹਾ ਹੈ।