- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਏਡੀਸੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 15 ਅਗਸਤ ਨੂੰ ਆਯੋਜਿਤ ਹੋਣ ਵਾਲਾ ਸੁਤੰਤਰਤਾ ਦਿਵਸ ਸਮਾਗਮ ਸਥਾਨਕ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਦੀਪਸ਼ਿਖ਼ਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਮਾਗਮ ਨੂੰ ਦੇਸ਼ ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿਚ ਹਾਜ਼ਰ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸੁਤੰਤਰਤਾ ਦਿਵਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਈ ਜਾਵੇ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿਚੋਂ ਨਗਰ ਕੌਂਸਲ, ਸਿੱਖਿਆ ਵਿਭਾਗ, ਸਿਹਤ ਵਿਭਾਗ, ਪੀਡਬਲਯੂਡੀ ਵਿਭਾਗ, ਪੁਲਿਸ ਵਿਭਾਗ, ਜੰਗਲਾਤ ਵਿਭਾਗ, ਬਾਗ਼ਬਾਨੀ ਵਿਭਾਗ, ਡੇਅਰੀ ਵਿਭਾਗ, ਖੇਡ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਡੀਡੀਪੀਓ, ਯੁਵਕ ਸੇਵਾਵਾਂ ਵਿਭਾਗ ਅਤੇ ਖ਼ੁਰਾਕ ਸਪਲਾਈ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ ਆਦਿ ਸ਼ਾਮਲ ਸਨ ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ ਸ਼ੁਰੂ ਕਰਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਵੀਆਈਪੀ ਸਟੇਜ਼ ਅਤੇ ਗਰਾਊਂਡ ਦੀ ਸਫਾਈ, ਵਾਹਨਾਂ ਦੀ ਪਾਰਕਿੰਗ, ਸਲਾਮੀ ਵਾਲੀ ਥਾਂ ’ਤੇ ਸਲੂਟਿੰਗ ਬੇਸ ਤਿਆਰ ਕਰਨ ਅਤੇ ਕੌਮੀ ਝੰਡੇ ਦਾ ਪ੍ਰਬੰਧ ਕਰਨ, ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ਵਿਖੇ ਪ੍ਰਬੰਧ ਕਰਨ, ਚੌਂਕਾਂ ਦੀ ਸਜਾਵਟ, ਟਰਾਂਸਪੋਰਟ, ਪਾਰਕਿੰਗ, ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ, ਡਾਕਟਰੀ ਸਹਾਇਤਾ, ਨਿਰਵਿਘਨ ਬਿਜਲੀ ਸਪਲਾਈ, ਫਾਇਰ ਬ੍ਰਿਗੇਡ, ਪਖਾਨੇ ਆਦਿ ਦੇ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਨੂੰ ਹਦਾਇਤ ਕੀਤੀ ਕਿ ਸੁਤੰਤਰਤਾ ਦਿਵਸ ਸਮਾਗਮ ਨੂੰ ਸੁਰੱਖਿਅਤ ਅਤੇ ਵਧੀਆ ਤਰੀਕੇ ਨਾਲ ਆਯੋਜਿਤ ਕਰਨ ਦੇ ਲਈ ਜੋ ਵੀ ਕੰਮ ਸੌਂਪਿਆ ਗਿਆ ਹੈ ਉਸ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਕੀਤੀ ਜਾਵੇ। ਇਸ ਮੌਕੇ ਐੱਸਡੀਐੱਮ ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਐੱਸਪੀ ਮਨਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਕੋਮਲ ਅਰੋੜਾ, ਜ਼ਿਲ੍ਹਾ ਭਾਸ਼ਾ ਅਫ਼ਸਰ ਜਗਦੀਪ ਸਿੰਘ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।