ਸਿਹਤ ਯੋਜਨਾ ਦੇ ਕਾਰਡ ਬਣਾਉਣ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼
ਵਧੀਕ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Publish Date: Mon, 16 Feb 2026 04:47 PM (IST)
Updated Date: Mon, 16 Feb 2026 04:51 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਚੱਲ ਰਹੇ ਕੰਮਾਂ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬੰਬਾਹ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ਼ਾਮਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਇੱਕ ਨਕਦ ਰਹਿਤ ਸਿਹਤ ਬੀਮਾ ਯੋਜਨਾ ਹੈ, ਜਿਸ ਦਾ ਮੰਤਵ ਪੰਜਾਬ ਦੇ ਸਾਰੇ ਵਸਨੀਕਾਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਇਲਾਜ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਲੋਕ ਹਿਤੈਸ਼ੀ ਯੋਜਨਾ ਹੈ, ਜਿਸ ਵਿੱਚ ਪੰਜਾਬ ਦੇ ਵਸਨੀਕ ਹਰੇਕ ਪਰਿਵਾਰ ਦੇ ਹਰੇਕ ਜੀਅ ਦਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਸਰਕਾਰੀ ਅਤੇ ਇਨਪੈਂਨਲਡ ਹਸਪਤਾਲਾਂ ਵਿੱਚ ਬਿਲਕੁਲ ਮੁਫਤ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਸ ਸਬੰਧੀ ਕੀਤੇ ਜਾਣ ਵਾਲੇ ਕੰਮਾਂ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਦੇ ਵੱਧ ਤੋਂ ਵੱਧ ਵਸਨੀਕਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਯੋਜਨਾ ਸਬੰਧੀ ਜ਼ਿਲ੍ਹੇ ਦੇ ਕਾਮਨ ਸਰਵਿਸ ਸੈਂਟਰਾਂ (ਸੀ.ਐੱਸ.ਸੀ) ਵਿਚ ਕਾਰਡ ਬਣਾਉਣ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਲਈ ਵੱਖਰੇ ਤੌਰ ਤੇ ਪਿੰਡਾਂ ਵਿਚ ਵੀ ਕੈਂਪ ਵੀ ਲਗਾ ਕੇ ਕਾਰਡ ਬਣਾਏ ਜਾਣੇ ਹਨ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਅਮਲੇ ਜਿਨਾਂ ਦੀ ਡਿਊਟੀ ਇਨ੍ਹਾਂ ਕੈਂਪਾਂ ਵਿਚ ਲੱਗੀ ਹੈ ਨੂੰ ਪਾਬੰਦ ਕਰਨ ਕਿ ਉਹ ਇਨ੍ਹਾਂ ਕੈਂਪਾਂ ਵਿਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਉਨ੍ਹਾਂ ਦੱਸਿਆ ਕਿ ਕੈਂਪਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆ ਜਾਣਗੀਆਂ ਤੇ ਮੌਕੇ ਤੇ ਸਿਹਤ ਕਾਰਡ ਬਣਾਏ ਜਾਣਗੇ। ਇਸ ਮੌਕੇ ਅੱੈਸਡੀਐੱਮ ਜ਼ੀਰਾ ਅਰਵਿੰਦਰ ਪਾਲ ਸਿੰਘ, ਐੱਸਡੀਐੱਮ ਗੁਰੂਹਰਸਹਾਏ ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਰਾਜਬੀਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।