ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ
ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ
Publish Date: Mon, 05 Jan 2026 04:45 PM (IST)
Updated Date: Mon, 05 Jan 2026 04:47 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : 26 ਜਨਵਰੀ 2026 ਨੂੰ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ ਬੰਬਾਹ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ। ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ ਬੰਬਾਹ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦਾ ਸਮਾਗਮ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡੀਸੀ ਦਫਤਰ ਫਿਰੋਜ਼ਪੁਰ ਛਾਉਣੀ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਭਿਆਚਾਰਕ ਪ੍ਰੋਗਰਾਮ ਜਿਸ ਵਿਚ ਦੇਸ਼-ਭਗਤੀ ਨੂੰ ਸਮਰਪਿਤ ਕੋਰਿਓਗ੍ਰਾਫੀ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਦਿਹਾੜੇ ਨੂੰ ਹਰ ਸਾਲ ਦੀ ਤਰ੍ਹਾਂ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਸਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਫ਼-ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਟੀਮਾਂ ਆਦਿ ਸਮੇਤ ਟਰੈਫਿਕ ਵਿਵਸਥਾ, ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਸਮੇਂ ਸਿਰ ਕਰ ਲਏ ਜਾਣ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਅਤੇ ਸੁਰੱਖਿਆ ਵਿਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਖੁਦ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ। ਇਸ ਮੌਕੇ ਸਹਾਇਕ ਕਮਿਸ਼ਨਰ ਰਾਜਬੀਰ ਸਿੰਘ ਪੀਸੀਐੱਸ (ਅੰਡਰ ਟਰੇਨਿੰਗ), ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਸੁਨੀਤਾ ਰਾਣੀ, ਜ਼ਿਲਾ ਭਾਸ਼ਾ ਅਫ਼ਸਰ ਜਗਦੀਪ ਸਿੰਘ ਸੰਧੂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।