ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਅਤੇ ਸੁਰੱਖਿਆ ਵਿੱਚ ਢਿੱਲ ਨਾ ਵਰਤੀ ਜਾਵੇ : ਏਡੀਸੀ
ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ
Publish Date: Wed, 21 Jan 2026 03:48 PM (IST)
Updated Date: Wed, 21 Jan 2026 03:51 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ ਬੰਬਾਹ ਨੇ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਰਵਿੰਦ ਕੁਮਾਰ ਵੀ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ ਬੰਬਾਹ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦਾ ਸਮਾਗਮ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡੀਸੀ ਦਫਤਰ ਫਿਰੋਜ਼ਪੁਰ ਛਾਉਣੀ ਵਿਖੇ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਹੋਣਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਭਿਆਚਰਕ ਪ੍ਰੋਗਰਾਮ ਜਿਸ ਵਿਚ ਦੇਸ਼-ਭਗਤੀ ਨੂੰ ਦਰਸਾਉਂਦੀਆਂ ਕੋਰਿਓਗ੍ਰਾਫੀ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਦਿਹਾੜੇ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਸਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਫ਼-ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਟੀਮਾਂ ਆਦਿ ਸਮੇਤ ਟਰੈਫਿਕ ਵਿਵਸਥਾ, ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਸਮੇਂ ਸਿਰ ਕਰ ਲਏ ਜਾਣ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਅਤੇ ਸੁਰੱਖਿਆ ਵਿਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਖੁਦ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ। ਇਸ ਮੌਕੇ ਐੱਸਡੀਐੱਮ ਫਿਰੋਜ਼ਪੁਰ ਲਿੰਦੀ ਆ., ਸਹਾਇਕ ਕਮਿਸ਼ਨਰ ਰਾਜਬੀਰ ਸਿੰਘ (ਅੰਡਰ ਟਰੇਨਿੰਗ), ਡਿਪਟੀ ਡੀਈਓ ਡਾ. ਸਤਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।