ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ’ਚ ਕਈ ਪਾਬੰਦੀਆਂ ਲਾਗੂ
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਵਿਚ ਕਈ ਅਹਿਮ ਪਾਬੰਦੀਆਂ ਲਾਗੂ
Publish Date: Thu, 02 Apr 2026 05:16 PM (IST)
Updated Date: Fri, 03 Apr 2026 04:10 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਅਮਨਦੀਪ ਕੌਰ ਪੀਸੀਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਿਰੋਜ਼ਪੁਰ ਵਿਚ ਅਮਨ-ਕਾਨੂੰਨ ਅਤੇ ਜਨਤਕ ਸੁਰੱਖਿਆ ਨੂੰ ਬਣਾਈ ਰੱਖਣ ਲਈ ਕਈ ਤਰ੍ਹਾਂ ਦੀਆਂ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਅਗਲੇ ਦੋ ਮਹੀਨਿਆਂ ਤੱਕ ਲਾਗੂ ਰਹਿਣਗੇ। ਉਨ੍ਹਾਂ ਆਖਿਆ ਕਿ ਵਾਹਨ ਚਲਾਉਂਦੇ ਸਮੇਂ ਜਾਂ ਪੈਦਲ ਚੱਲਦਿਆਂ ਮੂੰਹ ਢੱਕਣ ’ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਸਮਾਜ ਵਿਰੋਧੀ ਅਨਸਰ ਵਾਰਦਾਤ ਕਰਕੇ ਪਛਾਣ ਛੁਪਾ ਨਾ ਸਕਣ। ਬਿਮਾਰੀ ਜਾਂ ਐਲਰਜੀ ਕਾਰਨ ਮਾਸਕ ਪਹਿਨਣ ਵਾਲਿਆਂ ਨੂੰ ਇਸ ਤੋਂ ਛੋਟ ਹੋਵੇਗੀ। ਵਿਆਹਾਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਜਾਣ ’ਤੇ ਮੁਕੰਮਲ ਪਾਬੰਦੀ ਹੈ। ਜਨਤਕ ਥਾਵਾਂ ’ਤੇ ਮਾਰੂ ਹਥਿਆਰ ਲੈ ਕੇ ਚੱਲਣ ਦੀ ਵੀ ਮਨਾਹੀ ਹੈ। ਉਨ੍ਹਾਂ ਆਖਿਆ ਕਿ ਸਰਕਾਰੀ ਜ਼ਮੀਨਾਂ, ਸੜਕਾਂ ਜਾਂ ਚੌਕਾਂ ਵਿਚ ਬਿਨ੍ਹਾ ਪ੍ਰਵਾਨਗੀ ਹੋਰਡਿੰਗ ਲਗਾਉਣ ਤੇ ਸੜਕਾਂ ਦੇ ਕਿਨਾਰੇ ਨਾਜਾਇਜ਼ ਕਬਜ਼ੇ ਕਰਨ ’ਤੇ ਰੋਕ ਲਗਾਈ ਗਈ ਹੈ ਤਾਂ ਜੋ ਟਰੈਫਿਕ ਵਿੱਚ ਵਿਘਨ ਨਾ ਪਵੇ। ਉਨ੍ਹਾਂ ਆਖਿਆ ਕਿ ਮਨੁੱਖੀ ਜਾਨਾਂ ਅਤੇ ਪੰਛੀਆਂ ਦੀ ਸੁਰੱਖਿਆ ਲਈ ਨਾਈਲੋਨ ਜਾਂ ਪਲਾਸਟਿਕ ਦੀ ਬਣੀ (ਚਾਈਨੀਜ਼) ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤਣ ’ਤੇ ਪੂਰਨ ਪਾਬੰਦੀ ਹੈ। ਇਮਾਰਤਾਂ ’ਤੇ ਅਸ਼ਲੀਲ ਪੋਸਟਰ ਲਗਾਉਣ ਦੀ ਮਨਾਹੀ ਹੈ। ਇਸ ਤੋਂ ਇਲਾਵਾ ਬਿਨਾਂ ਮਨਜ਼ੂਰੀ ਧਰਨੇ, ਰੈਲੀਆਂ, ਮੁਜ਼ਾਹਰੇ ਕਰਨ ਜਾਂ ਪੁਤਲੇ ਫੂਕਣ ’ਤੇ ਵੀ ਰੋਕ ਲਗਾਈ ਗਈ ਹੈ।