- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ : ਦੀਪਸ਼ਿਖਾ ਸ਼ਰਮਾ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਬਾਰੇ ਹੋਈ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗਾਊਂ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਦਾ ਸਾਹਮਣਾ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਸਮੂਹ ਐੱਸਡੀਐੱਮ ਅਤੇ ਜਲ ਸਰੋਤ ਵਿਭਾਗ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਆਦੇਸ਼ ਦਿੰਦਿਆਂ ਕਿਹਾ ਕਿ ਹੜ੍ਹਾਂ ਦੌਰਾਨ ਨਾਜ਼ੁਕ ਸਥਿਤੀ ਵਾਲੇ ਪਿੰਡਾਂ ਦਾ ਪਹਿਲਾਂ ਤੋਂ ਹੀ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲੈ ਲਿਆ ਜਾਵੇ ਅਤੇ ਬੰਨ੍ਹਾਂ, ਨੋਚਾਂ, ਪੁਲਾਂ, ਰਸਤਿਆਂ ਆਦਿ ਨੂੰ ਪਹਿਲਾਂ ਤੋਂ ਹੀ ਮਜ਼ਬੂਤ ਕਰ ਲਿਆ ਜਾਵੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰੇਤਾ ਦੇ ਗੱਟੇ, ਕਿਸ਼ਤੀਆਂ, ਲਾਈਫ਼ ਜੈਕਟਾਂ, ਫਲੱਡ ਲਾਈਟਾਂ, ਸਰਚ ਲਾਈਟਾਂ, ਮੈਡੀਕਲ ਜ਼ਰੂਰਤਾਂ ਆਦਿ ਸਮਾਨ ਦੀ ਪਹਿਲਾਂ ਤੋਂ ਹੀ ਜਾਂਚ ਕਰ ਲਈ ਜਾਵੇ ਅਤੇ ਜੇਕਰ ਕਿਸੇ ਸਮਾਨ ਨੂੰ ਰਿਪੇਅਰ ਦੀ ਲੋੜ ਹੈ, ਤਾਂ ਤੁਰੰਤ ਠੀਕ ਕਰਵਾਇਆ ਜਾਵੇ। ਇਸ ਤੋਂ ਇਲਾਵਾ ਡਰੇਨਜ਼ ਅਤੇ ਸੀਵਰੇਜ਼ ਦੀ ਸਫ਼ਾਈ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇ। ਇਸ ਸਬੰਧੀ ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਨਿਰੰਤਰ ਸਥਿਤੀ ’ਤੇ ਨਜ਼ਰ ਰੱਖਣ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਅੱਗੇ ਕਿਹਾ ਕਿ ਆਗਾਮੀ ਮਾਨਸੂਨ ਦੌਰਾਨ ਭਾਰੀ ਮੀਂਹ ਕਾਰਨ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ ’ਤੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਨੰਬਰ 01632-244017 ਹੈ ਅਤੇ ਇਹ 24 ਘੰਟੇ ਕਾਰਜਸ਼ੀਲ ਰਹੇਗਾ। ਉਨ੍ਹਾਂ ਸਿਹਤ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਖੇਤੀਬਾੜੀ ਆਦਿ ਵਿਭਾਗਾਂ ਨੂੰ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਸਬੰਧੀ ਉਚਿਤ ਪ੍ਰਬੰਧ ਪਹਿਲਾਂ ਤੋਂ ਹੀ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੰਭਾਵੀ ਹੜ੍ਹਾਂ ਸਬੰਧੀ ਪੂਰੀ ਗੰਭੀਰਤਾ ਨਾਲ ਅਗੇਤੇ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਜੇਕਰ ਹੜ੍ਹਾਂ ਵਰਗੇ ਹਾਲਾਤ ਬਣਨ ਤਾਂ ਸਮੇਂ ਸਿਰ ਨਜਿੱਠਿਆ ਜਾ ਸਕੇ।