ਚੋਣਾਂ ਦੇ ਮੱਦੇਨਜ਼ਰ ਨੌਜਵਾਨਾਂ ਦੀ ਰਜਿਸਟਰੇਸ਼ਨ ਲਈ ਪ੍ਰਸ਼ਾਸਨ ਸਰਗਰਮ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਨੌਜਵਾਨ ਵੋਟਰਾਂ ਦੀ ਰਜਿਸਟਰੇਸ਼ਨ ਲਈ ਪ੍ਰਸ਼ਾਸਨ ਸਰਗਰਮ
Publish Date: Thu, 19 Nov 2026 03:42 PM (IST)
Updated Date: Fri, 20 Nov 2026 04:01 AM (IST)
ਸਹਾਇਕ ਕਮਿਸ਼ਨਰ ਹਿਮਾਂਸ਼ੂ ਕਾਦੀਆਨ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਜ਼ਿਲ੍ਹਾ ਫਿਰੋਜ਼ਪੁਰ ਵਿਚ ਨੌਜਵਾਨਾਂ ਨੂੰ ਵੋਟਰ ਸੂਚੀਆਂ ਵਿਚ ਰਜਿਸਟਰ ਕਰਨ ਅਤੇ ਵੋਟਰ ਜਾਗਰੂਕਤਾ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਸਹਾਇਕ ਕਮਿਸ਼ਨਰ ਹਿਮਾਂਸ਼ੂ ਕਾਦੀਆਂਨ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਸਾਲ 2027 ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਪੜ੍ਹ ਰਹੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਨੌਜਵਾਨਾਂ ਦੀ ਵੱਧ ਤੋਂ ਵੱਧ ਵੋਟਰ ਰਜਿਸਟਰੇਸ਼ਨ ਯਕੀਨੀ ਬਣਾਉਣ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਹਿਮਾਂਸ਼ੂ ਕਾਦੀਆਂ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦਾ ਵੋਟਰ ਸੂਚੀ ਵਿੱਚ ਨਾਮ ਦਰਜ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਅਤੇ ਈਐੱਲਸੀ ਕੋਆਰਡੀਨੇਟਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਦਾਰਿਆਂ ਵਿੱਚ ਵਿਸ਼ੇਸ਼ ਮੁਹਿੰਮ ਚਲਾ ਕੇ ਯੋਗ ਨੌਜਵਾਨਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ, ਲੋਕਤੰਤਰ ਵਿੱਚ ਉਨ੍ਹਾਂ ਦੀ ਭੂਮਿਕਾ ਅਤੇ ਜ਼ਿੰਮੇਵਾਰ ਵੋਟਰ ਬਣਨ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਮਕਸਦ ਲਈ ਕਾਲਜਾਂ ਅਤੇ ਸਕੂਲਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੀ ਲੋੜ ਹੈ। ਮੀਟਿੰਗ ਵਿਚ ਚੋਣ ਕਾਨੂੰਗੋ ਗਗਨ, ਸਵੀਪ ਕੋਆਰਡੀਨੇਟਰ ਕਮਲ ਸ਼ਰਮਾ, ਟਰੇਨਿੰਗ ਕੋਆਰਡੀਨੇਟਰ ਦਵਿੰਦਰ ਨਾਥ ਦੇ ਨਾਲ ਜ਼ਿਲ੍ਹੇ ਦੀਆਂ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਮੁਖੀਆਂ, ਈਐੱਲਸੀ ਕੋਆਰਡੀਨੇਟਰਾਂ ਅਤੇ ਸਬੰਧਤ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦਾ ਮੁੱਖ ਉਦੇਸ਼ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਕੋਈ ਵੀ ਯੋਗ ਨੌਜਵਾਨ ਵੋਟਰ ਰਜਿਸਟਰੇਸ਼ਨ ਤੋਂ ਵਾਂਝਾ ਨਾ ਰਹੇ ਅਤੇ ਲੋਕਤੰਤਰਿਕ ਪ੍ਰਕਿਰਿਆ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਡਾ. ਅਮਰ ਜੋਤੀ ਮਾਂਗਟ, ਮਨੀਸ਼ ਸਿੰਗਲਾ, ਅਦਿੱਤੀ ਆਦਿ ਹਾਜ਼ਰ ਸਨ।