ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਅਪੀਲ
ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਵੀਰਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ
Publish Date: Wed, 20 May 2026 06:04 PM (IST)
Updated Date: Wed, 20 May 2026 06:07 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਧਰਤੀ ਹੇਠਲੇ ਪਾਣੀ ਦੇ ਡੂੰਘੇ ਹੋਣ ਨੂੰ ਰੋਕਣ ਅਤੇ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਸਰਕਾਰ ਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਪਿੰਡ ਝੀਤਾ ਵਿਖੇ ਪਹੁੰਚ ਕੇ ਕਿਸਾਨ ਰਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਦੀ ਸ਼ਲਾਘਾ ਕੀਤੀ ਗਈ ਅਤੇ ਹੋਰ ਕਿਸਾਨਾਂ ਨੂੰ ਵੀ ਇਸ ਤਕਨੀਕ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਤਾਂ ਜੋ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣ ਤੋਂ ਇਲਾਵਾ ਪਾਣੀ ਦੀ ਬੱਚਤ ਦੇ ਨਾਲ-ਨਾਲ ਖਰਚਿਆਂ ਤੋਂ ਬਚਿਆ ਜਾ ਸਕੇ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ.ਬਲਵਿੰਦਰ ਸਿੰਘ, ਡਾ.ਅਮਿਤ ਪੁੰਜ,ਡਾ. ਰਜਨੀਸ਼ ਕੁਮਾਰ, ਡਾ. ਸਤਨਾਮ ਸਿੰਘ ਆਦਿ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਸਿੱਧੀ ਬਿਜਾਈ ਦੀ ਤਕਨੀਕ ਨਾ ਸਿਰਫ਼ ਪਾਣੀ ਦੀ ਬੱਚਤ ਕਰਦੀ ਹੈ,ਸਗੋਂ ਕਿਸਾਨਾਂ ਦਾ ਖਰਚਾ ਵੀ ਘਟਾਉਂਦੀ ਹੈ ਅਤੇ ਫ਼ਸਲ ਦੇ ਝਾੜ ’ਤੇ ਕੋਈ ਮਾੜਾ ਅਸਰ ਨਹੀਂ ਪੈਂਦਾ। ਉਨ੍ਹਾਂ ਦੱਸਿਆ ਕਿ ਇਸ ਤਕਨੀਕ ਨੂੰ ਅਪਣਾਉਣ ਵਾਲੇ ਕਿਸਾਨਾਂ ਦੀ ਵਿਭਾਗ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।ਇਸ ਮੌਕੇ ਕਿਸਾਨ ਰਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਉਸ ਨੇ ਡੀਐੱਸਆਰ ਅਜ਼ਮਾਇਆ ਸੀ ਤਾਂ ਨਤੀਜੇ ਬਹੁਤ ਵਧੀਆ ਰਹੇ। ਇਸ ਸਾਲ ਵੀ ਉਸੇ ਤਕਨੀਕ ਨੂੰ ਅਪਣਾਇਆ ਗਿਆ ਹੈ। ਇਸ ਦੌਰਾਨ ਖ਼ੇਤੀਬਾੜੀ ਵਿਭਾਗ ਦੇ ਮਾਹਿਰਾਂ ਨੇ ਕਿਹਾ ਕਿ ਕਿਸਾਨ ਵੀਰ ਵਧੇਰੇ ਜਾਣਕਾਰੀ ਲਈ ਖੇਤੀਬਾੜੀ ਦਫ਼ਤਰ ਜ਼ੀਰਾ ਨਾਲ ਸੰਪਰਕ ਕਰ ਸਕਦੇ ਹਨ।