27 ਨੂੰ ਹੋਵੇਗੀ 'ਏਅਰ ਰੇਡ' ਅਤੇ 'ਬਲੈਕਆਊਟ' ਮੌਕ ਡਰਿੱਲ 27 ਨਵੰਬਰ ਨੂੰ ਹੋਵੇਗੀ 'ਏਅਰ ਰੇਡ' ਅਤੇ 'ਬਲੈਕਆਊਟ' ਮੌਕ ਡਰਿੱਲ
Publish Date: Fri, 20 Nov 2026 05:21 PM (IST)
Updated Date: Sat, 21 Nov 2026 04:01 AM (IST)
ਕੇਂਦਰ ਸਰਕਾਰ ਦੇ ਨਿਰਦੇਸ਼ਾਂ ਤੇ ਰਾਤ 8 ਵਜੇ ਸ਼ੁਰੂ ਹੋਵੇਗੀ ਅਭਿਆਸ ਪ੍ਰਕਿਰਿਆ ਜ਼ਿਲ੍ਹਾ ਵਾਸੀਆਂ ਨੂੰ ਬਲੈਕਆਊਟ ਸਮੇਂ ਘਬਰਾਉਣ ਦੀ ਲੋੜ ਨਹੀਂ: ਸਹਾਇਕ ਕਮਿਸ਼ਨਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ; ਆਉਂਦੀ 27 ਨਵੰਬਰ 2026 ਨੂੰ ਰਾਤ 8:00 ਵਜੇ ਪੂਰੇ ਸੂਬੇ ਵਿੱਚ ਇੱਕ ਵਿਸ਼ੇਸ਼ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ (ਨਕਲੀ ਅਭਿਆਸ) ਕਰਵਾਈ ਜਾ ਰਹੀ ਹੈ। ਗ੍ਰਹਿ ਮੰਤਰਾਲੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲ਼ੋਂ ਜਾਰੀ ਦਿਸ਼ਾ-ਨਿਰਦੇਸ਼ਾਂ ‘ ਤੇ ਇਸ ਦੀ ਤਿਆਰੀ ਸਬੰਧੀ ਸ਼ੁੱਕਰਵਾਰ ਨੂੰ ਸਹਾਇਕ ਕਮਿਸ਼ਨਰ ਹਿਮਾਂਸ਼ੂ (ਅੰਡਰ ਟ੍ਰੇਨਿੰਗ) ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸਿਵਿਲ ਡਿਫੈਂਸ ਫਿਰੋਜ਼ਪੁਰ ਦੇ ਚੀਫ਼ ਵਾਰਡਨ ਪਰਮਿੰਦਰ ਸਿੰਘ ਥਿੰਦ, ਸਟੋਰ ਸੁਪਰਡੈਂਟ ਅਨੀਸ਼ ਗੁਪਤਾ ਤੋਂ ਇਲਾਵਾ ਫ਼ੌਜ, ਪੁਲਿਸ, ਸਿਹਤ ਵਿਭਾਗ, ਫਾਇਰ ਬ੍ਰਿਗੇਡ ਸਮੇਤ ਕਈ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ ਸਬੰਧੀ ਸਹਾਇਕ ਕਮਿਸ਼ਨਰ ਹਿਮਾਂਸ਼ੂ ਨੇ ਦੱਸਿਆ ਕਿ ਇਸ ਅਭਿਆਸ ਦਾ ਮੁੱਖ ਉਦੇਸ਼ ਕਿਸੇ ਵੀ ਹੰਗਾਮੀ ਹਾਲਤ ਜਾਂ ਹਵਾਈ ਹਮਲੇ ਵਰਗੀ ਸਥਿਤੀ ਦੌਰਾਨ ਸਿਵਲ ਡਿਫੈਂਸ ਵਿਭਾਗ ਅਤੇ ਪ੍ਰਸ਼ਾਸਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਾ ਹੈ। ਇਸੇ ਤਹਿਤ ਹਾਊਸਿੰਗ ਬੋਰਡ ਕਲੋਨੀ ਨੇੜੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ 27 ਨਵੰਬਰ ਨੂੰ ਰਾਤ 8 ਵਜੇ ਹੋਵੇਗੀ। ਇਸ ਮੌਕ ਐਕਸਰਸਾਈਜ਼ ਸਬੰਧੀ ਹਦਾਇਤਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਮੌਕ ਡਰਿੱਲ ਦੀ ਸ਼ੁਰੂਆਤ ਏਅਰ ਰੇਡ ਵਾਰਨਿੰਗ (ਹਵਾਈ ਹਮਲੇ ਦੀ ਚੇਤਾਵਨੀ) ਦੇ ਸਾਇਰਨ ਨਾਲ ਹੋਵੇਗੀ। ਇਹ ਸਾਇਰਨ 02 ਮਿੰਟਾਂ ਲਈ ਉੱਚੀ-ਨੀਵੀਂ ਪਿੱਚ ਤੇ ਵਜਾਇਆ ਜਾਵੇਗਾ। ਸਾਇਰਨ ਵੱਜਦੇ ਹੀ ਹਾਊਸਿੰਗ ਬੋਰਡ ਕਲੋਨੀ ਨੇੜੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਮੁਕੰਮਲ ਬਲੈਕਆਊਟ ਲਾਗੂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਆਮ ਜਨਤਾ ਲਈ ਹਦਾਇਤਾਂ ਹਨ ਕਿ ਬਲੈਕਆਊਟ ਦੌਰਾਨ ਪਛਾਣੇ ਗਏ ਖੇਤਰਾਂ ਦੇ ਲੋਕਾਂ ਨੂੰ ਆਪਣੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਹਾਲਾਂਕਿ, ਹਸਪਤਾਲਾਂ ਅਤੇ ਫਾਇਰ ਬ੍ਰਿਗੇਡ ਵਰਗੀਆਂ ਜ਼ਰੂਰੀ ਸੇਵਾਵਾਂ ਚਾਲੂ ਰਹਿਣਗੀਆਂ। ਅਭਿਆਸ ਖ਼ਤਮ ਹੋਣ ਤੇ ਆਲ ਕਲੀਅਰ ਦਾ ਸੰਕੇਤ ਦਿੱਤਾ ਜਾਵੇਗਾ, ਜੋ ਕਿ 02 ਮਿੰਟਾਂ ਲਈ ਲਗਾਤਾਰ ਉੱਚੀ ਪਿੱਚ ਤੇ ਵੱਜਣ ਵਾਲਾ ਸਾਇਰਨ ਹੋਵੇਗਾ। ਇਸ ਮੌਕ ਐਕਸਰਸਾਈਜ਼ ਦੌਰਾਨ ਕੇਵਲ ਬਲੈਕਆਊਟ ਹੀ ਨਹੀਂ ਸਗੋਂ ਕਈ ਰਾਹਤ ਕਾਰਜਾਂ ਦਾ ਵੀ ਨਕਲੀ ਅਭਿਆਸ ਵੱਖ-ਵੱਖ ਵਿਭਾਗਾਂ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਇੱਕ ਨਿਯਮਤ ਅਭਿਆਸ ਹੈ। ਇਹ ਕਿਸੇ ਵੀ ਕਿਸਮ ਦੀ ਫੌਜੀ ਕਾਰਵਾਈ ਦਾ ਹਿੱਸਾ ਨਹੀਂ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦੇ ਡਰ ਜਾਂ ਪੈਨਿਕ ਵਿੱਚ ਆਉਣ ਦੀ ਲੋੜ ਨਹੀਂ ਹੈ।ਇਸ ਮੌਕੇ ਸਿਵਲ ਡਿਫੈਂਸ ਤੋਂ ਚੀਫ ਵਾਰਡਨ ਪਰਮਿੰਦਰ ਸਿੰਘ ਥਿੰਦ, ਸਟੋਰ ਸੁਪਰਡੈਂਟ ਅਨੀਸ਼ ਗੁਪਤਾ, ਫੌਜ ਤੇ ਪੁਲਿਸ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।