ਅਕਾਲੀ ਦਲ ਦੇ ਹਲਕਾ ਇੰਚਾਰਜ਼ ਵੱਲੋਂ ਦਾਣਾ ਮੰਡੀ ਦਾ ਦੌਰਾ
ਅਕਾਲੀ ਦਲ ਦੇ ਹਲਕਾ ਇੰਚਾਰਜ਼ ਵੱਲੋਂ ਦਾਣਾ ਮੰਡੀ ਦਾ ਦੌਰਾ
Publish Date: Fri, 17 Apr 2026 05:08 PM (IST)
Updated Date: Fri, 17 Apr 2026 05:12 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਸੁਖਪਾਲ ਸਿੰਘ ਨੰਨੂ ਵੱਲੋਂ ਸਥਾਨਕ ਦਾਣਾ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਸਰਕਾਰ ਵੱਲੋਂ ਖਰੀਦ ਪ੍ਰਬੰਧਾਂ ਵਿਚ ਕੀਤੀ ਜਾ ਰਹੀ ਦੇਰੀ ’ਤੇ ਡੂੰਘੀ ਚਿੰਤਾ ਪ੍ਰਗਟਾਈ। ਮੰਡੀ ਵਿਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਕਣਕ ਦੀ ਖਰੀਦ ਨਾ ਹੋਣ ਕਾਰਨ ਕਿਸਾਨ ਭਾਰੀ ਪ੍ਰੇਸ਼ਾਨੀ ਦਾ ਸ਼ਿਕਾਰ ਹਨ। ਦੂਰ-ਦੂਰ ਤੋਂ ਆਪਣੀ ਮਿਹਨਤ ਦੀ ਫਸਲ ਲੈ ਕੇ ਆਏ ਕਿਸਾਨ ਕਈ ਦਿਨਾਂ ਤੋਂ ਮੰਡੀਆਂ ਵਿਚ ਬੈਠੇ ਹਨ, ਪਰ ਸਰਕਾਰ ਵੱਲੋਂ ਅਜੇ ਤੱਕ ਖਰੀਦ ਪ੍ਰਕਿਰਿਆ ਸੁਚੱਜੇ ਢੰਗ ਨਾਲ ਸ਼ੁਰੂ ਨਹੀਂ ਕੀਤੀ ਗਈ। ਸਰਕਾਰ ਵੱਲੋਂ ਖਰੀਦ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਜ਼ਮੀਨੀ ਹਕੀਕਤ ਬਿਲਕੁਲ ਉਲਟ ਹੈ। ਅੱਜ ਕਿਸਾਨ ਮੰਡੀਆਂ ਵਿਚ ਰਾਤਾਂ ਗੁਜ਼ਾਰਨ ਲਈ ਮਜ਼ਬੂਰ ਹਨ ਅਤੇ ਮੌਸਮ ਦੀ ਮਾਰ ਦਾ ਡਰ ਉਨ੍ਹਾਂ ਨੂੰ ਲਗਾਤਾਰ ਸਤਾ ਰਿਹਾ ਹੈ। ਕਿਸਾਨਾਂ ਨੇ ਨੰਨੂ ਨੂੰ ਦੱਸਿਆ ਕਿ ਮੰਡੀਆਂ ਵਿਚ ਨਾ ਤਾਂ ਬਾਰਦਾਨੇ ਦਾ ਸਹੀ ਪ੍ਰਬੰਧ ਹੈ ਅਤੇ ਨਾ ਹੀ ਮਜ਼ਦੂਰਾਂ ਤੇ ਟਰਾਂਸਪੋਰਟ ਦੀ ਸਹੀ ਸਹੂਲਤ ਮਿਲ ਰਹੀ ਹੈ। ਇਸ ਕਾਰਨ ਕਿਸਾਨ ਖੱਜਲ-ਖੁਆਰ ਹੋ ਰਹੇ ਹਨ। ਕਿਸਾਨਾਂ ਮੁਤਾਬਿਕ ਉਹ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਅਤੇ ਸਵ. ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਨੂੰ ਯਾਦ ਕਰਦੇ ਹਨ, ਜਦੋਂ ਮੰਡੀਆਂ ਵਿਚ ਫਸਲ ਆਉਂਦੇ ਹੀ ਤੁਰੰਤ ਖਰੀਦ ਲਈ ਜਾਂਦੀ ਸੀ। ਸੁਖਪਾਲ ਸਿੰਘ ਨੰਨੂ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਮਸਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਮੰਡੀਆਂ ਵਿਚ ਰੁਲ ਰਹੀ ਕਣਕ ਦੀ ਤੁਰੰਤ ਖਰੀਦ ਸ਼ੁਰੂ ਕੀਤੀ ਜਾਵੇ। ਲਿਫਟਿੰਗ ਅਤੇ ਟਰਾਂਸਪੋਰਟ ਦੇ ਪ੍ਰਬੰਧ ਪੁਖਤਾ ਕੀਤੇ ਜਾਣ। ਕਿਸਾਨਾਂ ਨੂੰ ਮੰਡੀਆਂ ਵਿਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਦੂਜੇ ਪਾਸੇ ਸਥਾਨਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲਾ ਉੱਚ ਪੱਧਰ ’ਤੇ ਉਠਾਇਆ ਗਿਆ ਹੈ ਅਤੇ ਜਲਦੀ ਹੀ ਖਰੀਦ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇਗੀ।