- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਨਿਰਵਿਘਨ ਖਰੀਦ ਲਈ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ : ਡੀ.ਸੀ.

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਕਿਸਾਨ ਮੰਡੀਆਂ ਵਿਚ 17 ਫੀਸਦੀ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲਿਆਉਣ। ਕਿਸਾਨਾਂ ਦੀ ਸਹੂਲਤ ਅਤੇ ਝੋਨੇ ਦੀ ਸੁਚੱਜੀ ਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹੇ ਵਿਚ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਚੁੱਕੀ ਹੈ ਅਤੇ ਇਸ ਸਬੰਧੀ 127 ਖਰੀਦ ਕੇਂਦਰਾਂ ਵਿੱਚ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਖ਼ਰੀਦ ਸੀਜ਼ਨ 2026-27 ਦੌਰਾਨ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2461 ਰੁਪਏ ਪ੍ਰਤੀ ਕੁਇੰਟਲ ਨਿਧਾਰਿਤ ਕੀਤਾ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਹੋਰ ਸਬੰਧਤ ਧਿਰਾਂ ਦੀ ਸਹੂਲਤ ਲਈ ਬਿਜਲੀ, ਪੀਣ ਵਾਲਾ ਪਾਣੀ, ਛਾਂ, ਸਫ਼ਾਈ ਅਤੇ ਹੋਰ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਵਿੱਚ ਝੋਨਾ ਲਿਆਉਣ ਤੋਂ ਪਹਿਲਾਂ ਫਸਲ ਦੀ ਨਮੀ ਦੀ ਜਾਂਚ ਜ਼ਰੂਰ ਕਰ ਲੈਣ। ਉਨ੍ਹਾਂ ਕਿਹਾ ਕਿ ਝੋਨੇ ਵਿੱਚ ਨਮੀ ਦੀ ਮਾਤਰਾ 17 ਫੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ ਤਾਂ ਜੋ ਖ਼ਰੀਦ ਪ੍ਰਕਿਰਿਆ ਬਿਨਾਂ ਕਿਸੇ ਦੇਰੀ ਦੇ ਸੁਚੱਜੇ ਢੰਗ ਨਾਲ ਮੁਕੰਮਲ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਿਰਧਾਰਤ ਸਮੇਂ ਦੌਰਾਨ ਕਟਾਈ ਕਰਨ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਨੂੰ ਨਿਯਮਾਂ ਅਨੁਸਾਰ ਰੱਖਣ ਵਿਚ ਮੱਦਦ ਮਿਲੇਗੀ ਅਤੇ ਕਿਸਾਨਾਂ ਨੂੰ ਮੰਡੀ ਵਿੱਚ ਆਪਣੀ ਫਸਲ ਵੇਚਣ ਸਮੇਂ ਕਿਸੇ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਸਮੱਸਿਆ ਨਾ ਆਉਣ ਦਿੱਤੀ ਜਾਵੇ ਅਤੇ ਜੇਕਰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਦੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਕੇ ਵਿਭਾਗ ਵੱਲੋਂ ਉਪਲੱਬਧ ਕਰਵਾਈਆਂ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ।