ਵਿਦੇਸ਼ੀ ਮਾਡਲ ਦੀ ਬਜਾਏ ਦੇਸੀ ਕਿਸਾਨੀ ਨੂੰ ਬਚਾਵੇ ਸਰਕਾਰ : ਪੀਰ ਮੁਹੰਮਦ
ਅਮਰੀਕੀ ਸਬਸਿਡੀਆਂ ਨੇ ਕਿਸਾਨੀ ਅਤੇ ਐੱਸਐੱਸ ਬੋਰਡ ਦੀਆਂ ਨੀਤੀਆਂ ਨੇ ਪੰਜਾਬ ਦੀ ਜਵਾਨੀ ਰੋਲ਼ੀ : ਪੀਰ ਮੁਹੰਮਦ
Publish Date: Fri, 20 Feb 2026 03:16 PM (IST)
Updated Date: Fri, 20 Feb 2026 03:18 PM (IST)

ਕੇਵਲ ਆਹੂਜਾ, ਪੰਜਾਬੀ ਜਾਗਰਣ ਮਖੂ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰ ਮੁਹੰਮਦ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਕੇਂਦਰ ਅਤੇ ਰਾਜ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ ਅਤੇ ਨੌਜਵਾਨ ਦੋਵੇਂ ਹੀ ਹਾਸ਼ੀਏ ’ਤੇ ਧੱਕ ਦਿੱਤੇ ਗਏ ਹਨ। ਪੀਰ ਮੁਹੰਮਦ ਨੇ ਕਿਹਾ ਕਿ ਅਮਰੀਕਾ ਵਰਗੇ ਵਿਕਸਿਤ ਦੇਸ਼ ਆਪਣੇ ਕਿਸਾਨਾਂ ਨੂੰ ਅਰਬਾਂ ਡਾਲਰ ਦੀ ਸਬਸਿਡੀ ਦੇ ਕੇ ਭਾਰਤੀ ਮੰਡੀਆਂ ਵਿੱਚ ਸਸਤਾ ਮਾਲ ਸੁੱਟ ਰਹੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਮਰੀਕੀ ਪੈਦਾਵਾਰ ਬਿਨਾਂ ਕਿਸੇ ਰੋਕ-ਟੋਕ ਦੇ ਭਾਰਤੀ ਮੰਡੀਆਂ ਵਿੱਚ ਆ ਗਈ ਤਾਂ ਪੰਜਾਬ ਦਾ ਕਿਸਾਨ ਪੂਰੀ ਤਰ੍ਹਾਂ ਰੁਲ਼ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਬਾਹਰਲੇ ਮੁਲਕਾਂ ਤੋਂ ਆਉਣ ਵਾਲੀ ਫ਼ਸਲ ’ਤੇ ਭਾਰੀ ਆਯਾਤ ਡਿਊਟੀ ਲਗਾਵੇ ਤਾਂ ਜੋ ਸਥਾਨਕ ਕਿਸਾਨ ਦੀ ਹੋਂਦ ਬਚ ਸਕੇ। ਪੰਜਾਬ ਦੇ ਰੁਜ਼ਗਾਰ ਮੁੱਦੇ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇੱਕ ਪਾਸੇ ਖੇਤੀ ਘਾਟੇ ਦਾ ਸੌਦਾ ਬਣ ਰਹੀ ਹੈ ਅਤੇ ਦੂਜੇ ਪਾਸੇ ਸਰਕਾਰੀ ਭਰਤੀਆਂ ਵਿੱਚ ਪੰਜਾਬੀ ਨੌਜਵਾਨਾਂ ਨਾਲ ਧੱਕਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਐੱਸਐੱਸ ਬੋਰਡ ਰਾਹੀਂ ਹੋਣ ਵਾਲੀ ਹਰ ਭਰਤੀ ਵਿੱਚ 80 ਤੋਂ 90 ਫ਼ੀਸਦੀ ਕੋਟਾ ਸਿਰਫ਼ ਪੰਜਾਬ ਦੇ ਪੱਕੇ ਵਸਨੀਕਾਂ ਲਈ ਹੋਣਾ ਚਾਹੀਦਾ ਹੈ। ਪ੍ਰੀਖਿਆਵਾਂ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਤਰਜੀਹ ਦਿੱਤੀ ਜਾਵੇ ਤਾਂ ਜੋ ਬਾਹਰਲੇ ਰਾਜਾਂ ਦੇ ਉਮੀਦਵਾਰ ਸਾਡੇ ਨੌਜਵਾਨਾਂ ਦਾ ਹੱਕ ਨਾ ਮਾਰ ਸਕਣ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਪੰਜਾਬ ਦੀਆਂ ਨੌਕਰੀਆਂ ਪੰਜਾਬੀਆਂ ਨੂੰ ਨਾ ਮਿਲੀਆਂ ਤਾਂ ਨੌਜਵਾਨ ਮਜਬੂਰਨ ਆਪਣੀਆਂ ਜ਼ਮੀਨਾਂ ਵੇਚ ਕੇ ਵਿਦੇਸ਼ਾਂ ਵੱਲ ਪਲਾਇਨ ਕਰਨਗੇ। ਇਹ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਸਭ ਤੋਂ ਵੱਡਾ ਖ਼ਤਰਾ ਹੈ। ਐੱਸਐੱਸ ਬੋਰਡ ਭਰਤੀ ਪ੍ਰਕਿਰਿਆ ਨੂੰ ਤੁਰੰਤ ਸੁਧਾਰੇ ਅਤੇ ਪੰਜਾਬੀ ਨੌਜਵਾਨਾਂ ਨੂੰ ਨੌਕਰੀਆਂ ਦੇਵੇ। ਨੌਜਵਾਨਾਂ ਨੂੰ ਖੇਡਾਂ ਅਤੇ ਰੁਜ਼ਗਾਰ ਨਾਲ ਜੋੜ ਕੇ ਨਸ਼ਿਆਂ ਦੇ ਦਰਿਆ ਨੂੰ ਠੱਲ੍ਹ ਪਾਈ ਜਾਵੇ।