- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਹੋਈ ਅਹਿਮ ਮੀਟਿੰਗ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਜ਼ਿਲ੍ਹੇ ਦੇ ਲੋਕਾਂ ਨੂੰ ਮਿਆਰੀ ਅਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿਚ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਰਾਸ਼ਟਰੀ ਪ੍ਰੋਗਰਾਮਾਂ ਦੇ ਤੈਅ ਟੀਚਿਆਂ ਦੀ ਪ੍ਰਾਪਤੀ ਅਤੇ ਕਾਰਗੁਜ਼ਾਰੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਇਸ ਮੌਕੇ ਆਈਏਐੱਸ ਹਿਮਾਂਸ਼ੂ (ਅੰਡਰ ਟਰੇਨਿੰਗ) ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਉਲੀਕੀਆਂ ਗਈਆਂ ਸਿਹਤ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਹਰ ਇੱਕ ਲੋੜਵੰਦ ਵਿਅਕਤੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ, ਸੰਸਥਾਗਤ ਜਣੇਪੇ ਨੂੰ ਵਧਾਉਣ ਅਤੇ ਜਣੇਪਾ ਦੌਰਾਨ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ ਗਈ। ਪਰਿਵਾਰ ਨਿਯੋਜਨ ਦੇ ਵੱਖ-ਵੱਖ ਤਰੀਕਿਆਂ ਅਤੇ ਸੇਵਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਇਸ ਸਬੰਧੀ ਜਾਗਰੂਕਤਾ ਵਧਾਉਣ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਨੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਸੌ ਫੀਸਦੀ ਟੀਕਾਕਰਨ ਦੇ ਟੀਚੇ ਨੂੰ ਹਾਸਲ ਕਰਨ ਲਈ ਵਿਸ਼ੇਸ਼ ਕੈਂਪ ਲਗਾਉਣ ਅਤੇ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ, ਇਹ ਯਕੀਨੀ ਬਣਾਉਣ ਲਈ ਹਦਾਇਤ ਕੀਤੀ ਗਈ। ਉਨ੍ਹਾਂ ਵੱਲੋਂ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਦੀ ਸਿਹਤ ਸਕ੍ਰੀਨਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਬਿਮਾਰੀਆਂ ਦਾ ਸ਼ੁਰੂਆਤੀ ਦੌਰ ਵਿਚ ਹੀ ਪਤਾ ਲਗਾ ਕੇ ਮੁਫ਼ਤ ਇਲਾਜ ਕੀਤਾ ਜਾ ਸਕੇ। ਲਿੰਗ ਨਿਰਧਾਰਨ ਟੈਸਟਾਂ ਦੀ ਮੁਕੰਮਲ ਰੋਕਥਾਮ ਲਈ ਪੀਸੀਪੀਐੱਨਡੀਟੀ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਸਕੈਨਿੰਗ ਸੈਂਟਰਾਂ ਦੀ ਨਿਰੰਤਰ ਚੈਕਿੰਗ ਕਰਨ ਦੀ ਹਦਾਇਤ ਕੀਤੀ ਗਈ। ਡਿਪਟੀ ਕਮਿਸ਼ਨਰ ਵੱਲੋਂ ਮੋਤੀਆ ਬਿੰਦ ਦੇ ਮੁਫ਼ਤ ਆਪ੍ਰੇਸ਼ਨਾਂ ਦੇ ਟੀਚੇ ਪੂਰੇ ਕਰਨ ਅਤੇ ਸਕੂਲੀ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕਰਕੇ ਮੁਫ਼ਤ ਐਨਕਾਂ ਵੰਡਣ ਦੇ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਮੌਸਮੀ ਬਿਮਾਰੀਆਂ ਦੇ ਬਚਾਅ ਲਈ ਅਗਾਊਂ ਪ੍ਰਬੰਧਾਂ, ਫੌਗਿੰਗ ਅਤੇ ਐਂਟੀ-ਲਾਰਵਾ ਗਤੀਵਿਧੀਆਂ ਬਾਰੇ ਵੀ ਵਿਸਥਾਰਤ ਚਰਚਾ ਕੀਤੀ ਗਈ। ਜ਼ਿਲ੍ਹੇ ਨੂੰ ਟੀਬੀ ਮੁਕਤ ਬਣਾਉਣ ਲਈ ਮਰੀਜ਼ਾਂ ਦੀ ਜਲਦੀ ਪਛਾਣ ਕਰਨ, ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣ ਅਤੇ ਨਿਕਸ਼ੇ ਪੋਸ਼ਣ ਯੋਜਨਾ ਤਹਿਤ ਵਿੱਤੀ ਸਹਾਇਤਾ ਸਮੇਂ ਸਿਰ ਦੇਣ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਕਿ ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਾਰੇ ਰਾਸ਼ਟਰੀ ਪ੍ਰੋਗਰਾਮਾਂ ਦੇ ਤੈਅ ਟੀਚਿਆਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ ਅਤੇ ਆਮ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੀਟਿੰਗ ਵਿਚ ਸਮੂਹ ਪ੍ਰੋਗਰਾਮ ਅਫ਼ਸਰ, ਸੀਨੀਅਰ ਮੈਡੀਕਲ ਅਫ਼ਸਰ ਅਤੇ ਸਿਹਤ ਸੁਸਾਇਟੀ ਦੇ ਹੋਰ ਮੈਂਬਰ ਆਦਿ ਮੌਜ਼ੂਦ ਸਨ।