ਕੇਵਲ ਅਹੂਜਾ, ਮੱਖੂ (ਫਿਰੋਜ਼ਪੁਰ): ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਬਲਾਕ ਮੱਖੂ ਦੇ ਪ੍ਰਧਾਨ ਜੀਵਨ ਸ਼ਰਮਾ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਂਗਨਵਾੜੀ ਦੀਆਂ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਮੰਗਾਂ ਦੇ ਸਬੰਧ ਵਿਚ 2 ਅਕਤੂਬਰ ਨੂੰ ਪੰਜਾਬ ਭਰ ਵਿਚ ਬਲਾਕ ਪੱਧਰ 'ਤੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਜੀਵਨ ਸ਼ਰਮਾ ਨੇ ਕਿਹਾ ਕਿ ਸਰਕਾਰ ਵੱਲੋਂ ਆਂਗਨਵਾੜੀ ਦੀਆਂ ਦੀਆਂ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਹੈ। ਜਿਸ ਕਾਰਨ ਮਜ਼ਬੂਰਨ ਆਂਗਨਵਾੜੀ ਦੀਆਂ ਵਰਕਰਾਂ ਅਤੇ ਹੈਲਪਰਾਂ ਵੱਲੋ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜੇਕਰ ਸਰਕਾਰ ਵੱਲੋਂ 2 ਅਕਤੂਬਰ ਦੇ ਰੋਸ ਪ੍ਰਦਰਸ਼ਨ ਦੇ ਬਾਵਜੂਦ ਵੀ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।