
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੁੱਖ ਮੰਤਰੀ ਦੇ ਰਵੱਈਏ ਤੋਂ ਖਫ਼ਾ ਅਧਿਆਪਕਾਂ ਨੇ ਫੂਕੀਆਂ ਸਰਕਾਰੀ ਪੱਤਰਾਂ ਦੀਆਂ ਕਾਪੀਆਂ

ਜਸਵੰਤ ਸਿੰਘ ਗਰੋਵਰ, ਪੰਜਾਬੀ ਜਾਗਰਣ ਮੁੱਦਕੀ: ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਲਾਕ ਘੱਲ ਖੁਰਦ ਦੇ ਵੱਖ-ਵੱਖ ਸਕੂਲਾਂ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁਲਾਜ਼ਮ ਆਗੂਆਂ ਨਾਲ ਮੀਟਿੰਗ ਨਾ ਕਰਨ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕਾਂ ਨੇ ਸਰਕਾਰ ਦੇ ਮੁਲਾਜ਼ਮ ਵਿਰੋਧੀ ਪੱਤਰਾਂ ਅਤੇ ਟਵੀਟਾਂ ਦੀਆਂ ਕਾਪੀਆਂ ਸਾੜ ਕੇ ਆਪਣਾ ਰੋਸ ਜਤਾਇਆ। ਫ਼ਿਰੋਜ਼ਪੁਰ ਦੇ ਬਲਾਕ ਘੱਲ ਖੁਰਦ ਵਿਖੇ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐੱਫ) ਅਤੇ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਦੀ ਅਗਵਾਈ ਹੇਠ ਵੱਖ-ਵੱਖ ਸਕੂਲਾਂ ਵਿੱਚ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਡੀਟੀਐੱਫ ਫ਼ਿਰੋਜ਼ਪੁਰ ਦੇ ਜਨਰਲ ਸਕੱਤਰ ਗਗਨਦੀਪ ਸਿੰਘ ਬਰਾੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਤੀਰੇ ’ਤੇ ਗੰਭੀਰ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸੂਬੇ ਦੇ ਸਮੂਹ ਮੁਲਾਜ਼ਮਾਂ ਨਾਲ ਤਾਨਾਸ਼ਾਹੀ ਰਵੱਈਆ ਛੱਡ ਕੇ ਤੁਰੰਤ ਸਾਂਝੀ ਮੁਲਾਜ਼ਮ ਤਾਲਮੇਲ ਕਮੇਟੀ ਨਾਲ ਬੈਠ ਕੇ ਮੀਟਿੰਗ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਲਟਕਦੇ ਮਸਲਿਆਂ ਦਾ ਹੱਲ ਗੱਲਬਾਤ ਰਾਹੀਂ ਹੀ ਕੀਤਾ ਜਾ ਸਕਦਾ ਹੈ, ਨਾ ਕਿ ਫ਼ਰਮਾਨ ਜਾਰੀ ਕਰਕੇ। ਦੀਦਾਰ ਸਿੰਘ ਮੁੱਦਕੀ ਨੇ ਆਖਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਜਿਵੇਂ ਕਿ ਸਰਕਾਰ ਮੁਲਾਜ਼ਮਾਂ ਦਾ ਰੋਕਿਆ ਗਿਆ 18 ਪ੍ਰਤੀਸ਼ਤ ਮਹਿੰਗਾਈ ਭੱਤਾ (ਡੀਏ) ਤੁਰੰਤ ਜਾਰੀ ਕਰੇ। ਸਾਲ 2022 ਵਿਚ ਪੁਰਾਣੀ ਪੈਨਸ਼ਨ ਲਾਗੂ ਕਰਨ ਬਾਰੇ ਕੀਤੇ ਐਲਾਨ ਦਾ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਨੂੰ ਅਮਲੀ ਰੂਪ ਦਿੱਤਾ ਜਾਵੇ। ਪੰਜਾਬ ਦੇ ਸਾਰੇ ਸਰਕਾਰੀ ਵਿਭਾਗਾਂ ਵਿਚ ਸਾਲਾਂ ਤੋਂ ਸੇਵਾਵਾਂ ਦੇ ਰਹੇ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ। ਅਧਿਆਪਕਾਂ ਦੀਆਂ ਰੁਕੀਆਂ ਹੋਈਆਂ ਪ੍ਰਮੋਸ਼ਨਾਂ ਜਲਦ ਤੋਂ ਜਲਦ ਕੀਤੀਆਂ ਜਾਣ ਅਤੇ ਮੁਲਾਜ਼ਮ ਵਿਰੋਧੀ ਜਾਰੀ ਕੀਤੇ ਸਾਰੇ ਪੱਤਰਾਂ ਨੂੰ ਤੁਰੰਤ ਰੱਦ ਕੀਤਾ ਜਾਵੇ। ਇਸ ਮੌਕੇ ਜਗਸੀਰ ਸਿੰਘ, ਮਹਾਂਵੀਰ ਕੁਮਾਰ, ਜਸਵੰਤ ਰਾਏ, ਬਲਵੰਤ ਰਾਏ,ਸੁਖਬੀਰ ਸਿੰਘ, ਜਗਦੀਪ ਸਿੰਘ, ਪ੍ਰਿੰਕਾ ਕੋਹਲੀ, ਪਿੰਕੀ ਰਾਣੀ, ਮਨਜੀਤ ਕੌਰ, ਸਰਬਜੀਤ ਕੌਰ ਸਮੇਤ ਕਈ ਹੋਰ ਅਧਿਆਪਕ ਆਗੂ ਹਾਜ਼ਰ ਸਨ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।