ਮੁੱਦਕੀ ਦੀ ਇਤਿਹਾਸਕ ਧਰਤੀ ’ਤੇ ਸਿੱਖ ਫੌਜਾਂ ਦੀ ਯਾਦ ’ਚ ਸ਼ਹੀਦੀ ਜੋੜ-ਮੇਲਾ ਆਰੰਭ
ਮੁੱਦਕੀ ਦੀ ਇਤਿਹਾਸਕ ਧਰਤੀ ’ਤੇ ਸਿੱਖ ਫੌਜਾਂ ਦੀ ਯਾਦ ਵਿਚ ਸਾਲਾਨਾ ਸ਼ਹੀਦੀ ਜੋੜ ਮੇਲਾ ਸ਼ਰਧਾਪੂਰਵਕ ਆਰੰਭ
Publish Date: Wed, 31 Dec 2025 05:05 PM (IST)
Updated Date: Wed, 31 Dec 2025 05:08 PM (IST)

ਜਸਵੰਤ ਸਿੰਘ ਗਰੋਵਰ, ਪੰਜਾਬੀ ਜਾਗਰਣ ਮੁੱਦਕੀ : ਇਤਿਹਾਸਕ ਨਗਰ ਮੁੱਦਕੀ ਦੀ ਪਵਿੱਤਰ ਧਰਤੀ ਜਿੱਥੇ ਸੰਨ 1845 ਵਿਚ ਖਾਲਸਾ ਫੌਜਾਂ ਅਤੇ ਅੰਗਰੇਜ਼ੀ ਹਕੂਮਤ ਦਰਮਿਆਨ ਪਹਿਲੀ ਭਿਆਨਕ ਜੰਗ ਹੋਈ ਸੀ, ਵਿਖੇ ਉਨ੍ਹਾਂ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਜੋੜ ਮੇਲਾ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਹੋਣ ਵਾਲੇ ਇਸ ਸਮਾਗਮ ਵਿਚ ਦੇਸ਼-ਵਿਦੇਸ਼ ਤੋਂ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸ਼ਹੀਦੀ ਜੋੜ ਮੇਲੇ ਦੇ ਸਬੰਧ ਵਿਚ 30 ਦਸੰਬਰ 2025 (ਮੰਗਲਵਾਰ) ਸਵੇਰੇ ਸ੍ਰੀ ਅਖੰਡ ਜਾਪ ਸਾਹਿਬ ਆਰੰਭ ਕੀਤੇ ਗਏ। ਅੱਜ 31 ਦਸੰਬਰ 2025 ਬੁੱਧਵਾਰ ਸਵੇਰੇ 7 ਵਜੇ ਪਿੰਡ ਮੁੱਦਕੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਕਸਬੇ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਆਪਣੇ ਸਥਾਨ ’ਤੇ ਸੰਪੰਨ ਹੋਇਆ। ਨਗਰ ਕੀਰਤਨ ਦੌਰਾਨ ਸੰਗਤਾਂ ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰ ਰਹੀਆਂ ਸਨ। ਇਸ ਨਗਰ ਕੀਰਤਨ ਵਿਚ ਢਾਡੀ ਜਥੇ ਗੁਰੂ ਜੱਸ ਸੁਣਾ ਰਹੇ ਸਨ। ਸ਼ਹਿਰ ਨਿਵਾਸੀਆਂ ਅਤੇ ਦੁਕਾਨਦਾਰਾਂ ਵੱਲੋਂ ਥਾਂ-ਥਾਂ ’ਤੇ ਸਵਾਗਤੀ ਗੇਟ ਲਗਾਏ ਗਏ ਸਨ ਅਤੇ ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ। ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਨਾਨਕਸ਼ਾਹੀ ਸੰਮਤ 557 ਦੇ ਮੁਤਾਬਿਕ 1 ਜਨਵਰੀ 2026 (ਵੀਰਵਾਰ) ਨੂੰ ਮੁੱਖ ਸਮਾਗਮ ਹੋਣਗੇ। ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਜਿਸ ਉਪਰੰਤ ਪੰਥ ਪ੍ਰਸਿੱਧ ਰਾਗੀ ਅਤੇ ਢਾਡੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ। ਧਰਮ ਪ੍ਰਚਾਰ ਲਹਿਰ ਤਹਿਤ ਵਿਸ਼ੇਸ਼ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ, ਜਿਸ ਵਿਚ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨਗੇ। ਪ੍ਰਬੰਧਕਾਂ ਨੇ ਦੱਸਿਆ ਕਿ ਇਸੇ ਦਿਹਾੜੇ ’ਤੇ ਸੰਗਤਾਂ ਦੀ ਸਹੂਲਤ ਲਈ ਤਿਆਰ ਕੀਤੇ ਗਏ ਨਵੇਂ ਲੰਗਰ ਹਾਲ ਦਾ ਉਦਘਾਟਨ ਵੀ ਕੀਤਾ ਜਾਵੇਗਾ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀਆਂ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਿਵਾਰਾਂ ਸਮੇਤ ਇਨ੍ਹਾਂ ਸਮਾਗਮਾਂ ਵਿਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ।