- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਹਨ ਚਾਲਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ: ਰੀਜਨਲ ਟਰਾਂਸਪੋਰਟ ਅਫ਼ਸਰ ਵਿਸ਼ਵਜੀਤ ਸਿੰਘ ਸਿੱਧੂ ਵੱਲੋਂ ਆਮ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸੜਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਖ਼ਾਸ ਕਰਕੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦੇਣ। ਆਰ.ਟੀ.ਓ. ਵਿਸ਼ਵਜੀਤ ਸਿੰਘ ਸਿੱਧੂ ਨੇ ਕਿਹਾ ਕਿ ਧੁੰਦ ਅਤੇ ਘੱਟ ਰੌਸ਼ਨੀ ਦੇ ਮੌਸਮ ਦੌਰਾਨ ਸੜਕ ਹਾਦਸਿਆਂ ਤੋਂ ਬਚਾਅ ਲਈ ਸਾਰੇ ਸਕੂਲੀ ਵਾਹਨ ਚਾਲਕ ਆਪਣੇ ਵਾਹਨਾਂ ਦੇ ਅੱਗੇ ਅਤੇ ਪਿੱਛੇ ਲੋੜ ਅਨੁਸਾਰ ਰਿਫਲੈਕਟਰ ਅਤੇ ਰਿਫਲੈਕਟਿਵ ਟੇਪ ਜ਼ਰੂਰ ਲਗਵਾਉਣ, ਤਾਂ ਜੋ ਧੁੰਦ ਦੌਰਾਨ ਵਾਹਨ ਦੂਰੋਂ ਹੀ ਦਿਖਾਈ ਦੇ ਸਕਣ।ਉਨ੍ਹਾਂ ਵੱਲੋਂ ਵਾਹਨ ਚਾਲਕਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਉਹ ਆਪਣੇ ਵਾਹਨਾਂ ਦੇ ਸਾਰੇ ਜ਼ਰੂਰੀ ਦਸਤਾਵੇਜ਼ ਜਿਵੇਂ ਕਿ ਰਜਿਸਟਰੇਸ਼ਨ ਸਰਟੀਫਿਕੇਟ, ਵੈਧ ਬੀਮਾ, ਪ੍ਰਦੂਸ਼ਣ ਸਰਟੀਫਿਕੇਟ ਅਤੇ ਡਰਾਈਵਿੰਗ ਲਾਇਸੈਂਸ ਮੁਕੰਮਲ ਅਤੇ ਅਪਡੇਟ ਰੱਖਣ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਆਲੇ-ਦੁਆਲੇ ਵਾਹਨ ਚਲਾਉਂਦੇ ਸਮੇਂ ਖ਼ਾਸ ਸਾਵਧਾਨੀ ਵਰਤੀ ਜਾਵੇ, ਵਾਹਨਾਂ ਦੀ ਰਫ਼ਤਾਰ ਘੱਟ ਰੱਖੀ ਜਾਵੇ ਅਤੇ ਪੈਦਲ ਸੜਕ ਪਾਰ ਕਰਨ ਵਾਲੇ ਬੱਚਿਆਂ ਨੂੰ ਪਹਿਲ ਦਿੱਤੀ ਜਾਵੇ। ਸਕੂਲ ਵੈਨਾਂ ਅਤੇ ਹੋਰ ਵਿਦਿਆਰਥੀਆਂ ਨੂੰ ਲਿਜਾਣ ਵਾਲੇ ਵਾਹਨਾਂ ਵਿੱਚ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਸੇਫ ਸਕੂਲ ਵਾਹਨ ਪਾਲਸੀ ਦੀਆਂ ਹਦਾਇਤਾ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਵੱਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਸੜਕ ਸੁਰੱਖਿਆ ਸਿਰਫ਼ ਪ੍ਰਸ਼ਾਸਨ ਦੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਸਾਵਧਾਨੀ ਨਾਲ ਵਾਹਨ ਚਲਾਓ, ਟਰੈਫਿਕ ਨਿਯਮਾਂ ਦੀ ਪਾਲਣਾ ਕਰੋ ਅਤੇ ਕੀਮਤੀ ਮਨੁੱਖੀ ਜਾਨਾਂ ਦੀ ਸੁਰੱਖਿਆ ਵਿੱਚ ਆਪਣਾ ਯੋਗਦਾਨ ਪਾਓ।