ਪੱਤਰਕਾਰਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਤਾਨਾਸ਼ਾਹੀ ਸੋਚ ਦੀ ਨਿਸ਼ਾਨੀ: ਜ਼ੀਰਾ
ਪੱਤਰਕਾਰਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਤਾਨਾਸ਼ਾਹੀ ਸੋਚ ਦੀ ਨਿਸ਼ਾਨੀ: ਕੁਲਬੀਰ ਸਿੰਘ ਜ਼ੀਰਾ
Publish Date: Sat, 03 Jan 2026 04:04 PM (IST)
Updated Date: Sat, 03 Jan 2026 04:05 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਪੰਜਾਬ ਵਿਚ ਪ੍ਰੈਸ ਦੀ ਆਜ਼ਾਦੀ ’ਤੇ ਹੋ ਰਹੇ ਲਗਾਤਾਰ ਹਮਲਿਆਂ ਨੂੰ ਲੈ ਕੇ ਸਿਆਸਤ ਗਰਮਾਉਂਦੀ ਨਜ਼ਰ ਆ ਰਹੀ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਪੱਤਰਕਾਰਾਂ ’ਤੇ ਦਰਜ ਕੀਤੇ ਗਏ ਕੇਸਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਹ ਕਦਮ ਲੋਕਤੰਤਰ ਦੀ ਰੀੜ੍ਹ ਦੀ ਹੱਡੀ ’ਤੇ ਵਾਰ ਕਰਨ ਦੇ ਬਰਾਬਰ ਹੈ। ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਜੋ ਪਾਰਟੀ ਕਦੇ ਇਨਕਲਾਬ, ਇਮਾਨਦਾਰੀ ਅਤੇ ਲੋਕਤੰਤਰ ਦੀਆਂ ਵੱਡੀਆਂ ਗੱਲਾਂ ਕਰਦੀ ਸੀ,ਅੱਜ ਉਹੀ ਸੱਤਾ ਦੇ ਨਸ਼ੇ ਵਿਚ ਸੱਚ ਬੋਲਣ ਵਾਲੀਆਂ ਆਵਾਜ਼ਾਂ ਨੂੰ ਕੁਚਲਣ ’ਤੇ ਉਤਾਰੂ ਹੋ ਗਈ ਹੈ।ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਵਿਚ ਪ੍ਰੈਸ ਦੀ ਆਜ਼ਾਦੀ ’ਤੇ ਯੋਜਨਾਬੱਧ ਢੰਗ ਨਾਲ ਹਮਲੇ ਕੀਤੇ ਜਾ ਰਹੇ ਹਨ ਅਤੇ ਪੱਤਰਕਾਰਾਂ ’ਤੇ ਪਰਚੇ ਦਰਜ ਕਰਕੇ ਡਰ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਜ਼ੀਰਾ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਅਤੇ ਲੋਕਾਂ ਦੇ ਮਸਲਿਆਂ ਨੂੰ ਬੇਖੌਫ਼ ਉਠਾਉਣ ਵਾਲੇ 9 ਪੱਤਰਕਾਰਾਂ ’ਤੇ ਕੇਸ ਦਰਜ ਕਰਨਾ ਬਹੁਤ ਹੀ ਗੰਭੀਰ ਅਤੇ ਚਿੰਤਾਜਨਕ ਮਸਲਾ ਹੈ। ਉਨ੍ਹਾਂ ਯਾਦ ਦਿਵਾਇਆ ਕਿ ਇਹ ਪੱਤਰਕਾਰ ਪਿਛਲੀਆਂ ਸਰਕਾਰਾਂ ਦੇ ਸਮੇਂ ਵੀ ਸਰਕਾਰਾਂ ਦੀਆਂ ਗਲਤ ਨੀਤੀਆਂ ਦੀ ਆਲੋਚਨਾ ਕਰਦੇ ਰਹੇ ਹਨ, ਪਰ ਕਦੇ ਵੀ ਉਨ੍ਹਾਂ ਨੂੰ ਡਰਾਇਆ ਜਾਂ ਦਬਾਇਆ ਨਹੀਂ ਗਿਆ। ਜ਼ੀਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਉਸ ਆਵਾਜ਼ ਨੂੰ ਚੁੱਪ ਕਰਵਾਉਣਾ ਚਾਹੁੰਦੀ ਹੈ ਜੋ ਲੋਕਾਂ ਦੇ ਹੱਕਾਂ ਦੀ ਗੱਲ ਕਰਦੀ ਹੈ, ਜੋ ਕਿ ਤਾਨਾਸ਼ਾਹੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਪੱਤਰਕਾਰਾਂ ਦੇ ਨਾਲ ਖੜ੍ਹੀ ਹੈ ਤੇ ਲੋਕਤੰਤਰ ਦੀ ਰੱਖਿਆ ਲਈ ਹਰ ਕੁਰਬਾਨੀ ਦੇਣ ਨੂੰ ਤਿਆਰ ਹੈ। ਪੰਜਾਬ ਦੇ ਲੋਕ ਇਸ ਤਰ੍ਹਾਂ ਦੀ ਜ਼ੁਲਮਨਾਕ ਨੀਤੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਪ੍ਰਿਤਪਾਲ ਸਿੰਘ ਕਾਕਾ ਜੈਲਦਾਰ, ਸੰਜੀਵ ਨਾਰੰਗ, ਰਮਨ ਸ਼ਰਮਾ, ਰੋਮੀ ਚੋਪੜਾ, ਹਰਪ੍ਰੀਤ ਸਿੰਘ ਨੋਨੂੰ, ਚੰਦਨ ਨਰੂਲਾ, ਨਿਤੀਸ਼ ਕੁਮਾਰ ਗੋਲੂ ਆਦਿ ਹਾਜ਼ਰ ਸਨ।