ਪੰਜਾਬੀ ਜਾਗਰਣ ਟੀਮ, ਫਾਜ਼ਿਲਕਾ : ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਤੋਂ ਬਚਣ ਲਈ ਫਾਜ਼ਿਲਕਾ ਦੇ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ 'ਤੇ ਸ਼ਹਿਰ ਦੇ ਬੱਸ ਸਟੈਂਡ 'ਤੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ।

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ. ਹਰਜਿੰਦਰ ਸਿੰਘ ਨੇ ਬੱਸ ਡਰਾਈਵਰਾਂ ਅਤੇ ਯਾਤਰੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਜਿਵੇਂ ਕਿ ਹੱਥ ਧੋਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਤਾਲਾਬੰਦੀ ਜਿਹੀ ਸਥਿਤੀ ਤੋਂ ਬਚਣ ਲਈ ਸਾਨੂੰ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਅਤੇ ਸਾਵਧਾਨੀਆਂ ਦੀ ਪਾਲਣਾ ਦੇ ਨਾਲ-ਨਾਲ ਯੋਗ ਵਿਅਕਤੀਆਂ ਨੂੰ ਟੀਕਾਕਰਨ ਵੀ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾਕਰਣ ਕਰਵਾਉਣਾ ਚਾਹੀਦਾ ਹੈ ਜੋ ਟੀਕਾਕਰਨ ਹਰ ਰੋਜ਼ਾਨਾ ਸਰਕਾਰੀ ਹਸਪਤਾਲਾਂ ਵਿਚ ਮੁਫਤ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਪੁਲਿਸ ਮੁੱਖੀ ਹਰਜੀਤ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦੇਣਾ ਚਾਹੀਦਾ ਹੈ ਕੋਰੋਨਾ ਵਿਰੁੱਧ ਲੜਾਈ ਸਿਰਫ ਲੋਕਾਂ ਦੇ ਸਹਿਯੋਗ ਨਾਲ ਹੀ ਲੜੀ ਜਾ ਸਕਦੀ ਹੈ। ਇਸ ਲਈ ਲੋਕਾਂ ਨੂੰ ਮਾਸਕ ਦੀ ਵਰਤੋਂ ਦੇ ਨਾਲ-ਨਾਲ ਹੋਰ ਸਾਵਧਾਨੀਟਾਂ ਦੀ ਪਾਲਣਾ ਜ਼ਰੂਰ ਕਰਨੀ ਚਾਹੀਦੀ ਹੈ ਅਤੇ ਜਿਸ ਨਾਗਰਿਕ ਵੱਲੋਂ ਮਾਸਕ ਦੀ ਵਰਤੋਂ ਨਾ ਕੀਤੀ ਗਈ ਤਾਂ ਉਸਦਾ ਚਲਾਨ ਕੱਟਿਆ ਜਾਵੇਗਾ ਤਾਂ ਉਨ੍ਹਾਂ ਵੱਲੋਂ ਲੋਕਾਂ ਨੂੰ ਮਾਸਕ ਵੀ ਵੰਡੇ ਗਏ।

ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਅਨਿਲ ਧਾਮੂ ਨੇ ਕਿਹਾ ਕਿ ਅਗਰ ਆਪਣੇ ਅੰਦਰ ਕੋਰੋਨਾ ਦੇ ਲੱਛਣ ਪਾਏ ਜਾਣ 'ਤੇ ਹਰ ਵਿਅਕਤੀ ਨੂੰ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਜ਼ੋ ਵਿਅਕਤੀ ਪਾਜ਼ੇਟਿਵ ਮਰੀਜ਼ ਦੇ ਸੰਪਰਕ 'ਚ ਆਉਂਦਾ ਹੈ ਤਾਂ ਉਸਨੂੰ ਵੀ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਟੈਸਟਿੰਗ ਕਰਵਾ ਕੇ ਲੋੜੀਂਦਾ ਇਲਾਜ ਲੈ ਕੇ ਕੋਰੋਨਾ ਨੂੰ ਹਰਾਇਆ ਜਾ ਸਕਦਾ ਹੈ। ਇਸ ਮੌਕੇ ਸਿਹਤ ਵਿਭਾਗ ਤੋਂ ਸੁਮਨ ਕੁਮਾਰ, ਸੁਖਵਿੰਦਰ ਅਤੇ ਬੱਸ ਅੱਡੇ ਦੇ ਅਧਿਕਾਰੀ ਮੌਜੂਦ ਸਨ।