ਸੁਖਵਿੰਦਰ ਥਿੰਦ ਆਲਮਸ਼ਾਹ, ਫਾਜ਼ਿਲਕਾ : ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵੱਖ-ਵੱਖ ਵਿਭਾਗਾਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਗਤੀਵਿਧੀਆਂ ਕਰਦੇ ਹੋਏ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਜਾ ਰਿਹਾ ਹੈ ਅਤੇ ਨਸ਼ੇ ਦੇ ਖਿਲਾਫ ਮੁਕਾਬਲੇ ਅਤੇ ਸੈਮੀਨਾਰ ਲਗਾ ਕੇ ਵੀ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰੇ ਰਹਿਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਅਭਿਆਨ ਦੀ ਲੜੀ ਤਹਿਤ ਗੁਰੂ ਨਾਨਕ ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਵਿਖੇ ਵਿਦਿਆਰਥੀਆਂ ਵਿਚ ਸਲੋਗਨ ਮੁਕਾਬਲੇ ਕਰਵਾਏ ਗਏ ਇਸ ਮੌਕੇ ਤਹਿਸੀਲ ਭਲਾਈ ਅਫਸਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਹੁਣੇ ਤੋਂ ਹੀ ਨਸ਼ਿਆਂ ਤੋਂ ਦੂਰ ਰਹਿਣ ਬਾਰੇ ਪ੍ਰਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ ਤਾਂ ਜ਼ੋ ਉਹ ਭਵਿੱਖ 'ਚ ਨਸ਼ੇ ਦੀ ਦਲਦਲ ਵਿਚ ਨਾ ਫਸ ਸਕਣ ਅਤੇ ਇਸ ਕੋਹੜ ਤੋਂ ਦੂਰ ਰਹਿਣ।

ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵਿਚਕਾਰ ਨਸ਼ੇ ਦੀ ਰੋਕਥਾਮ ਸਬੰਧੀ ਸਲੋਗਨ ਮੁਕਾਬਲੇ ਕਰਵਾ ਕੇ ਉਨ੍ਹਾਂ ਅੰਦਰ ਨਸ਼ੇ ਵੱਲ ਨਾ ਜਾਣ ਦੀ ਭਾਵਨਾ ਪੈਦਾ ਕੀਤੀ ਜਾ ਰਹੀ ਹੈ ਤਾਂ ਜ਼ੋ ਆਉਣ ਵਾਲੀ ਪੀੜੀ ਨੂੰ ਮੁਕੰਮਲ ਤੌਰ 'ਤੇ ਨਸ਼ੇ ਤੋਂ ਬਚਾ ਕੇ ਰੱਖਿਆ ਜਾ ਸਕੇ। ਇਸ ਮੁਕਾਬਲਿਆਂ ਵਿਚ 100 ਤੋਂ ਵਧੇਰੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਸੰਸਥਾ ਦੇ ਨੁਮਾਇੰਦੇ ਗਗਨ ਚੁੱਘ ਵੱਲੋਂ ਵੀ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ।