ਬਨੇਗਾ ਪ੍ਰਾਪਤੀ ਮੁਹਿੰਮ ਦੇ ਬੈਨਰ ਹੇਠ ਵਿਦਿਆਰਥੀਆਂ ਨੇ ਬਣਾਈ ਮਨੁੱਖੀ ਲੜੀ
ਬਨੇਗਾ ਪ੍ਰਾਪਤੀ ਮੁਹਿੰਮ ਦੇ ਬੈਨਰ ਹੇਠ ਨੌਜਵਾਨਾਂ ਵਿਦਿਆਰਥੀਆਂ ਵੱਲੋਂ ਬਣਾਈ ਗਈ ਬਨੇਗਾ ਵਲੰਟੀਅਰ ਮਨੁੱਖੀ ਕੜੀ
Publish Date: Mon, 23 Mar 2026 06:26 PM (IST)
Updated Date: Mon, 23 Mar 2026 06:28 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਹੁਸੈਨੀਵਾਲਾ ਸ਼ਹੀਦੀ ਸਮਾਰਕ ਵਿਖੇ ‘ਸਰਬ ਭਾਰਤ ਨੌਜਵਾਨ ਸਭਾ’ ਤੇ ‘ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ’ਵੱਲੋਂ ਭਾਰੀ ਇਕੱਠ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ‘ਬਨੇਗਾ ਪ੍ਰਾਪਤੀ ਮੁਹਿੰਮ’ ਦੇ ਬੈਨਰ ਹੇਠ ਸੈਂਕੜੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੀ ਫੋਟੋ ਵਾਲੀਆਂ ਵਿਸ਼ੇਸ਼ ਟੀ-ਸ਼ਰਟਾਂ ਪਹਿਨ ਕੇ ਇੱਕ ਵਿਸ਼ਾਲ ‘ਮਨੁੱਖੀ ਕੜੀ’ ਬਣਾਈ, ਜੋ ਖਿੱਚ ਦਾ ਕੇਂਦਰ ਰਹੀ। ਮੁਹਿੰਮ ਦੇ ਮੁੱਖ ਸਲਾਹਕਾਰ ਕਾਮਰੇਡ ਜਗਰੂਪ ਸਿੰਘ ਅਤੇ ਨੌਜਵਾਨ ਆਗੂਆਂ ਕਰਮਵੀਰ ਕੌਰ ਬੱਧਣੀ ਤੇ ਰਮਨ ਕੁਮਾਰ ਧਰਮੂਵਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਅੱਜ ਵੀ ਨੌਜਵਾਨੀ ਲਈ ਮਾਰਗਦਰਸ਼ਕ ਹੈ। ਉਨ੍ਹਾਂ ਦੱਸਿਆ ਕਿ 2014 ਵਿੱਚ ਇਸੇ ਪਵਿੱਤਰ ਸਥਾਨ ਤੋਂ 'ਭਗਤ ਸਿੰਘ ਕੌਮੀ ਰੁਜ਼ਗਾਰ ਗਰੰਟੀ ਕਾਨੂੰਨ' (ਬਨੇਗਾ) ਪਾਸ ਕਰਵਾਉਣ ਲਈ ਸੰਘਰਸ਼ ਸ਼ੁਰੂ ਕੀਤਾ ਗਿਆ ਸੀ, ਜੋ ਅੱਜ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਫੈਲ ਚੁੱਕਾ ਹੈ। ਆਗੂਆਂ ਨੇ ਚਿੰਤਾ ਪ੍ਰਗਟਾਈ ਕਿ ਅਜੋਕੇ ਦੌਰ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਕਾਰਨ ਰੁਜ਼ਗਾਰ ਦੇ ਮੌਕੇ ਪ੍ਰਭਾਵਿਤ ਹੋ ਰਹੇ ਹਨ। ਅਜਿਹੇ ਵਿਚ ‘ਬਨੇਗਾ’ ਕਾਨੂੰਨ ਲਾਗੂ ਕਰਨਾ ਅਤੇ ਕੰਮ ਦੇ ਘੰਟੇ 8 ਤੋਂ ਘਟਾ ਕੇ 6 ਕਰਨਾ ਹੀ ਇੱਕੋ-ਇੱਕ ਸਿਧਾਂਤਕ ਹੱਲ ਹੈ।ਸੂਬਾ ਸਕੱਤਰ ਚਰਨਜੀਤ ਛਾਂਗਾ ਰਾਏ ਅਤੇ ਸੁਖਵਿੰਦਰ ਮਲੋਟ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਰੁਜ਼ਗਾਰ ਦੀ ਗਰੰਟੀ, ਮੁਫ਼ਤ ਸਿੱਖਿਆ ਅਤੇ ਸਿਹਤ ਸਹੂਲਤਾਂ ਦੀ ਮੰਗ ਨੂੰ ਲੈ ਕੇ ਅਗਾਮੀ ਵਿਧਾਨ ਸਭਾ ਸੈਸ਼ਨ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨ ‘ਵਿਧਾਨ ਸਭਾ ਮਾਰਚ’ ਕਰਨਗੇ। ਇਸ ਮੌਕੇ ਕੁਲਦੀਪ ਭੋਲਾ, ਵਿਸ਼ਾਲ ਵਲਟੋਹਾ, ਰਮਨਦੀਪ ਕੌਰ ਮੁਕਤਸਰ ਸਮੇਤ ਕਈ ਹੋਰ ਆਗੂਆਂ ਨੇ ਵੀ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨੌਜਵਾਨਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ।