ਲਾਭਪਾਤਰੀ ਟੀਕਾਕਰਨ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ : ਡਾ ਮੀਨਾਕਸ਼ੀ
ਲਾਭਪਾਤਰੀ ਟੀਕਾਕਰਨ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ : ਡਾ ਮੀਨਾਕਸ਼ੀ
Publish Date: Thu, 23 Apr 2026 03:41 PM (IST)
Updated Date: Fri, 24 Apr 2026 04:01 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਜ਼ਿਲ੍ਹਾ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਅੰਦਰ 24 ਅਪ੍ਰੈਲ ਤੋਂ 30 ਅਪ੍ਰੈਲ 2026 ਤੱਕ ‘‘ਵਿਸ਼ਵ ਟੀਕਾਕਰਨ ਹਫ਼ਤਾ’’ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਟੀਕਾਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਟੀਕਿਆਂ ਰਾਹੀਂ ਰੋਕੀਆਂ ਜਾ ਸਕਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਮੂਹਿਕ ਯਤਨਾਂ ਨੂੰ ਤੇਜ਼ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਹਫ਼ਤੇ ਦੌਰਾਨ ਉੱਚ ਜ਼ੋਖ਼ਮ ਵਾਲੇ ਸਾਰੇ ਖੇਤਰਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਜਾਗਰੂਕਤਾ ਸਰਗਰਮੀਆਂ ਕੀਤੀਆਂ ਜਾਣਗੀਆਂ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਦੱਸਿਆ ਕਿ ਇਹ ਕੈਂਪ ਵਿਸ਼ੇਸ਼ ਤੌਰ ’ਤੇ ਪ੍ਰਵਾਸੀ ਆਬਾਦੀ ਵਾਲੇ ਖੇਤਰਾਂ, ਝੁੱਗੀਆਂ, ਬਸਤੀਆਂ ਆਦਿ ਵਿਚ ਰਹਿਣ ਵਾਲੀਆਂ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਨੂੰ ਕਵਰ ਕਰਨ ਕਰਨਗੇ। ਸ਼ਹਿਰੀ ਖੇਤਰਾਂ ਅਤੇ ਪਰਵਾਸੀ ਆਬਾਦੀ ਵਾਲੇ ਇਲਾਕਿਆਂ ਵਿੱਚ ਟੀਕਾਕਰਨ ਕਵਰੇਜ ਵਧਾਉਣ ਲਈ ਕੈਂਪ ਲਗਾਏ ਜਾਣਗੇ ਤਾਂ ਕਿ ਕੋਈ ਵੀ ਬੱਚਾ ਜਾਂ ਗਰਭਵਤੀ ਮਹਿਲਾ ਟੀਕਾਕਰਨ ਤੋਂ ਵਾਂਝਾ ਨਾ ਰਹੇ। ਜਾਗਰੂਕਤਾ ਵਧਾਉਣ ਲਈ ਆਈਈਸੀ ਗਤੀਵਿਧੀਆਂ ਵੀ ਕੀਤੀਆਂ ਜਾਣਗੀਆਂ, ਖਾਸ ਕਰਕੇ ਸ਼ਹਿਰੀ ਅਤੇ ਮਾਈਗ੍ਰੇਟਰੀ ਆਬਾਦੀ ਵਾਲੇ ਖੇਤਰਾਂ ਵਿਚ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਕਰਮਚਾਰੀ ਘਰ-ਘਰ ਜਾ ਕੇ ਵੀ ਲੋਕਾਂ ਨੂੰ ਟੀਕਾਕਰਨ ਬਾਰੇ ਪ੍ਰੇਰਿਤ ਕਰਨਗੇ। ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਵੱਲੋਂ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਹ ਸਾਰੀਆਂ ਗਤੀਵਿਧੀਆਂ ਸੁਚੱਜੇ ਢੰਗ ਨਾਲ ਕਰਵਾਈਆਂ ਜਾਣ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਸਮੇਂ-ਸਿਰ ਟੀਕਾਕਰਨ ਕਰਵਾਉਣ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿਚ ਸਹਿਯੋਗ ਦੇਣ।