ਸਾਵਧਾਨ! ਇੱਕ ਗ਼ਲਤ ਕਲਿੱਕ ਖਾਲੀ ਕਰ ਸਕਦੈ ਬੈਂਕ ਖਾਤਾ ਸਾਵਧਾਨ! ਇੱਕ ਗ਼ਲਤ ਕਲਿੱਕ ਖਾਲੀ ਕਰ ਸਕਦੈ ਬੈਂਕ ਖਾਤਾ
Publish Date: Thu, 29 Oct 2026 04:43 PM (IST)
Updated Date: Fri, 30 Oct 2026 04:02 AM (IST)
ਸੰਤ ਕਬੀਰ ਕਾਲਜ ਜ਼ੀਰਾ ’ਚ ਵਿਜੀਲੈਂਸ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਆ ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਅਤੇ ਨੌਜਵਾਨ ਪੀੜ੍ਹੀ ਨੂੰ ਡਿਜੀਟਲ ਵਿੱਤੀ ਧੋਖਾਧੜੀਆਂ ਪ੍ਰਤੀ ਸੁਚੇਤ ਕਰਨ ਦੇ ਉਦੇਸ਼ ਨਾਲ ਸੰਤ ਕਬੀਰ ਕਾਲਜ ਜ਼ੀਰਾ ਵਿਖੇ ਪੰਜਾਬ ਨੈਸ਼ਨਲ ਬੈਂਕ ਦੇ ਸਹਿਯੋਗ ਨਾਲ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਇਮਾਨਦਾਰੀ, ਪਾਰਦਰਸ਼ਤਾ ਅਤੇ ਨੈਤਿਕ ਜ਼ਿੰਮੇਵਾਰੀਆਂ ਦੀ ਮਹੱਤਤਾ ਸਮਝਾਉਂਦਿਆਂ ਭ੍ਰਿਸ਼ਟਾਚਾਰ ਵਿਰੁੱਧ ਡਟ ਕੇ ਖੜ੍ਹਨ ਦਾ ਸੱਦਾ ਦਿੱਤਾ ਗਿਆ। ਸੈਮੀਨਾਰ ਵਿੱਚ ਪੰਜਾਬ ਨੈਸ਼ਨਲ ਬੈਂਕ ਦੇ ਐਡੀਸ਼ਨਲ ਚੀਫ਼ ਵਿਜੀਲੈਂਸ ਅਫ਼ਸਰ ਕਨਵਲਜੀਤ ਸਿੰਘ ਸਾਹਨੀ, ਡੀ.ਜੀ.ਐੱਮ ਰਾਜਿੰਦਰ ਮੋਹਨ ਸ਼ਰਮਾ ਅਤੇ ਸਰਕਲ ਹੈੱਡ ਕਪਿਲ ਕੁਮਾਰ ਗਾਂਧੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਤੇ ਡਾਇਰੈਕਟਰ ਡਾ.ਸੁਖਦੇਵ ਸਿੰਘ ਨੇ ਬੈਂਕ ਅਧਿਕਾਰੀਆਂ ਦਾ ਨਿੱਘਾ ਸਵਾਗਤ ਕੀਤਾ। ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਦੇਸ਼ ਦੀ ਤਰੱਕੀ, ਪ੍ਰਸ਼ਾਸਨਿਕ ਪਾਰਦਰਸ਼ਤਾ ਅਤੇ ਸਮਾਜਿਕ ਵਿਸ਼ਵਾਸ ਲਈ ਵੱਡੀ ਚੁਣੌਤੀ ਹੈ। ਇਸ ਨੂੰ ਠੱਲ੍ਹ ਪਾਉਣ ਲਈ ਹਰ ਨਾਗਰਿਕ ਨੂੰ ਆਪਣੇ ਫ਼ਰਜ਼ ਇਮਾਨਦਾਰੀ ਨਾਲ ਨਿਭਾਉਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਆਪਣੇ ਆਚਰਨ ਵਿੱਚ ਸੱਚਾਈ ਅਤੇ ਨੈਤਿਕਤਾ ਨੂੰ ਥਾਂ ਦੇ ਕੇ ਸਮਾਜ ਵਿੱਚ ਉਸਾਰੂ ਤਬਦੀਲੀ ਲਿਆਉਣ ਵਿੱਚ ਅਹਿਮ ਯੋਗਦਾਨ ਪਾ ਸਕਦੀ ਹੈ। ਸੈਮੀਨਾਰ ਦੌਰਾਨ ਆਨਲਾਈਨ ਬੈਂਕਿੰਗ, ਯੂ.ਪੀ.ਆਈ ਅਤੇ ਹੋਰ ਡਿਜੀਟਲ ਭੁਗਤਾਨ ਸਾਧਨਾਂ ਦੀ ਸੁਰੱਖਿਅਤ ਵਰਤੋਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਸੁਚੇਤ ਕੀਤਾ ਗਿਆ ਕਿ ਉਹ ਅਣਜਾਣ ਲਿੰਕਾਂ ’ਤੇ ਕਲਿੱਕ ਨਾ ਕਰਨ,ਆਪਣਾ ਓ.ਟੀ.ਪੀ ਪਾਸਵਰਡ ਜਾਂ ਬੈਂਕਿੰਗ ਨਾਲ ਸਬੰਧਤ ਗੁਪਤ ਜਾਣਕਾਰੀ ਕਿਸੇ ਨਾਲ ਸਾਂਝੀ ਨਾ ਕਰਨ। ਕਿਸੇ ਸ਼ੱਕੀ ਲੈਣ-ਦੇਣ ਦੀ ਸੂਰਤ ਵਿੱਚ ਤੁਰੰਤ ਬੈਂਕ ਨਾਲ ਸੰਪਰਕ ਕਰਨ ਦੀ ਸਲਾਹ ਵੀ ਦਿੱਤੀ ਗਈ। ਸਮਾਗਮ ਦਾ ਮੰਚ ਸੰਚਾਲਨ ਪ੍ਰੋਫੈਸਰ ਹਰਮਨਦੀਪ ਸਿੰਘ ਅਤੇ ਪ੍ਰੋਫੈਸਰ ਮਨਪ੍ਰੀਤ ਕੌਰ ਨੇ ਬਾਖ਼ੂਬੀ ਕੀਤਾ। ਅੰਤ ਵਿੱਚ ਵਿਦਿਆਰਥੀਆਂ ਨੇ ਇਮਾਨਦਾਰੀ ਨਾਲ ਆਪਣੇ ਫ਼ਰਜ਼ ਨਿਭਾਉਣ ਅਤੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਫੈਲਾਉਣ ਦੀ ਸਹੁੰ ਚੁੱਕੀ। ਡਾਇਰੈਕਟਰ ਡਾ. ਸੁਖਦੇਵ ਸਿੰਘ ਤੇ ਪ੍ਰਿੰਸੀਪਲ ਡਾ. ਵੀਰਪਾਲ ਨੇ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਨੂੰ ਜ਼ਿੰਮੇਵਾਰ, ਇਮਾਨਦਾਰ ਤੇ ਜਾਗਰੂਕ ਨਾਗਰਿਕ ਬਣਾਉਣ ਵਿੱਚ ਸਹਾਈ ਹੁੰਦੇ ਹਨ। ਅੰਤ ਵਿੱਚ ਚੇਅਰਮੈਨ ਗੁਰਚਰਨ ਸਿੰਘ ਅਤੇ ਸਵਰਨ ਸਿੰਘ ਨੇ ਸਮਾਗਮ ਦੀ ਸਫ਼ਲਤਾ ਲਈ ਬੈਂਕ ਅਧਿਕਾਰੀਆਂ, ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਦੇ ਸਹਿਯੋਗ ਦੀ ਸ਼ਲਾਘਾ ਕੀਤੀ।