ਭਾਖੜਾ ਡੈਮ ਦੇ ਪਾਣੀ ਨੇ ਵਧਾਈ ਚਿੰਤਾ
ਭਾਖੜਾ ਡੈਮ ਦੇ ਪਾਣੀ ਨੇ ਵਧਾਈ ਚਿੰਤਾ, ਹਰ ਸਾਲ ਕਿਉਂ ਡੁੱਬਦਾ ਹੈ ਪੰਜਾਬ ਦਾ ਕਿਸਾਨ?
Publish Date: Sun, 17 May 2026 04:16 PM (IST)
Updated Date: Sun, 17 May 2026 04:18 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਭਾਖੜਾ ਡੈਮ ਵਿਚ ਲਗਾਤਾਰ ਵੱਧ ਰਹੇ ਪਾਣੀ ਦੇ ਪੱਧਰ ਅਤੇ ਆਉਣ ਵਾਲੇ ਦਿਨਾਂ ਵਿਚ ਝੋਨੇ ਦੀ ਬਿਜਾਈ ਦੇ ਮੌਸਮ ਨੂੰ ਦੇਖਦਿਆਂ ਪੰਜਾਬ ਦੇ ਦਰਿਆਈ ਖੇਤਰਾਂ ਵਿਚ ਹੜ੍ਹਾਂ ਦਾ ਖ਼ਤਰਾ ਮੰਡਰਾਉਣ ਲੱਗ ਪਿਆ ਹੈ। ਇਸ ਸੰਭਾਵਿਤ ਸੰਕਟ ਨੂੰ ਲੈ ਕੇ ਭਾਰਤੀ ਕਿਸਾਨੀ ਯੂਨੀਅਨ ਪੰਜਾਬ ਨੇ ਗੰਭੀਰ ਚਿੰਤਾ ਜਤਾਉਂਦਿਆਂ ਸਰਕਾਰ ਅਤੇ ਡੈਮ ਪ੍ਰਬੰਧਕਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਹਨ। ਯੂਨੀਅਨ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂਵਾਲਾ ਅਤੇ ਆਈ.ਟੀ. ਸੈੱਲ ਦੇ ਸੂਬਾ ਇੰਚਾਰਜ ਗੈਰੀ ਸਿੰਘ ਬੰਡਾਲਾ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਭਾਖੜਾ ਡੈਮ ਦੇ ਪ੍ਰਬੰਧਨ ’ਚ ਪੰਜਾਬ ਦੀ ਸੀਧੀ ਭੂਮਿਕਾ ਨਾ ਹੋਣ ਕਾਰਨ ਸਭ ਤੋਂ ਵੱਧ ਮਾਰ ਪੰਜਾਬ ਦੇ ਕਿਸਾਨਾਂ ਨੂੰ ਝੱਲਣੀ ਪੈਂਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਿਨਾਂ ਲੰਬੀ ਯੋਜਨਾਬੰਦੀ ਅਤੇ ਚੇਤਾਵਨੀ ਪ੍ਰਣਾਲੀ ਦੇ ਅਚਾਨਕ ਵੱਡੀ ਮਾਤਰਾ ਵਿਚ ਪਾਣੀ ਛੱਡਿਆ ਜਾਂਦਾ ਹੈ, ਜਿਸ ਨਾਲ ਦਰਿਆਈ ਪੱਟੀ ਦੇ ਪਿੰਡਾਂ ਵਿੱਚ ਹਰ ਸਾਲ ਹੜ੍ਹਾਂ ਵਰਗੇ ਹਾਲਾਤ ਬਣ ਜਾਂਦੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਹੜ੍ਹਾਂ ਦੌਰਾਨ ਬਰਬਾਦ ਹੋਏ ਕਿਸਾਨ ਅਜੇ ਤੱਕ ਸਰਕਾਰੀ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ। ਫ਼ਸਲਾਂ, ਘਰਾਂ ਅਤੇ ਪਸ਼ੂਆਂ ਦੇ ਨੁਕਸਾਨ ਦੇ ਬਾਵਜੂਦ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਨਾ ਮਿਲਣ ਕਾਰਨ ਲੋਕ ਆਰਥਿਕ ਤੰਗੀ ਅਤੇ ਅਸੁਰੱਖਿਆ ਵਿਚ ਜੀਵਨ ਬਤੀਤ ਕਰਨ ਲਈ ਮਜ਼ਬੂਰ ਹਨ। ਯੂਨੀਅਨ ਨੇ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਮੰਗ ਕੀਤੀ ਕਿ ਪਿਛਲੇ ਹੜ੍ਹਾਂ ਦਾ ਬਣਦਾ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ ਅਤੇ ਭਾਖੜਾ ਡੈਮ ਦੇ ਪਾਣੀ ਦੇ ਨਿਕਾਸ ਲਈ ਵਿਗਿਆਨਕ ਅਤੇ ਪਾਰਦਰਸ਼ੀ ਪ੍ਰਬੰਧਨ ਯਕੀਨੀ ਬਣਾਇਆ ਜਾਵੇ। ਆਗੂਆਂ ਨੇ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨੂੰ ਅਣਡਿੱਠਾ ਕੀਤਾ ਗਿਆ ਤਾਂ ਸੂਬਾ ਪੱਧਰ ’ਤੇ ਤਿੱਖਾ ਸੰਘਰਸ਼ ਛੇੜਿਆ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।