ਅੰਨਦਾਤਾ ਰਾਤਾਂ ਮੰਡੀ ’ਚ ਬਿਤਾਉਣ ਲਈ ਮਜ਼ਬੂਰ : ਅਭਿਸ਼ੇਕ ਧਵਨ ਭਾਜਪਾ ਆਗੂ ਅਭਿਸ਼ੇਕ ਧਵਨ ਨੇ ਦਾਣਾ ਮੰਡੀ ਪਹੁੰਚ ਕੇ ਸੁਣੀਆਂ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ
Publish Date: Sun, 15 Nov 2026 04:37 PM (IST)
Updated Date: Sun, 15 Nov 2026 04:39 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੌਜਵਾਨ ਆਗੂ ਅਭਿਸ਼ੇਕ ਧਵਨ ਨੇ ਐਤਵਾਰ ਨੂੰ ਫ਼ਿਰੋਜ਼ਪੁਰ ਛਾਉਣੀ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਅਤੇ ਉੱਥੇ ਮੌਜ਼ੂਦ ਕਿਸਾਨਾਂ ਤੇ ਆੜ੍ਹਤੀਆਂ ਦੇ ਵਿਚਕਾਰ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ। ਮੰਡੀ ਵਿੱਚ ਪਿਛਲੇ ਕਈ ਦਿਨਾਂ ਤੋਂ ਖ਼ਰੀਦ ਪ੍ਰਕਿਰਿਆ ਬੰਦ ਰਹਿਣ ਅਤੇ ਲੋੜੀਂਦੇ ਪ੍ਰਬੰਧ ਨਾ ਹੋਣ ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਅਭਿਸ਼ੇਕ ਧਵਨ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਕਿਸਾਨਾਂ ਦੀ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਅੱਜ ਅੰਨਦਾਤਾ ਆਪਣੀ ਫ਼ਸਲ ਵੇਚਣ ਲਈ ਭਾਰੀ ਪ੍ਰੇਸ਼ਾਨੀ ਝੱਲ ਰਿਹਾ ਹੈ ਅਤੇ ਉਸ ਨੂੰ ਆਪਣੀਆਂ ਰਾਤਾਂ ਮੰਡੀ ਵਿੱਚ ਹੀ ਬਿਤਾਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਇਸ ਮੌਕੇ ਦਾਣਾ ਮੰਡੀ ਵਿੱਚ ਇਕੱਠੇ ਹੋਏ ਕਿਸਾਨਾਂ ਅਤੇ ਆੜ੍ਹਤੀਆਂ ਨੇ ਅਭਿਸ਼ੇਕ ਧਵਨ ਨੂੰ ਦੱਸਿਆ ਕਿ ਖ਼ਰੀਦ ਬੰਦ ਹੋਣ ਕਾਰਨ ਮੰਡੀ ਵਿੱਚ ਫ਼ਸਲਾਂ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ। ਆਪਣੀ ਫ਼ਸਲ ਵਿਕਣ ਦੀ ਉਡੀਕ ਵਿੱਚ ਕਿਸਾਨਾਂ ਨੂੰ ਲੰਮੇ ਸਮੇਂ ਤੱਕ ਇੰਤਜ਼ਾਰ ਕਰਨਾ ਪੈ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਮੰਡੀ ਵਿੱਚ ਜ਼ਰੂਰੀ ਸਹੂਲਤਾਂ ਅਤੇ ਢੁੱਕਵੇਂ ਪ੍ਰਬੰਧਾਂ ਦੀ ਘਾਟ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਹੋਰ ਵੀ ਵਧੇਰੇ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਭਿਸ਼ੇਕ ਧਵਨ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਕਿਸਾਨ ਦਿਨ-ਰਾਤ ਸਖ਼ਤ ਮਿਹਨਤ ਕਰਕੇ ਪੂਰੇ ਦੇਸ਼ ਲਈ ਅਨਾਜ ਪੈਦਾ ਕਰਦਾ ਹੈ, ਪਰ ਮੰਡੀਆਂ ਵਿੱਚ ਉਸ ਨੂੰ ਆਪਣੀ ਹੀ ਫ਼ਸਲ ਵੇਚਣ ਲਈ ਸਖ਼ਤ ਸੰਘਰਸ਼ ਕਰਨਾ ਪੈ ਰਿਹਾ ਹੈ। ਇਹ ਸਥਿਤੀ ਸਰਕਾਰ ਦੀ ਕਾਰਜਪ੍ਰਣਾਲੀ ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ ਕਿ ਆਖ਼ਰ ਕਿਸਾਨਾਂ ਦੀ ਸਾਰ ਕਿਉਂ ਨਹੀਂ ਲਈ ਜਾ ਰਹੀ। ਅਭਿਸ਼ੇਕ ਧਵਨ ਨੇ ਕਿਹਾ ਕਿ ਸਾਲ 2027 ਵਿੱਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨ ’ਤੇ ਕਿਸਾਨਾਂ ਅਤੇ ਆੜ੍ਹਤੀਆਂ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਮੰਡੀਆਂ ਵਿੱਚ ਫ਼ਸਲਾਂ ਦੀ ਖ਼ਰੀਦ ਪ੍ਰਕਿਰਿਆ ਅਤੇ ਹੋਰ ਸਮੁੱਚੇ ਪ੍ਰਬੰਧਾਂ ਨੂੰ ਹੋਰ ਬਿਹਤਰ ਤੇ ਸੁਚਾਰੂ ਬਣਾਇਆ ਜਾਵੇਗਾ, ਤਾਂ ਜੋ ਭਵਿੱਖ ਵਿੱਚ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਜਾਂ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।