ਫਿਰੋਜ਼ਪੁਰ ਛਾਉਣੀ ਵਿਖੇ ਭਾਜਪਾ ਰਾਸ਼ਟਰੀ ਮਜ਼ਦੂਰ ਸੈੱਲ ਨੇ ਕੀਤੀ ਪਰਿਵਰਤਨ ਰੈਲੀ
ਫਿਰੋਜ਼ਪੁਰ ਛਾਉਣੀ ਵਿਚ ਭਾਜਪਾ ਰਾਸ਼ਟਰੀ ਮਜ਼ਦੂਰ ਸੈੱਲ ਦੀ ਪਰਿਵਰਤਨ ਰੈਲੀ, ਕੇਂਦਰ ਦੀਆਂ ਯੋਜਨਾਵਾਂ ਦੀ ਜਾਣਕਾਰੀ
Publish Date: Fri, 16 Jan 2026 06:41 PM (IST)
Updated Date: Fri, 16 Jan 2026 06:43 PM (IST)

ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ ਫਿਰੋਜ਼ਪੁਰ : ਫਿਰੋਜ਼ਪੁਰ ਛਾਉਣੀ ਦੇ ਇਕ ਨਿੱਜੀ ਰਿਸੋਰਟ ਵਿਚ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਮਜ਼ਦੂਰ ਸੈੱਲ ਵੱਲੋਂ ਪਰਿਵਰਤਨ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿਚ ਵੱਡੀ ਗਿਣਤੀ ਵਿੱਚ ਮਜ਼ਦੂਰ ਵਰਗ, ਪਾਰਟੀ ਕਾਰਕੁਨ ਅਤੇ ਸਥਾਨਕ ਆਗੂ ਸ਼ਾਮਲ ਹੋਏ।ਰੈਲੀ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰੀ ਮਜ਼ਦੂਰ ਸੈੱਲ ਦੇ ਚੇਅਰਮੈਨ ਡਾ. ਬਿਸ਼ਵਪ੍ਰਿਯੋ ਰਾਏ ਚੌਧਰੀ ਨੇ ਕਿਹਾ ਕਿ ਕੇਂਦਰ ਸਰਕਾਰ ਮਜ਼ਦੂਰ ਵਰਗ ਦੀ ਭਲਾਈ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕ ਰਹੀ ਹੈ। ਉਨ੍ਹਾਂ ਨੇ ਜੇ ਰਾਮ ਜੀ ਯੋਜਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਯੋਜਨਾ ਨਾਲ ਮਜ਼ਦੂਰਾਂ ਨੂੰ ਸਮਾਜਿਕ ਤੇ ਆਰਥਿਕ ਸੁਰੱਖਿਆ ਮਿਲ ਰਹੀ ਹੈ ਅਤੇ ਉਨ੍ਹਾਂ ਦਾ ਜੀਵਨ ਪੱਧਰ ਸੁਧਰ ਰਿਹਾ ਹੈ।ਰਾਸ਼ਟਰੀ ਮਜ਼ਦੂਰ ਸੈੱਲ ਦੇ ਰਾਸ਼ਟਰੀ ਪ੍ਰਧਾਨ ਡਾ. ਅਰਨਵ ਚੈਟਰਜੀ ਨੇ ਕਿਹਾ ਕਿ ਇਹ ਯੋਜਨਾ ਮਜ਼ਦੂਰਾਂ ਦੇ ਭਵਿੱਖ ਨੂੰ ਮਜ਼ਬੂਤ ਅਤੇ ਸੁਰੱਖਿਅਤ ਬਣਾਉਣ ਵਾਲੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਗਰੀਬ ਅਤੇ ਮਿਹਨਤੀ ਵਰਗ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਉਨ੍ਹਾਂ ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਯੋਜਨਾਵਾਂ ਦਾ ਵਿਰੋਧ ਸਿਰਫ਼ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਦਾ ਢੋਂਗ ਹੈ। ਇਸ ਮੌਕੇ ਸੁਖਦੇਵ ਸਿੰਘ ਸੰਧੂ ਨੂੰ ਭਾਰਤੀ ਜਨਤਾ ਪਾਰਟੀ ਮਜ਼ਦੂਰ ਸੈੱਲ ਦਾ ਪ੍ਰਧਾਨ ਬਣਾਏ ਜਾਣ ਦਾ ਐਲਾਨ ਕੀਤਾ ਗਿਆ। ਨਵ-ਨਿਯੁਕਤ ਪ੍ਰਧਾਨ ਸੁਖਦੇਵ ਸਿੰਘ ਸੰਧੂ ਨੇ ਕਿਹਾ ਕਿ ਉਹ ਮਜ਼ਦੂਰ ਵਰਗ ਦੀਆਂ ਸਮੱਸਿਆਵਾਂ ਨੂੰ ਪਾਰਟੀ ਅਤੇ ਸਰਕਾਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਰੈਲੀ ਨੂੰ ਭਾਜਪਾ ਮਜ਼ਦੂਰ ਸੈੱਲ ਦੇ ਰਾਸ਼ਟਰੀ ਸਕੱਤਰ ਅੰਗਰੇਜ਼ ਸਿੰਘ ਵੜਵਾਲ ਨੇ ਵੀ ਸੰਬੋਧਨ ਕੀਤਾ। ਰੈਲੀ ’ਚ ਆਗੂਆਂ ਨੇ ਮਜ਼ਦੂਰ ਵਰਗ ਨੂੰ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਪਰਿਵਰਤਨ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ।