ਕਿਸਾਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਵਿਰੁੱਧ ਭਲ਼ਕੇ ਫੂਕਿਆ ਜਾਵੇਗਾ ਸੀਐੱਮ ਦਾ ਪੁਤਲਾ : ਬੀਕੇਯੂ
ਕਿਸਾਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਵਿਰੁੱਧ ਬੀਕੇਯੂ ਏਕਤਾ ਸਿੱਧੂਪੁਰ 30 ਮਾਰਚ ਨੂੰ ਫੂਕੇਗੀ ਮੁੱਖ ਮੰਤਰੀ ਦਾ ਪੁਤਲਾ
Publish Date: Sat, 28 Mar 2026 05:55 PM (IST)
Updated Date: Sat, 28 Mar 2026 05:56 PM (IST)

ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪੰਜਾਬ ਭਰ ਵਿਚ ਲੈਂਡ ਮਾਰਗੇਜ ਬੈਂਕਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜ਼ਿਲ੍ਹਾ ਕਮੇਟੀ ਆਗੂ ਰਣਜੀਤ ਸਿੰਘ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 30 ਮਾਰਚ ਨੂੰ ਦੁਪਹਿਰ 12 ਤੋਂ 4 ਵਜੇ ਤੱਕ ਸੂਬੇ ਭਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਜਾਣਗੇ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਚਲਾਈ ਮੁਹਿੰਮ ਤਹਿਤ ਕਿਸਾਨਾਂ ਨੂੰ ਜ਼ਮੀਨਾਂ ਦੀ ਕੁਰਕੀ ਅਤੇ ਨਿਲਾਮੀ ਦੇ ਨੋਟਿਸ ਭੇਜੇ ਜਾ ਰਹੇ ਹਨ। ਇਸੇ ਮਾਨਸਿਕ ਪ੍ਰੇਸ਼ਾਨੀ ਕਾਰਨ ਪਿੰਡ ਹਰੀ ਨੌਂ ਦੇ ਦੋ ਸਕੇ ਭਰਾਵਾਂ ਨੇ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲਈ। ਜੱਥੇਬੰਦੀ ਨੇ ਮੰਗ ਕੀਤੀ ਹੈ ਕਿ ਸਬੰਧਤ ਬੈਂਕ ਮੈਨੇਜਰ ਖ਼ਿਲਾਫ਼ ਇਰਾਦਾ-ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਹੋਰ ਕਿਸਾਨ ਅਜਿਹਾ ਕਦਮ ਚੁੱਕਣ ਲਈ ਮਜ਼ਬੂਰ ਨਾ ਹੋਵੇ। ਬਲਾਕ ਪ੍ਰਧਾਨ ਮਮਦੋਟ ਸਾਬ ਸਿੰਘ ਨੇ ਬੈਂਕਾਂ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਲੋਨ ਵੇਲੇ ਜ਼ਮੀਨ ਦੀ ਰਜਿਸਟਰੀ ਬੈਂਕ ਕੋਲ ਹੁੰਦੀ ਹੈ, ਤਾਂ ਖਾਲੀ ਸਾਈਨ ਕੀਤੇ ਚੈੱਕ ਲੈਣਾ ਕਾਨੂੰਨੀ ਅਪਰਾਧ ਹੈ। ਇਨ੍ਹਾਂ ਚੈੱਕਾਂ ਰਾਹੀਂ ਕਿਸਾਨਾਂ ਨੂੰ ਅਦਾਲਤਾਂ ਵਿਚ ਘਸੀਟ ਕੇ ਜਲੀਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਡਾ. ਸੁਆਮੀਨਾਥਨ ਦੀ ਰਿਪੋਰਟ ਅਨੁਸਾਰ ਫਸਲਾਂ ਦੇ ਭਾਅ ਦੇਵੇ, ਤਾਂ ਕਿਸਾਨਾਂ ਸਿਰ ਚੜ੍ਹਿਆ ਹਜ਼ਾਰਾਂ ਕਰੋੜ ਦਾ ਕਰਜ਼ਾ ਆਪਣੇ ਆਪ ਲੱਥ ਸਕਦਾ ਹੈ। ਸਿੱਧੂਪੁਰ ਜੱਥੇਬੰਦੀ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਕੀਮਤ ’ਤੇ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਫਿਰੋਜ਼ਪੁਰ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੋਮਵਾਰ 30 ਮਾਰਚ ਨੂੰ ਵੱਡੀ ਗਿਣਤੀ ਵਿਚ ਲੈਂਡ ਮਾਰਗੇਜ ਬੈਂਕਾਂ ਅੱਗੇ ਪਹੁੰਚਣ ਤਾਂ ਜੋ ਸਰਕਾਰ ਅਤੇ ਬੈਂਕਾਂ ਦੀਆਂ ਮਾਰੂ ਨੀਤੀਆਂ ਨੂੰ ਠੱਲ੍ਹ ਪਾਈ ਜਾ ਸਕੇ।